ਤਾਜਾ ਖਬਰਾਂ
ਪੰਜਾਬ ਦੇ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (IG) ਡਾ. ਅਮਰ ਸਿੰਘ ਚਾਹਲ ਨਾਲ ਜੁੜੇ 8.10 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ ਮਾਮਲੇ ਵਿੱਚ ਸਾਈਬਰ ਕ੍ਰਾਈਮ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਮਹਾਰਾਸ਼ਟਰ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਇਸ ਮਾਮਲੇ ਨਾਲ ਸੰਬੰਧਿਤ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ 7 ਮੁਲਜ਼ਮਾਂ ਵਿੱਚੋਂ 6 ਨੂੰ ਅੱਜ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਸਾਈਬਰ ਕ੍ਰਾਈਮ ਪੁਲਿਸ ਵੱਲੋਂ ਕੀਤੀ ਗਈ ਦਲੀਲਾਂ ਤੋਂ ਬਾਅਦ ਅਦਾਲਤ ਨੇ 4 ਮੁਲਜ਼ਮਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ। ਬਾਕੀ ਦੋ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਮੁਲਜ਼ਮਾਂ ਵਿੱਚ ਚੰਦਰਕਾਂਤ ਅਤੇ ਸੋਮਨਾਥ ਸ਼ਾਮਲ ਹਨ। ਜਾਣਕਾਰੀ ਮੁਤਾਬਕ, ਚੰਦਰਕਾਂਤ ਦੀ ਸਿਹਤ ਅਚਾਨਕ ਵਿਗੜ ਗਈ ਸੀ ਅਤੇ ਉਸਨੂੰ ਸ਼ੂਗਰ ਦਾ ਦੌਰਾ ਪੈਣ ਤੋਂ ਬਾਅਦ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਵਾਰਡ ਨੰਬਰ 2 ਵਿੱਚ ਦਾਖਲ ਕਰਵਾਇਆ ਗਿਆ ਹੈ।
ਉੱਥੇ ਹੀ, ਪ੍ਰਤੀਕ, ਆਸ਼ੀਸ਼ ਪਾਂਡੇ, ਰਣਜੀਤ ਸਿੰਘ ਅਤੇ ਮੁਹੰਮਦ ਸ਼ਰੀਫ ਨੂੰ ਪੁਲਿਸ ਹਿਰਾਸਤ ਵਿੱਚ ਭੇਜਿਆ ਗਿਆ ਹੈ, ਜਿਨ੍ਹਾਂ ਤੋਂ ਰਿਮਾਂਡ ਦੌਰਾਨ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਸਾਈਬਰ ਧੋਖਾਧੜੀ ਨੈੱਟਵਰਕ ਨਾਲ ਜੁੜੇ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਸਾਬਕਾ IG ਡਾ. ਅਮਰ ਸਿੰਘ ਚਾਹਲ ਨਾਲ ਕਰੀਬ 8.10 ਕਰੋੜ ਰੁਪਏ ਦੀ ਵੱਡੀ ਸਾਈਬਰ ਧੋਖਾਧੜੀ ਹੋਈ ਸੀ। ਇਸ ਵੱਡੇ ਝਟਕੇ ਤੋਂ ਆਹਤ ਹੋ ਕੇ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਸਮੇਂ ਸਿਰ ਮਿਲੀ ਡਾਕਟਰੀ ਸਹਾਇਤਾ ਕਾਰਨ ਉਨ੍ਹਾਂ ਦੀ ਜਾਨ ਬਚ ਗਈ।
ਇਸ ਘਟਨਾ ਤੋਂ ਬਾਅਦ ਪਟਿਆਲਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਾਈਬਰ ਸੈੱਲ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਪਤਾ ਲੱਗਿਆ ਕਿ ਧੋਖਾਧੜੀ ਰਾਹੀਂ ਹਾਸਲ ਕੀਤੀ ਗਈ ਰਕਮ ਵਿੱਚੋਂ ਲਗਭਗ 3 ਕਰੋੜ ਰੁਪਏ ਵੱਖ-ਵੱਖ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਗਏ ਸਨ।
ਪੁਲਿਸ ਵੱਲੋਂ ਬਣਾਈਆਂ ਗਈਆਂ ਵਿਸ਼ੇਸ਼ ਟੀਮਾਂ ਨੇ ਤਕਨੀਕੀ ਜਾਂਚ ਅਤੇ ਬੈਂਕ ਖਾਤਿਆਂ ਦੇ ਲੈਣ-ਦੇਣ ਦੀ ਡੂੰਘੀ ਛਾਨਬੀਨ ਕੀਤੀ, ਜਿਸ ਦੌਰਾਨ ਮਹਾਰਾਸ਼ਟਰ ਨਾਲ ਜੁੜੇ ਅਹਿਮ ਲਿੰਕ ਸਾਹਮਣੇ ਆਏ। ਇਸ ਦੇ ਆਧਾਰ ’ਤੇ ਪੁਲਿਸ ਟੀਮਾਂ ਨੇ ਮਹਾਰਾਸ਼ਟਰ ਵਿੱਚ ਕਈ ਥਾਵਾਂ ’ਤੇ ਛਾਪੇ ਮਾਰ ਕੇ ਮੁਲਜ਼ਮਾਂ ਨੂੰ ਕਾਬੂ ਕੀਤਾ।
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਬਹੁਤ ਹੀ ਯੋਜਨਾਬੱਧ ਅਤੇ ਸ਼ਾਤਰਾਨਾ ਤਰੀਕੇ ਨਾਲ ਸਾਈਬਰ ਅਪਰਾਧ ਨੂੰ ਅੰਜਾਮ ਦੇ ਰਹੇ ਸਨ। ਉਹ ਪੁਲਿਸ ਤੋਂ ਬਚਣ ਲਈ ਜਾਅਲੀ ਬੈਂਕ ਖਾਤਿਆਂ ਅਤੇ ਫਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਦੇ ਸਨ। ਗ੍ਰਿਫ਼ਤਾਰੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਮੋਬਾਈਲ ਫੋਨ, ਸਿਮ ਕਾਰਡ ਅਤੇ ਹੋਰ ਅਹਿਮ ਦਸਤਾਵੇਜ਼ ਬਰਾਮਦ ਕੀਤੇ ਹਨ, ਜੋ ਸਾਈਬਰ ਧੋਖਾਧੜੀ ਵਿੱਚ ਵਰਤੇ ਗਏ ਸਨ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਹਾਲੇ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਸਾਈਬਰ ਧੋਖਾਧੜੀ ਰੈਕੇਟ ਨਾਲ ਜੁੜੇ ਹੋਰ ਵੱਡੇ ਨਾਮ ਵੀ ਸਾਹਮਣੇ ਆ ਸਕਦੇ ਹਨ।
Get all latest content delivered to your email a few times a month.