ਤਾਜਾ ਖਬਰਾਂ
ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਿਤ ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਹੋਈ ਤਿੱਖੀ ਮੁਠਭੇੜ ਦੌਰਾਨ ਇਸ ਮਾਮਲੇ ਦਾ ਮੁੱਖ ਸ਼ੂਟਰ ਸੁਖਰਾਜ ਸਿੰਘ ਉਰਫ਼ ਗੂੰਗਾ ਗੋਲੀ ਲੱਗਣ ਕਾਰਨ ਮਾਰਿਆ ਗਿਆ, ਜਦਕਿ ਇੱਕ ਪੁਲਿਸ ਕਰਮਚਾਰੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ।
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ, ਸੁਖਰਾਜ ਗੂੰਗਾ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਅੰਮ੍ਰਿਤਸਰ ਦੇ ਜੇਠੂਵਾਲ ਨਹਿਰ ਨੇੜੇ ਲਿਆਂਦਾ ਗਿਆ ਸੀ। ਇਸ ਦੌਰਾਨ ਅਚਾਨਕ ਮੋਟਰਸਾਈਕਲ ’ਤੇ ਸਵਾਰ ਉਸ ਦੇ ਦੋ ਸਾਥੀ ਉਥੇ ਪਹੁੰਚ ਗਏ ਅਤੇ ਸ਼ੂਟਰ ਨੂੰ ਛੁਡਾਉਣ ਦੀ ਨੀਅਤ ਨਾਲ ਪੁਲਿਸ ਪਾਰਟੀ ’ਤੇ ਗੋਲੀਆਂ ਚਲਾਉਣ ਲੱਗ ਪਏ। ਪੁਲਿਸ ਨੇ ਤੁਰੰਤ ਮੋਰਚਾ ਸੰਭਾਲਦੇ ਹੋਏ ਜਵਾਬੀ ਫਾਇਰਿੰਗ ਕੀਤੀ।
ਇਸ ਗੋਲੀਬਾਰੀ ਦੌਰਾਨ ਬਦਮਾਸ਼ਾਂ ਵੱਲੋਂ ਪੁਲਿਸ ’ਤੇ ਕੁੱਲ 6 ਗੋਲੀਆਂ ਚਲਾਈਆਂ ਗਈਆਂ, ਜਦਕਿ ਪੁਲਿਸ ਨੇ ਆਪਣੀ ਸੁਰੱਖਿਆ ਲਈ 10 ਰਾਊਂਡ ਫਾਇਰ ਕੀਤੇ। ਮੁਠਭੇੜ ਦੌਰਾਨ ਸੁਖਰਾਜ ਗੂੰਗਾ ਨੇ ਇੱਕ ਪੁਲਿਸ ਕਰਮੀ ਤੋਂ ਪਿਸਤੌਲ ਖੋਹ ਕੇ ਫਾਇਰ ਕੀਤਾ, ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਗੋਲੀ ਉਸਨੂੰ ਲੱਗੀ ਅਤੇ ਉਸ ਦੀ ਮੌਤ ਹੋ ਗਈ। ਹਾਲਾਂਕਿ ਮੋਟਰਸਾਈਕਲ ’ਤੇ ਆਏ ਦੋਵੇਂ ਸਾਥੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਸਰਪੰਚ ਜਰਮਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਇਸ ਕੇਸ ਵਿੱਚ ਪੁਲਿਸ ਪਹਿਲਾਂ ਹੀ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਿਨ੍ਹਾਂ ਵਿੱਚ ਦੋ ਮੁੱਖ ਸ਼ੂਟਰ ਵੀ ਸ਼ਾਮਲ ਸਨ। ਦੋਵੇਂ ਨੂੰ ਛੱਤੀਸਗੜ੍ਹ ਦੇ ਰਾਏਪੁਰ ਤੋਂ ਗ੍ਰਿਫ਼ਤਾਰ ਕਰਕੇ ਟਰਾਂਜ਼ਿਟ ਰਿਮਾਂਡ ’ਤੇ ਅੰਮ੍ਰਿਤਸਰ ਲਿਆਂਦਾ ਗਿਆ ਸੀ।
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਪ੍ਰਭ ਦਾਸੁਵਾਲ ਗੈਂਗ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ। ਸਰਪੰਚ ਜਰਮਲ ਸਿੰਘ ਅਤੇ ਪ੍ਰਭ ਦਾਸੁਵਾਲ ਵਿਚਕਾਰ ਫੋਨ ਕਾਲਾਂ ਰਾਹੀਂ ਕਈ ਵਾਰ ਸੰਪਰਕ ਹੋਣ ਦੇ ਸਬੂਤ ਵੀ ਮਿਲੇ ਹਨ। ਪੁਲਿਸ ਇਸ ਪੂਰੇ ਗੈਂਗ ਨੈਟਵਰਕ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।
ਫਰਾਰ ਬਦਮਾਸ਼ਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਜਾਰੀ ਹੈ। ਅੰਮ੍ਰਿਤਸਰ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਕਾਨੂੰਨ ਵਿਵਸਥਾ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਤੱਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਜਾਰੀ ਰਹੇਗੀ।
Get all latest content delivered to your email a few times a month.