ਤਾਜਾ ਖਬਰਾਂ
ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮਾਮਲੇ ਨੇ ਪੰਜਾਬ ਵਿੱਚ ਚਿੰਤਾ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਬਰਿੰਦਰ ਗੋਇਲ ਨੇ ਸਪਸ਼ਟ ਅਤੇ ਸਖ਼ਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਤੱਤ ਜਾਣ-ਬੁੱਝ ਕੇ ਸੂਬੇ ਦੀ ਅਮਨ-ਸ਼ਾਂਤੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਉਹਨਾਂ ਦੇ ਮਨਸੂਬਿਆਂ ਨੂੰ ਕਿਸੇ ਵੀ ਸੂਰਤ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ।
ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਸਚੇਤ ਹੈ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ। ਉਨ੍ਹਾਂ ਦੋਹਰਾਇਆ ਕਿ ਜਿਹੜਾ ਵੀ ਅਸਮਾਜਿਕ ਅੰਸਰ, ਨਸ਼ਾ ਤਸਕਰ ਜਾਂ ਅਮਨ-ਸ਼ਾਂਤੀ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਕੜੀ ਤੋਂ ਕੜੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਅੱਜ ਵੀ ਦੇਸ਼ ਦੇ ਸਭ ਤੋਂ ਸ਼ਾਂਤਮਈ ਸੂਬਿਆਂ ਵਿੱਚੋਂ ਇੱਕ ਹੈ ਅਤੇ ਇੱਥੇ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ। ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਸਮਝੌਤਾ ਨਹੀਂ ਕਰੇਗੀ।
ਇਸ ਮੌਕੇ ਮੰਤਰੀ ਬਰਿੰਦਰ ਗੋਇਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼੍ਰੀ ਅਕਾਲ ਤਖਤ ਸਾਹਿਬ ਦੌਰੇ ’ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਅਸਥਾਨ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸਾਰੇ ਸਰਕਾਰੀ ਅਤੇ ਨਿੱਜੀ ਪ੍ਰੋਗਰਾਮ ਰੱਦ ਕਰਕੇ ਉੱਥੇ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਉੱਥੇ ਪੁੱਛੇ ਜਾਣ ਵਾਲੇ ਹਰ ਸਵਾਲ ਦਾ ਜਵਾਬ ਦੇਣਗੇ ਅਤੇ ਆਪਣਾ ਪੱਖ ਵੀ ਨਿਮਰਤਾ ਨਾਲ ਰੱਖਣਗੇ।
Get all latest content delivered to your email a few times a month.