ਤਾਜਾ ਖਬਰਾਂ
ਚੰਡੀਗੜ੍ਹ, 14 ਜਨਵਰੀ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸ਼ਹੀਦੀ ਮੇਲਿਆਂ ਦੌਰਾਨ ਰਾਜਨੀਤਿਕ ਪਾਰਟੀਆਂ ਵੱਲੋਂ ਸਿਆਸੀ ਕਾਨਫਰੰਸਾਂ ਕਰਨ ਦੇ ਮਸਲੇ ’ਤੇ ਸਪਸ਼ਟੀਕਰਨ ਦਿੱਤਾ ਜਾਵੇ।
ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਹੈ ਕਿ ਦਸੰਬਰ 2017 ਵਿੱਚ ਤਤਕਾਲੀ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਸਿਆਸੀ ਪਾਰਟੀਆਂ ਨੂੰ ਅਜਿਹੇ ਗੰਭੀਰ ਤੇ ਪਾਵਨ ਧਾਰਮਿਕ ਮੌਕਿਆਂ ਉੱਪਰ ਸਿਆਸੀ ਕਾਨਫਰੰਸਾਂ ਨਾ ਕਰਨ ਦੀ ਅਪੀਲ ਕੀਤੀ ਸੀ।
ਉਨ੍ਹਾਂ ਨੇ ਸਵਾਲ ਕੀਤਾ ਕਿ ਫਿਰ ਅੱਜ ਸ਼੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਸਿਆਸੀ ਕਾਨਫਰੰਸਾਂ ਕਿਵੇਂ ਕੀਤੀਆਂ? ਉਨ੍ਹਾਂ ਨੇ ਪੁੱਛਿਆ ਕਿ ਕੀ ਸ਼੍ਰੀ ਅਕਾਲ ਤਖ਼ਤ ਸਾਹਿਬ ਇਸਨੂੰ ਲੈ ਕੇ ਕਾਰਵਾਈ ਕਰਨਗੇ?
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਪੂਰਾ ਸਨਮਾਨ ਕਰਦੇ ਹੋਏ, ਕਾਂਗਰਸ ਪਾਰਟੀ ਨੇ 2017 ਤੋਂ ਬਾਅਦ ਕੋਈ ਵੀ ਸਿਆਸੀ ਕਾਨਫਰੰਸ ਨਹੀਂ ਕੀਤੀ ਹੈ।
ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਾਰੇ ਪੱਖਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਜਿਹੇ ਵਿੱਚ ਉਮੀਦ ਹੈ ਕਿ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਇਸ ਮਾਮਲੇ ’ਤੇ ਧਿਆਨ ਦੇਣਗੇ।
Get all latest content delivered to your email a few times a month.