ਤਾਜਾ ਖਬਰਾਂ
ਸੁਲਤਾਨਪੁਰ ਲੋਧੀ ਵਿੱਚ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਖੜੇ ਕਰਦਾ ਹੋਇਆ ਗੁੰਡਾਗਰਦੀ ਦਾ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਰੇਲਵੇ ਸਟੇਸ਼ਨ ਦੇ ਨੇੜੇ ਕਈ ਨੌਜਵਾਨਾਂ ਨੇ ਮਿਲ ਕੇ ਦੋ ਨੌਜਵਾਨਾਂ ਨੂੰ ਘੇਰ ਲਿਆ ਅਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਬੇਰਹਮੀ ਨਾਲ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨ ਲਹੂ-ਲੁਹਾਣ ਹੋ ਕੇ ਜ਼ਮੀਨ ’ਤੇ ਡਿੱਗ ਪਏ। ਇਸ ਸਨਸਨੀਖੇਜ਼ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਹਮਲੇ ਵਿੱਚ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ। ਇਕ ਨੌਜਵਾਨ ਦੀ ਨਾਜ਼ੁਕ ਹਾਲਤ ਦੇ ਚਲਦੇ ਉਸਨੂੰ ਕਪੂਰਥਲਾ ਰੈਫ਼ਰ ਕੀਤਾ ਗਿਆ, ਜਦਕਿ ਬਾਅਦ ਵਿੱਚ ਦੋਵੇਂ ਜ਼ਖ਼ਮੀ ਨੌਜਵਾਨਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜ਼ਖ਼ਮੀਆਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਵਿਜੇ ਕੁਮਾਰ ਵਜੋਂ ਹੋਈ ਹੈ।
ਇਸ ਮਾਮਲੇ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਦੀ ਐੱਸਐੱਚਓ ਸੋਨਮਦੀਪ ਕੌਰ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਰਨਦੀਪ ਸਿੰਘ, ਅਜੈ ਕੁਮਾਰ ਅਤੇ ਹਰਮਨਪ੍ਰੀਤ ਸਿੰਘ ਸਮੇਤ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਹੋਰ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਵੱਲੋਂ ਵਾਇਰਲ ਵੀਡੀਓ ਨੂੰ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
Get all latest content delivered to your email a few times a month.