ਤਾਜਾ ਖਬਰਾਂ
ਤਰਨ ਤਾਰਨ ਜ਼ਿਲ੍ਹੇ ਵਿੱਚ ਲੋਹੜੀ ਦੇ ਤਿਉਹਾਰ ਵਾਲੇ ਦਿਨ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਥਾਣਾ ਸਦਰ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਝੰਡੇਰ ਮਹਾਂ ਪੁਰਖਾ ਵਿੱਚ ਵਿਆਹੀ ਹੋਈ ਇੱਕ ਔਰਤ ਨੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਕੁਲਬੀਰ ਕੌਰ (34) ਪਤਨੀ ਮਨਤਾਜ ਸਿੰਘ ਵਾਸੀ ਜਮਾਲਪੁਰ ਵਜੋਂ ਹੋਈ ਹੈ। ਕੁਲਬੀਰ ਕੌਰ ਦੋ ਬੱਚਿਆਂ ਦੀ ਮਾਂ ਸੀ, ਜਿਸ ਵਿੱਚ ਇੱਕ ਧੀ ਪਵਨਦੀਪ ਕੌਰ ਅਤੇ ਇੱਕ ਪੁੱਤਰ ਜੋਬਨਜੀਤ ਸਿੰਘ (ਉਮਰ ਕਰੀਬ 9 ਸਾਲ) ਸ਼ਾਮਲ ਹਨ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਲਬੀਰ ਕੌਰ ਨੂੰ ਉਸਦਾ ਪਤੀ ਅਕਸਰ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ ਕਰਦਾ ਸੀ ਅਤੇ ਕਈ ਵਾਰ ਉਸਦੀ ਕੁੱਟਮਾਰ ਵੀ ਕੀਤੀ ਜਾਂਦੀ ਰਹੀ। ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਪਿੰਡ ਦੇ ਮੋਹਤਬਰ ਲੋਕਾਂ ਵੱਲੋਂ ਦੋਹਾਂ ਧਿਰਾਂ ਵਿੱਚ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਹਾਲਾਤਾਂ ਵਿੱਚ ਕੋਈ ਵੱਡਾ ਸੁਧਾਰ ਨਹੀਂ ਆਇਆ।
ਲੋਹੜੀ ਵਾਲੇ ਦਿਨ ਮੁੜ ਪਤੀ-ਪਤਨੀ ਵਿੱਚ ਝਗੜਾ ਹੋ ਗਿਆ, ਜਿਸ ਤੋਂ ਬਾਅਦ ਕੁਲਬੀਰ ਕੌਰ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਉਸਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਡਾਕਟਰਾਂ ਵੱਲੋਂ ਬਚਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸਦੀ ਮੌਤ ਹੋ ਗਈ।
ਮ੍ਰਿਤਕ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਥਾਣਾ ਸਦਰ ਤਰਨ ਤਾਰਨ ਦੇ ਐਸਐਚਓ ਗੁਰਚਰਨ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Get all latest content delivered to your email a few times a month.