ਤਾਜਾ ਖਬਰਾਂ
ਪਾਵਰ ਸੈਕਟਰ ਸਾਂਝੀ ਐਕਸ਼ਨ ਕਮੇਟੀ ਪੰਜਾਬ ਵੱਲੋਂ ਅੱਜ ਲੁਧਿਆਣਾ ਦੇ ਫਿਰੋਜ਼ਪੁਰ ਰੋਡ ’ਤੇ ਸਥਿਤ ਮੁੱਖ ਬਿਜਲੀ ਦਫ਼ਤਰ ਅੱਗੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿੱਚ ਬਿਜਲੀ ਵਿਭਾਗ ਦੇ ਸੈਂਕੜੇ ਕਰਮਚਾਰੀ ਅਤੇ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵਿਭਾਗ ਦੀਆਂ ਕੀਮਤੀ ਜ਼ਮੀਨਾਂ ਵੇਚਣ ਦੀ ਤਿਆਰੀ ਕਰਨ ਦੇ ਗੰਭੀਰ ਆਰੋਪ ਲਗਾਏ।
ਪ੍ਰਦਰਸ਼ਨਕਾਰੀਆਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਵਿਭਾਗ ਦੀ ਮਲਕੀਅਤ ਵਾਲੀਆਂ ਜ਼ਮੀਨਾਂ ਨੂੰ ਵੇਚਣ ਦੀ ਯੋਜਨਾ ਬਣਾਈ ਜਾ ਰਹੀ ਹੈ, ਜੋ ਕਿ ਸਰਕਾਰੀ ਸੰਪਤੀ ਅਤੇ ਕਰਮਚਾਰੀਆਂ ਦੇ ਹੱਕਾਂ ਨਾਲ ਖਿਲਵਾਡ਼ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਮਾਮਲੇ ਸਬੰਧੀ ਉਹ ਪਹਿਲਾਂ ਹੀ ਸਰਕਾਰ ਅੱਗੇ ਆਪਣੀਆਂ ਮੰਗਾਂ ਅਤੇ ਐਤਰਾਜ਼ ਰੱਖ ਚੁੱਕੇ ਹਨ, ਪਰ ਸਰਕਾਰ ਵੱਲੋਂ ਹੁਣ ਤੱਕ ਕੋਈ ਸਕਾਰਾਤਮਕ ਜਵਾਬ ਨਹੀਂ ਮਿਲਿਆ।
ਪਾਵਰ ਸੈਕਟਰ ਸਾਂਝੀ ਐਕਸ਼ਨ ਕਮੇਟੀ ਦੇ ਆਗੂਆਂ ਨੇ ਸਪਸ਼ਟ ਕੀਤਾ ਕਿ ਉਹ ਬਿਜਲੀ ਸੋਧ ਬਿਲ 2025 ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰ ਰਹੇ ਹਨ, ਕਿਉਂਕਿ ਇਹ ਬਿਲ ਬਿਜਲੀ ਖੇਤਰ ਦੇ ਨਿੱਜੀਕਰਨ ਵੱਲ ਇਕ ਹੋਰ ਕਦਮ ਹੈ ਅਤੇ ਇਸ ਨਾਲ ਕਰਮਚਾਰੀਆਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਸੰਘਰਸ਼ ਹੋਰ ਵੀ ਤਿੱਖਾ ਅਤੇ ਵਿਸਤ੍ਰਿਤ ਕੀਤਾ ਜਾਵੇਗਾ।
Get all latest content delivered to your email a few times a month.