ਤਾਜਾ ਖਬਰਾਂ
ਪੰਜਾਬ ਵਿੱਚ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਧਮਕੀ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਤਕਨੀਕੀ ਜਾਂਚ ਅਤੇ ਹੋਰ ਅਹਿਮ ਸੁਰਾਗਾਂ ਦੇ ਆਧਾਰ ’ਤੇ ਸ਼ੱਕੀ ਤੱਕ ਪਹੁੰਚ ਬਣਾਈ ਗਈ ਹੈ, ਹਾਲਾਂਕਿ ਫਿਲਹਾਲ ਉਸਦਾ ਨਾਮ ਜਾਹਿਰ ਨਹੀਂ ਕੀਤਾ ਗਿਆ।
ਜਾਣਕਾਰੀ ਅਨੁਸਾਰ, ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸੈਸ਼ਨ ਜੱਜ ਨੂੰ ਕੱਲ੍ਹ ਇੱਕ ਈਮੇਲ ਰਾਹੀਂ ਧਮਕੀ ਮਿਲੀ ਸੀ, ਜਿਸ ਵਿੱਚ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ। ਇਸ ਧਮਕੀ ਤੋਂ ਬਾਅਦ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਸੁਰੱਖਿਆ ਦੇ ਮੱਦੇਨਜ਼ਰ ਪੂਰੇ ਅਦਾਲਤੀ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਕੇ ਸੀਲ ਕਰ ਦਿੱਤਾ ਗਿਆ ਅਤੇ ਆਮ ਲੋਕਾਂ ਤੇ ਕਰਮਚਾਰੀਆਂ ਦੀ ਐਂਟਰੀ ’ਤੇ ਰੋਕ ਲਗਾ ਦਿੱਤੀ ਗਈ।
ਬੰਬ ਸਕੁਐਡ ਅਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਅਦਾਲਤੀ ਇਮਾਰਤ ਦੇ ਅੰਦਰ ਅਤੇ ਬਾਹਰ ਕਈ ਘੰਟਿਆਂ ਤੱਕ ਗਹਿਰਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਰਾਹਤ ਦੀ ਸਾਹ ਲਈ।
ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਅੱਜ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਧਮਕੀਆਂ ਦੇ ਕੇ ਜਨਤਾ ਵਿੱਚ ਡਰ ਦਾ ਮਾਹੌਲ ਬਣਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਾਲ ਹੀ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਅਫਵਾਹਾਂ ’ਤੇ ਧਿਆਨ ਨਾ ਦਿੱਤਾ ਜਾਵੇ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਪ੍ਰਸ਼ਾਸਨ ਨੇ ਭਰੋਸਾ ਦਿਵਾਇਆ ਹੈ ਕਿ ਅਦਾਲਤੀ ਕੰਪਲੈਕਸ ਸਮੇਤ ਆਮ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ।
Get all latest content delivered to your email a few times a month.