ਤਾਜਾ ਖਬਰਾਂ
ਅੰਮ੍ਰਿਤਸਰ, 15 ਜਨਵਰੀ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਪਹਿਲੇ ਬਿਆਨਾਂ ਬਾਰੇ ਵਿਸਥਾਰ ਵਿੱਚ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ ਰੱਖਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਫੈਸਲਾ ਸਿਰ ਮੱਥੇ ਸਵਿਕਾਰ ਕਰਦੇ ਹਨ ਅਤੇ ਇਸ ਪਾਵਨ ਅਸਥਾਨ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ’ਤੇ ਪੇਸ਼ ਹੋਏ ਹਨ। ਉਨ੍ਹਾਂ ਕਿਹਾ, “ਜਥੇਦਾਰ ਸਾਹਿਬ ਦੇ ਹੁਕਮਾਂ ’ਤੇ ਮੈਂ ਇੱਥੇ ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਇਆ ਅਤੇ ਚੁੱਕੇ ਗਏ ਸਵਾਲਾਂ ਦੇ ਜਵਾਬ ਵਿੱਚ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੇ ਸਿੱਖ ਭਾਈਚਾਰੇ ਦੀ ਸਰਵਉੱਚ ਸੰਸਥਾ ਹੈ ਅਤੇ ਮੇਰੇ ਲਈ ਵੀ ਸਰਵਉੱਚ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਦਾ ਬਿਆਨ ਦਰਜ ਕਰ ਲਿਆ ਹੈ ਅਤੇ ਸਿੰਘ ਸਾਹਿਬਾਨ ਨਾਲ ਵਿਚਾਰ-ਚਰਚਾ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰੇਕ ਫੈਸਲੇ ਪ੍ਰਤੀ ਪੂਰਨ ਸਤਿਕਾਰ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਜਥੇਦਾਰ ਸਾਹਿਬ ਦੇ ਹਰੇਕ ਫੈਸਲੇ ਦੀ ਪਾਲਣਾ ਕਰਾਂਗਾ। ਅੱਜ ਇੱਥੇ ਪੇਸ਼ ਹੋਣ ਨਾਲ ਮੇਰੇ ਮਨ ਨੂੰ ਬਹੁਤ ਸਕੂਨ, ਅੰਦਰੂਨੀ ਸ਼ਾਂਤੀ ਅਤੇ ਸੰਤੁਸ਼ਟੀ ਮਿਲੀ ਹੈ।”
ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਦਰਮਿਆਨ ਕਿਸੇ ਵੀ ਕਥਿਤ ਟਕਰਾਅ ਬਾਰੇ ਵਿਰੋਧੀ ਤਾਕਤਾਂ ਵੱਲੋਂ ਘੜੇ ਜਾ ਰਹੇ ਬਿਰਤਾਂਤ ਨੂੰ ਮੁੱਢੋਂ ਨਕਾਰਦਿਆਂ ਇਨ੍ਹਾਂ ਨੂੰ "ਬੇਬੁਨਿਆਦ ਅਤੇ ਝੂਠਾ" ਕਰਾਰ ਦਿੱਤਾ। ਉਨ੍ਹਾਂ ਕਿਹਾ, "ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ, ਜੋ ਕਿ ਸਮੁੱਚੇ ਸਿੱਖ ਭਾਈਚਾਰੇ ਲਈ ਸਰਵਉੱਚ ਹੈ। ਮੇਰੀ ਸਰਕਾਰ ਸਿਰਫ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਭਲਾਈ 'ਤੇ ਕੇਂਦਰਿਤ ਹੈ।"
ਖੁਦ ਨੂੰ ਪੰਜਾਬ ਦਾ ਸੇਵਾਦਾਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ, "ਮੈਂ ਸੂਬੇ ਦੀ ਚੜ੍ਹਦੀ ਕਲਾ ਲਈ ਰੋਜ਼ਾਨਾ ਅਰਦਾਸ ਕਰਦਾ ਹਾਂ। ਮੇਰਾ ਸਿਰ ਹਮੇਸ਼ਾ ਹਰ ਧਾਰਮਿਕ ਸਥਾਨ ਅੱਗੇ ਝੁਕਦਾ ਹੈ। ਇਹ ਅਸੰਭਵ ਹੈ ਕਿ ਮੇਰਾ ਕੋਈ ਵੀ ਕੰਮ ਸੂਬੇ ਜਾਂ ਇਸ ਦੇ ਲੋਕਾਂ ਦੇ ਵਿਰੁੱਧ ਹੋਵੇ।"
ਮੁੱਖ ਮੰਤਰੀ ਨੇ ਕਿਹਾ ਕਿ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਦੇ ਨੁਮਾਇੰਦੇ ਦੇ ਤੌਰ 'ਤੇ ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ 25,000 ਤੋਂ 30,000 ਪੰਨਿਆਂ ਦੀਆਂ ਸ਼ਿਕਾਇਤਾਂ ਸੌਂਪੀਆਂ ਹਨ। ਉਨ੍ਹਾਂ ਕਿਹਾ, "ਇਹ ਸ਼ਿਕਾਇਤਾਂ ਉਨ੍ਹਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਦਰਸਾਉਂਦੀਆਂ ਹਨ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਵਿੱਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਨੂੰ ਉਜਾਗਰ ਕੀਤਾ ਹੈ। ਮੈਂ ਜਥੇਦਾਰ ਸਾਹਿਬ ਨੂੰ ਨਿਮਰਤਾ ਨਾਲ ਬੇਨਤੀ ਕੀਤੀ ਹੈ ਕਿ ਇਨ੍ਹਾਂ ਸ਼ਿਕਾਇਤਾਂ ਦੀ ਜਾਂਚ ਕਰਵਾਈ ਜਾਵੇ ਕਿਉਂਕਿ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਇਨ੍ਹਾਂ ਨਾਲ ਜੁੜੀਆਂ ਹੋਈਆਂ ਹਨ। ਸੰਸਥਾਵਾਂ ਹਮੇਸ਼ਾ ਸਰਵਉੱਚ ਹੁੰਦੀਆਂ ਹਨ ਪਰ ਉਨ੍ਹਾਂ ਦੇ ਮੁਖੀ ਗਲਤੀ ਕਰ ਸਕਦੇ ਹਨ, ਅਜਿਹੇ ਵਿਅਕਤੀਆਂ ਪ੍ਰਤੀ ਉਨ੍ਹਾਂ ਦੇ ਮਾੜੇ ਕੰਮਾਂ ਲਈ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤਣੀ ਚਾਹੀਦੀ।"
ਮੁੱਖ ਮੰਤਰੀ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਉਨ੍ਹਾਂ ਨੂੰ ਸਿਰ ਮੱਥੇ ਪ੍ਰਵਾਨ ਹੈ ਕਿਉਂਕਿ ਇਹ ਸਿੱਖਾਂ ਦੀ ਸਰਵਉੱਚ ਸੰਸਥਾ ਹੈ। ਮੈਂ ਤੇ ਮੇਰਾ ਪਰਿਵਾਰ ਸਰਵਉੱਚ ਸੰਸਥਾ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।” ਉਨ੍ਹਾਂ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਧੰਨਵਾਦੀ ਹਨ ਕਿ ਉਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਅਤੇ ਗੁਰਦੁਆਰਾ ਐਕਟ ਨਾਲ ਸਬੰਧਤ ਦੋ ਕੀਮਤੀ ਕਿਤਾਬਾਂ ਦਿੱਤੀਆਂ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪਾਂ ਦੀ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਬਾਰੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਫੈਸਲੇ ਦੇ ਪਿੱਛੇ ਕੋਈ ਸਿਆਸੀ ਮਨਸ਼ਾ ਨਹੀਂ ਹੈ। ਉਨ੍ਹਾਂ ਕਿਹਾ, “ਐਸ.ਆਈ.ਟੀ. ਦੀ ਜਾਂਚ ਲਾਪਤਾ ਸਰੂਪਾਂ ਦਾ ਪਤਾ ਲਾਉਣ ਲਈ ਹੈ। ਐਸ.ਆਈ.ਟੀ. ਦੀ ਜ਼ਿੰਮੇਵਾਰੀ ਸਿਰਫ ਲਾਪਤਾ ਸਰੂਪਾਂ ਦਾ ਪਤਾ ਲਾਉਣ ਤੱਕ ਸੀਮਿਤ ਕੀਤੀ ਗਈ ਹੈ ਤਾਂ ਕਿ ਉਨ੍ਹਾਂ ਦੀ ਦੁਰਵਰਤੋਂ ਨਾ ਹੋਵੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਗੁੰਮ ਹੋਏ ਸਰੂਪਾਂ ਦਾ ਪਤਾ ਲਾਉਣ ਲਈ ਉਨ੍ਹਾਂ ਦੁਆਰਾ ਪ੍ਰਕਾਸ਼ਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਰੇਕ ਸਰੂਪ ਨੂੰ ਦਿੱਤਾ ਗਿਆ ਵਿਲੱਖਣ ਕੋਡ (ਯੂਨੀਕ ਕੋਡ) ਪ੍ਰਦਾਨ ਕਰਨ ਲਈ ਆਦੇਸ਼ ਜਾਰੀ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਤੇ ਸੂਬਾ ਸਰਕਾਰ ਪਾਵਨ ਸਰੂਪਾਂ ਦਾ ਪਤਾ ਲਾਏਗੀ ਅਤੇ ਇਸ ਦੀਆਂ ਥਾਵਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਜਾਣੂੰ ਕਰਵਾਏਗੀ ਤਾਂ ਕਿ ਰਹਿਤ ਮਰਿਆਦਾ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਕਿ ਜਿੱਥੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਪਤਾ ਲੱਗਾ ਹੈ, ਉਨ੍ਹਾਂ ਧਾਰਮਿਕ ਥਾਵਾਂ ਦੀ ਇਮਾਰਤ ਅੰਦਰ ਪ੍ਰਵੇਸ਼ ਨਾ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਦੱਸਿਆ ਕਿ ਸਾਲ 1998 ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਿਟਿੰਗ ਕਈ ਥਾਵਾਂ ’ਤੇ ਕੀਤੀ ਜਾਂਦੀ ਸੀ।
Get all latest content delivered to your email a few times a month.