ਤਾਜਾ ਖਬਰਾਂ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ 6231 ਯੋਗ ਲਾਭਪਾਤਰੀਆਂ ਨੂੰ ਕੁੱਲ 31.78 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਕਮ ਨਾਲ ਸੂਬੇ ਦੇ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਵਿਆਹ ਸਮੇਂ ਆਉਣ ਵਾਲੇ ਆਰਥਿਕ ਬੋਝ ਤੋਂ ਰਾਹਤ ਮਿਲੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਅਸ਼ੀਰਵਾਦ ਸਕੀਮ ਇਸ ਵਚਨਬੱਧਤਾ ਦੀ ਇੱਕ ਅਹੰਕਾਰਪੂਰਨ ਮਿਸਾਲ ਹੈ, ਜੋ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਆਰਥਿਕ ਸਹਾਰਾ ਪ੍ਰਦਾਨ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਵਿੱਤੀ ਸਾਲ ਦੌਰਾਨ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਤੋਂ ਅਸ਼ੀਰਵਾਦ ਪੋਰਟਲ ਰਾਹੀਂ ਕੁੱਲ 6231 ਦਰਖ਼ਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਨੂੰ ਮਨਜ਼ੂਰੀ ਦੇ ਕੇ 31.78 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ।
ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਰਕਮ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਸਭ ਤੋਂ ਵੱਧ 1647 ਲਾਭਪਾਤਰੀਆਂ ਨੂੰ ਲਾਭ ਮਿਲਿਆ ਹੈ, ਜਦਕਿ ਲੁਧਿਆਣਾ ਦੇ 2498, ਕਪੂਰਥਲਾ ਦੇ 615, ਫਿਰੋਜ਼ਪੁਰ ਦੇ 242, ਗੁਰਦਾਸਪੁਰ ਦੇ 226, ਤਰਨਤਾਰਨ ਦੇ 207, ਪਟਿਆਲਾ ਦੇ 178, ਫਰੀਦਕੋਟ ਦੇ 155, ਐਸ.ਬੀ.ਐਸ. ਨਗਰ ਦੇ 152, ਸ੍ਰੀ ਫਤਿਹਗੜ੍ਹ ਸਾਹਿਬ ਦੇ 124, ਸੰਗਰੂਰ ਦੇ 117 ਅਤੇ ਜਲੰਧਰ ਦੇ 70 ਪਰਿਵਾਰਾਂ ਨੂੰ ਵੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।
ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨੀ ਵਾਲੇ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਰਕਮ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ ਅਤੇ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣ ਦੇ ਨਾਲ-ਨਾਲ ਉਸ ਦੀ ਸਾਲਾਨਾ ਆਮਦਨ ਸਾਰੇ ਸਾਧਨਾਂ ਤੋਂ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਯੋਗ ਪਰਿਵਾਰਾਂ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰ ਸਕਦੀਆਂ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਸਕੀਮ ਅਧੀਨ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਡੀ.ਬੀ.ਟੀ. (Direct Benefit Transfer) ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਬਣੀ ਰਹਿੰਦੀ ਹੈ ਅਤੇ ਰਕਮ ਸਮੇਂ ਸਿਰ ਪ੍ਰਾਪਤ ਹੋ ਸਕਦੀ ਹੈ।
Get all latest content delivered to your email a few times a month.