ਤਾਜਾ ਖਬਰਾਂ
ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸਥਾਰਪੂਰਵਕ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲਹਿਰਾਗਾਗਾ ਵਿੱਚ ਮੈਡੀਕਲ ਕਾਲਜ ਸਥਾਪਤ ਕਰਨ ਅਤੇ ਕਰਮਚਾਰੀਆਂ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕੇਜਰੀਵਾਲ ਦਾ ਧੰਨਵਾਦ ਪ੍ਰਗਟ ਕੀਤਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਹਾਲ ਹੀ ਵਿੱਚ ਲਏ ਗਏ ਇਨ੍ਹਾਂ ਲੋਕ-ਹਿਤੈਸ਼ੀ ਅਤੇ ਕਰਮਚਾਰੀ-ਪੱਖੀ ਫ਼ੈਸਲਿਆਂ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਲਹਿਰਾਗਾਗਾ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਆਪਣੇ ਘਰਾਂ ਦੇ ਨੇੜੇ ਹੀ ਉਪਲਬਧ ਹੋਣਗੀਆਂ।
ਸ੍ਰੀ ਗੋਇਲ ਨੇ ਕਿਹਾ ਕਿ 440 ਬੈੱਡਾਂ ਅਤੇ 100 ਐਮ.ਬੀ.ਬੀ.ਐਸ. ਸੀਟਾਂ ਵਾਲਾ ਇਹ ਪ੍ਰਸਤਾਵਿਤ ਮੈਡੀਕਲ ਕਾਲਜ ਨਾ ਸਿਰਫ਼ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰੇਗਾ, ਸਗੋਂ ਡਾਕਟਰੀ ਸਿੱਖਿਆ ਲੈਣ ਦੇ ਇੱਛੁਕ ਨੌਜਵਾਨਾਂ ਲਈ ਨਵੇਂ ਮੌਕੇ ਵੀ ਪੈਦਾ ਕਰੇਗਾ। ਇਸ ਨਾਲ ਲੋਕਾਂ ਨੂੰ ਉੱਚ ਇਲਾਜ ਲਈ ਵੱਡੇ ਸ਼ਹਿਰਾਂ ਵੱਲ ਜਾਣ ਦੀ ਲੋੜ ਘੱਟ ਹੋਵੇਗੀ।
ਕਰਮਚਾਰੀਆਂ ਦੀ ਭਲਾਈ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਸਟਾਫ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਐਡਜਸਟ ਕਰਨ ਸੰਬੰਧੀ ਕੈਬਨਿਟ ਦੀ ਮਨਜ਼ੂਰੀ ਸਰਕਾਰ ਦੀ ਸੰਵੇਦਨਸ਼ੀਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਮੇਂ ਸਿਰ ਦਖ਼ਲ ਦੇ ਕੇ ਕਰਮਚਾਰੀਆਂ ਦੀ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਈ ਹੈ।
ਅੰਤ ਵਿੱਚ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਦੇ ਮਜ਼ਬੂਤੀਕਰਨ ਅਤੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲਹਿਰਾਗਾਗਾ ਮੈਡੀਕਲ ਕਾਲਜ ਨਾਲ ਖੇਤਰ ਦੇ ਲੱਖਾਂ ਲੋਕਾਂ ਨੂੰ ਲਾਭ ਮਿਲੇਗਾ ਅਤੇ ਕਰਮਚਾਰੀਆਂ ਦੇ ਮਸਲਿਆਂ ਦਾ ਹੱਲ ਕਰਨਾ ਸਰਕਾਰ ਦੀ ਤੁਰੰਤ ਨਿਆਂ ਦੇਣ ਦੀ ਨੀਤੀ ਨੂੰ ਸਾਬਤ ਕਰਦਾ ਹੈ।
Get all latest content delivered to your email a few times a month.