ਤਾਜਾ ਖਬਰਾਂ
ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓ.ਐਸ.ਡੀ (OSD) ਓਂਕਾਰ ਸਿੰਘ ਅੱਜ ਰਸਮੀ ਤੌਰ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣਗੇ। ਚੰਡੀਗੜ੍ਹ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਦਿੱਗਜ ਆਗੂ ਸੁਨੀਲ ਜਾਖੜ ਤੇ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ।
ਭਰੇ ਮਨ ਨਾਲ ਅਕਾਲੀ ਦਲ ਨੂੰ ਅਲਵਿਦਾ ਕਹਿ ਗਏ ਬਰਾੜ
ਚਰਨਜੀਤ ਸਿੰਘ ਬਰਾੜ, ਜੋ ਕਿ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਨੇ ਬੀਤੇ ਦਿਨੀਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣੇ ਅਸਤੀਫ਼ੇ ਵਿੱਚ ਭਾਵੁਕ ਹੁੰਦਿਆਂ ਲਿਖਿਆ ਸੀ ਕਿ "ਆਪਣੇ ਹੱਥਾਂ ਨਾਲ ਬਣਾਇਆ ਮਕਾਨ (ਪਾਰਟੀ) ਛੱਡਣਾ ਬਹੁਤ ਦੁਖਦਾਈ ਹੁੰਦਾ ਹੈ, ਪਰ ਹਾਲਾਤ ਅਜਿਹੇ ਬਣ ਗਏ ਹਨ ਕਿ ਹੁਣ ਅਲੱਗ ਹੋਣ ਤੋਂ ਸਿਵਾਏ ਕੋਈ ਰਾਹ ਨਹੀਂ ਬਚਿਆ।" ਬਰਾੜ ਦਾ ਭਾਜਪਾ ਵਿੱਚ ਜਾਣਾ ਅਕਾਲੀ ਦਲ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
'ਆਪ' ਦੇ ਗੜ੍ਹ ਸੰਗਰੂਰ ਤੋਂ ਓਂਕਾਰ ਸਿੰਘ ਦੀ ਭਾਜਪਾ 'ਚ ਐਂਟਰੀ
ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਦੇ ਅਤਿ ਕਰੀਬੀ ਰਹੇ ਓਂਕਾਰ ਸਿੰਘ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਸਭ ਨੂੰ ਹੈਰਾਨ ਕਰ ਰਿਹਾ ਹੈ। ਓਂਕਾਰ ਸਿੰਘ, ਜੋ ਸੰਗਰੂਰ ਦੇ ਰਹਿਣ ਵਾਲੇ ਹਨ, ਨੂੰ ਸਾਲ 2022 ਵਿੱਚ ਮੁੱਖ ਮੰਤਰੀ ਦਫ਼ਤਰ (CMO) ਵਿੱਚ ਇੱਕ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਓ.ਐਸ.ਡੀ ਨਿਯੁਕਤ ਕੀਤਾ ਗਿਆ ਸੀ। ਹਾਲਾਂਕਿ, ਸਤੰਬਰ 2024 ਵਿੱਚ ਉਨ੍ਹਾਂ ਨੂੰ ਅਚਾਨਕ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਹੁਣ ਉਨ੍ਹਾਂ ਵੱਲੋਂ ਕੇਸਰੀ ਰੰਗ ਵਿੱਚ ਰੰਗੇ ਜਾਣ ਨਾਲ 'ਆਪ' ਦੇ ਗੜ੍ਹ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ।
ਭਾਜਪਾ ਦੀ ਵਧਦੀ ਤਾਕਤ
ਮਾਹਿਰਾਂ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਭਾਜਪਾ ਲਗਾਤਾਰ ਦੂਜੀਆਂ ਪਾਰਟੀਆਂ ਦੇ ਟਕਸਾਲੀ ਅਤੇ ਪ੍ਰਭਾਵਸ਼ਾਲੀ ਚਿਹਰਿਆਂ ਨੂੰ ਆਪਣੇ ਨਾਲ ਜੋੜ ਕੇ ਆਪਣੀ ਪਕੜ ਮਜ਼ਬੂਤ ਕਰ ਰਹੀ ਹੈ। ਅੱਜ ਦੀ ਇਸ ਜੁਆਇਨਿੰਗ ਨਾਲ ਜਿੱਥੇ ਭਾਜਪਾ ਨੂੰ ਸੰਗਠਨਾਤਮਕ ਮਜ਼ਬੂਤੀ ਮਿਲੇਗੀ, ਉੱਥੇ ਹੀ ਵਿਰੋਧੀ ਧਿਰਾਂ ਲਈ ਇਹ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ।
Get all latest content delivered to your email a few times a month.