ਤਾਜਾ ਖਬਰਾਂ
ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਦੇ ਕਿਨਾਰੇ ਬੈਠੇ ਇੱਕ ਨੌਜਵਾਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਨਾਲ ਮਾਮਲਾ ਕਾਫੀ ਚਰਚਾ ਵਿੱਚ ਆ ਗਿਆ ਹੈ। ਵਾਇਰਲ ਵੀਡੀਓ ਵਿੱਚ ਨੌਜਵਾਨ ਸਰੋਵਰ ਦਾ ਪਾਣੀ ਹੱਥਾਂ ਨਾਲ ਚੁੱਕਦਾ ਹੋਇਆ ਨਜ਼ਰ ਆ ਰਿਹਾ ਹੈ, ਜਿਸ ਨੂੰ ਲੈ ਕੇ ਲੋਕਾਂ ਵੱਲੋਂ ਮਰਿਆਦਾ ਦੇ ਉਲਟ ਕਰਤੂਤ ਹੋਣ ਦੇ ਦੋਸ਼ ਲਗਾਏ ਗਏ ਹਨ। ਇਸ ਘਟਨਾ ਨੇ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਖ਼ਤ ਰੁਖ ਅਪਣਾਇਆ ਹੈ। ਐਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਨੇ ਕਿਹਾ ਕਿ ਵੀਡੀਓ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਵੀਡੀਓ ਅਸਲੀ ਹੈ ਜਾਂ ਕਿਸੇ ਤਰ੍ਹਾਂ ਏਆਈ ਰਾਹੀਂ ਤਿਆਰ ਕੀਤੀ ਗਈ ਹੈ। ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਜੇ ਉਸ ਸਮੇਂ ਸੇਵਾਦਾਰਾਂ ਦੀ ਡਿਊਟੀ ਮੌਜੂਦ ਸੀ ਤਾਂ ਅਜਿਹੀ ਘਟਨਾ ਉਨ੍ਹਾਂ ਦੀ ਨਜ਼ਰ ਵਿੱਚ ਕਿਉਂ ਨਹੀਂ ਆਈ।
ਇਸ ਮਾਮਲੇ ‘ਚ ਵਾਇਰਲ ਹੋਣ ਤੋਂ ਬਾਅਦ ਸੰਬੰਧਿਤ ਨੌਜਵਾਨ ਨੇ ਸਾਹਮਣੇ ਆ ਕੇ ਆਪਣੀ ਗਲਤੀ ਕਬੂਲ ਕੀਤੀ ਹੈ। ਨੌਜਵਾਨ ਨੇ ਕਿਹਾ ਕਿ ਉਹ ਬਚਪਨ ਤੋਂ ਹੀ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਰੱਖਦਾ ਸੀ ਅਤੇ ਉਸ ਵੱਲੋਂ ਸਰੋਵਰ ਵਿੱਚ ‘ਵਜ਼ੂ’ ਕੀਤਾ ਗਿਆ। ਉਸ ਨੇ ਦੱਸਿਆ ਕਿ ਉਸਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਮਰਿਆਦਾ ਬਾਰੇ ਪੂਰੀ ਜਾਣਕਾਰੀ ਨਹੀਂ ਸੀ। ਨੌਜਵਾਨ ਨੇ ਸਾਰੇ ਸਿੱਖ ਭਰਾਵਾਂ ਤੋਂ ਦਿਲੋਂ ਮੁਆਫ਼ੀ ਮੰਗਦਿਆਂ ਕਿਹਾ ਕਿ ਉਹ ਜਲਦੀ ਹੀ ਸ੍ਰੀ ਦਰਬਾਰ ਸਾਹਿਬ ਆ ਕੇ ਖੁਦ ਹਾਜ਼ਰ ਹੋ ਕੇ ਵੀ ਮੁਆਫ਼ੀ ਮੰਗੇਗਾ।
ਉੱਥੇ ਹੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਘਟਨਾ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਆਪਣੀ ਇਕ ਵਿਸ਼ੇਸ਼ ਪਾਵਨ ਮਰਿਆਦਾ ਹੈ ਅਤੇ ਇਸ ਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਹਰਕਤ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਘਟਨਾਵਾਂ ਸਿੱਖਾਂ ਦੇ ਮਨਾਂ ਨੂੰ ਗਹਿਰੀ ਚੋਟ ਪਹੁੰਚਾਉਂਦੀਆਂ ਹਨ। ਨਾਲ ਹੀ ਉਨ੍ਹਾਂ ਹਰ ਧਰਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਸਮੇਂ ਇਥੋਂ ਦੀ ਪਾਵਨ ਮਰਿਆਦਾ ਦਾ ਪੂਰਾ ਧਿਆਨ ਰੱਖਿਆ ਜਾਵੇ।
Get all latest content delivered to your email a few times a month.