ਤਾਜਾ ਖਬਰਾਂ
ਬਿਹਾਰ ਦੇ ਸੋਨਪੁਰ ਇਲਾਕੇ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦਾਜ ਦੇ ਲੋਭੀ ਸਹੁਰੇ ਪਰਿਵਾਰ ਵੱਲੋਂ ਇੱਕ ਨਵ-ਵਿਆਹੁਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹੱਦ ਤਾਂ ਉਦੋਂ ਹੋ ਗਈ ਜਦੋਂ ਕਤਲ ਤੋਂ ਬਾਅਦ ਮੁਲਜ਼ਮਾਂ ਨੇ ਲਾਸ਼ ਨੂੰ ਕੁੜੀ ਦੇ ਪੇਕੇ ਘਰ ਦੇ ਦਰਵਾਜ਼ੇ ਸਾਹਮਣੇ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਏ। ਇਸ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਨੇ ਸਭ ਦੇ ਹੋਸ਼ ਉਡਾ ਦਿੱਤੇ ਹਨ।
ਸਵੇਰੇ ਘਰ ਦੇ ਬਾਹਰ ਪਈ ਮਿਲੀ ਧੀ ਦੀ ਲਾਸ਼
ਮ੍ਰਿਤਕਾ ਦੀ ਪਛਾਣ ਸਰਿਤਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਦੋਂ ਅਗਲੀ ਸਵੇਰ ਪਰਿਵਾਰਕ ਮੈਂਬਰ ਉੱਠੇ ਤਾਂ ਉਨ੍ਹਾਂ ਨੇ ਆਪਣੀ ਧੀ ਦੀ ਲਾਸ਼ ਘਰ ਦੇ ਬਾਹਰ ਪਈ ਦੇਖੀ, ਜਿਸ ਤੋਂ ਬਾਅਦ ਘਰ ਵਿੱਚ ਚੀਕ-ਚਿਹਾੜਾ ਮਚ ਗਿਆ। ਜਦੋਂ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ, ਤਾਂ ਪਤਾ ਲੱਗਾ ਕਿ ਅੱਧੀ ਰਾਤ ਤੋਂ ਬਾਅਦ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਕੁਝ ਲੋਕ ਆਏ ਅਤੇ ਲਾਸ਼ ਸੁੱਟ ਕੇ ਚਲੇ ਗਏ।
8 ਲੱਖ ਦੇਣ ਦੇ ਬਾਵਜੂਦ 3 ਲੱਖ ਦੀ ਹੋਰ ਸੀ ਮੰਗ
ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਕਰੀਬ 9 ਮਹੀਨੇ ਪਹਿਲਾਂ ਵੈਸ਼ਾਲੀ ਜ਼ਿਲ੍ਹੇ ਦੇ ਸਤਿਆੇਂਦਰ ਕੁਮਾਰ ਨਾਲ ਹੋਇਆ ਸੀ। ਉਨ੍ਹਾਂ ਨੇ ਆਪਣੀ ਹੈਸੀਅਤ ਮੁਤਾਬਕ ਦਾਜ ਦਿੱਤਾ ਸੀ ਅਤੇ ਜ਼ਮੀਨ ਦੀ ਰਜਿਸਟਰੀ ਲਈ 8 ਲੱਖ ਰੁਪਏ ਨਕਦ ਵੀ ਦਿੱਤੇ ਸਨ। ਪਰ ਲਾਲਚੀ ਸਹੁਰਾ ਪਰਿਵਾਰ 3 ਲੱਖ ਰੁਪਏ ਦੀ ਹੋਰ ਮੰਗ ਕਰ ਰਿਹਾ ਸੀ। ਪਿਤਾ ਨੇ ਦੋਸ਼ ਲਾਇਆ ਕਿ ਮੰਗ ਪੂਰੀ ਨਾ ਹੋਣ 'ਤੇ ਸਰਿਤਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ।
ਪੁਲਿਸ ਵੱਲੋਂ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਗੱਡੀ ਅਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਪਤੀ ਅਤੇ ਸਹੁਰੇ ਪਰਿਵਾਰ ਖ਼ਿਲਾਫ਼ ਕਤਲ ਅਤੇ ਦਾਜ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
Get all latest content delivered to your email a few times a month.