ਤਾਜਾ ਖਬਰਾਂ
ਆਤਿਸ਼ੀ ਵੀਡੀਓ ਮਾਮਲੇ ਨੂੰ ਲੈ ਕੇ ਸਿਆਸਤ ਹੋਰ ਤਿੱਖੀ ਹੋ ਗਈ ਹੈ। ਦਿੱਲੀ ਵਿਧਾਨ ਸਭਾ ਵੱਲੋਂ ਕਰਵਾਈ ਗਈ ਫੋਰੈਂਸਿਕ ਜਾਂਚ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਦੀ ਵੀਡੀਓ ਵਿੱਚ ਕਿਸੇ ਵੀ ਤਰ੍ਹਾਂ ਦੀ ਕਟਿੰਗ ਜਾਂ ਛੇੜਛਾੜ ਨਹੀਂ ਕੀਤੀ ਗਈ। ਇਸ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਜਾਂਚ ਦੀ ਭਰੋਸੇਯੋਗਤਾ ‘ਤੇ ਵੱਡੇ ਸਵਾਲ ਖੜੇ ਹੋ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਮੀਡੀਆ ਸਲਾਹਕਾਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਦੇ ਸਪੀਕਰ ਵੱਲੋਂ ਨਿਰਪੱਖ ਤਰੀਕੇ ਨਾਲ ਕਰਵਾਈ ਗਈ ਫੋਰੈਂਸਿਕ ਜਾਂਚ ਨੇ ਸਾਫ਼ ਕਰ ਦਿੱਤਾ ਹੈ ਕਿ ਵੀਡੀਓ ਅਸਲੀ ਹੈ ਅਤੇ ਆਤਿਸ਼ੀ ਮਾਰਲੇਨਾ ਵੱਲੋਂ ਗੁਰੂ ਸਾਹਿਬਾਨ ਸਬੰਧੀ ਅਪਮਾਨਜਨਕ ਸ਼ਬਦ ਵਰਤੇ ਗਏ ਸਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵੱਲੋਂ ਜਾਰੀ ਕੀਤੀ ਟਰਾਂਸਕ੍ਰਿਪਟ ਵਿੱਚ ਵੀ ਇਹ ਗੱਲ ਸਪੱਸ਼ਟ ਤੌਰ ‘ਤੇ ਦਰਜ ਹੈ।
ਐਡਵੋਕੇਟ ਕਲੇਰ ਨੇ ਦੋਸ਼ ਲਗਾਇਆ ਕਿ ਆਪਣੀ ਆਗੂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੁਹਾਲੀ ਦੀ ਇੱਕ ਲੈਬ ਵਿੱਚ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਹੀਂ, ਸਗੋਂ ਕਾਨੂੰਨੀ ਤੌਰ ‘ਤੇ ਵੀ ਗੰਭੀਰ ਅਪਰਾਧ ਹੈ, ਕਿਉਂਕਿ ਇਸ ਨਾਲ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ‘ਚ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਸਮੇਤ ਡੀਜੀਪੀ ਪੰਜਾਬ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ ‘ਤੇ ਵੀ ਸਖ਼ਤ ਦੋਸ਼ ਲਗਾਏ ਹਨ। ਪਾਰਟੀ ਦਾ ਕਹਿਣਾ ਹੈ ਕਿ ਜਿਨ੍ਹਾਂ ਅਧਿਕਾਰੀਆਂ ਜਾਂ ਵਿਅਕਤੀਆਂ ਨੇ ਇਸ ਜੁਰਮ ਵਿੱਚ ਮਦਦ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਤੁਰੰਤ ਅਤੇ ਕੜੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੇ ਮਾਮਲੇ ਦੁਬਾਰਾ ਨਾ ਵਾਪਰਣ।
Get all latest content delivered to your email a few times a month.