ਤਾਜਾ ਖਬਰਾਂ
ਬਠਿੰਡਾ ਪੁਲਿਸ ਨੇ ਤੜਕੇ ਸਵੇਰੇ ਹੋਏ ਇੱਕ ਮੁਕਾਬਲੇ ਦੌਰਾਨ ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਲੁੜੀਂਦੇ ਬਦਮਾਸ਼ ਨੂੰ ਗ੍ਰਿਫ਼ਤਾਰ ਕਰ ਲਿਆ। ਮੁਕਾਬਲੇ ਸਮੇਂ ਬਦਮਾਸ਼ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਉਸ ਦੇ ਲੱਤ ’ਚ ਗੋਲੀ ਲੱਗੀ ਅਤੇ ਉਹ ਜਖਮੀ ਹੋ ਗਿਆ। ਜਖਮੀ ਹਾਲਤ ਵਿੱਚ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ।
ਮੁਲਜ਼ਮ ਦੀ ਪਛਾਣ ਸੇਵਕ ਸਿੰਘ, ਵਾਸੀ ਤਲਵੰਡੀ ਸਾਬੋ ਵਜੋਂ ਹੋਈ ਹੈ। ਪੁਲਿਸ ਅਨੁਸਾਰ ਸੇਵਕ ਸਿੰਘ ਖ਼ਿਲਾਫ਼ ਪਹਿਲਾਂ ਤੋਂ ਹੀ ਅਪਰਾਧਿਕ ਰਿਕਾਰਡ ਮੌਜੂਦ ਹੈ ਅਤੇ ਉਸ ਉੱਤੇ ਦੋ ਹੋਰ ਮੁਕੱਦਮੇ ਦਰਜ ਹਨ। ਮੌਕੇ ਤੋਂ ਪੁਲਿਸ ਨੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ।
ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਮੁਹਾਲੀ ਵਿੱਚ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੇ ਬੇਅੰਤ ਸਿੰਘ (ਵਾਸੀ ਗੁਲਾਬਗੜ੍ਹ) ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਭਰੇ ਫੋਨ ਆ ਰਹੇ ਸਨ, ਜਿਨ੍ਹਾਂ ਰਾਹੀਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਸਬੰਧ ਵਿੱਚ ਮਾਮਲਾ ਦਰਜ ਕਰਕੇ ਪੁਲਿਸ ਨੇ ਤਕਨੀਕੀ ਸਹਾਇਤਾ ਨਾਲ ਮੁਲਜ਼ਮ ਦੀ ਪਛਾਣ ਕਰ ਲਈ ਅਤੇ ਉਸ ਦੀ ਭਾਲ ਸ਼ੁਰੂ ਕੀਤੀ।
ਉਨ੍ਹਾਂ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਗੋਲੀ ਉਸ ਦੀ ਲੱਤ ’ਚ ਲੱਗੀ। ਮੁਲਜ਼ਮ ਜਿਸ ਮੋਟਰਸਾਈਕਲ ’ਤੇ ਸਵਾਰ ਸੀ, ਉਹ ਵੀ ਚੋਰੀ ਦੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਦੀ ਜਾਂਚ ਕੀਤੀ ਜਾਵੇਗੀ।
ਪੁਲਿਸ ਨੇ ਕਿਹਾ ਕਿ ਅਦਾਲਤ ਤੋਂ ਰਿਮਾਂਡ ਹਾਸਲ ਕਰਨ ਉਪਰੰਤ ਮੁਲਜ਼ਮ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
Get all latest content delivered to your email a few times a month.