ਤਾਜਾ ਖਬਰਾਂ
ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਡੇ ਪੱਧਰ ‘ਤੇ CASO (Cordon and Search Operation) ਸਰਚ ਮੁਹਿੰਮ ਚਲਾਈ ਗਈ। ਇਹ ਕਾਰਵਾਈ ਡੀ.ਜੀ.ਪੀ. ਪੰਜਾਬ ਸ੍ਰੀ ਗੋਰਵ ਯਾਦਵ ਅਤੇ ਫਰੀਦਕੋਟ ਰੇਂਜ ਦੀ ਡੀ.ਆਈ.ਜੀ. ਸ੍ਰੀਮਤੀ ਨਿਲਾਂਬਰੀ ਜਗਦਲੇ ਵਿਜੇ, ਆਈ.ਪੀ.ਐਸ. ਦੀਆਂ ਹਦਾਇਤਾਂ ਅਨੁਸਾਰ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਕੀਤੀ ਗਈ।
ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਚਾਰੇ ਸਬ ਡਿਵੀਜ਼ਨਾਂ—ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ—ਵਿੱਚ ਇਕੋ ਸਮੇਂ ਵਿਆਪਕ ਤਲਾਸ਼ੀ ਕਾਰਵਾਈ ਕੀਤੀ ਗਈ। ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲਗਭਗ 500 ਪੁਲਿਸ ਅਧਿਕਾਰੀ ਤੇ ਕਰਮਚਾਰੀ ਮੈਦਾਨ ਵਿੱਚ ਤਾਇਨਾਤ ਰਹੇ। ਨਸ਼ਾ ਤਸਕਰੀ ਜਾਂ ਗੈਰਕਾਨੂੰਨੀ ਗਤੀਵਿਧੀਆਂ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ ਗਏ, ਜਦਕਿ ਐਨ.ਡੀ.ਪੀ.ਐਸ. ਐਕਟ ਤਹਿਤ ਪਹਿਲਾਂ ਤੋਂ ਦਰਜ ਕੇਸਾਂ ਵਾਲੇ ਵਿਅਕਤੀਆਂ ਦੀ ਵੀ ਵਿਸ਼ੇਸ਼ ਜਾਂਚ ਕੀਤੀ ਗਈ।
ਸਰਚ ਦੌਰਾਨ ਖੇਤਰਾਂ ਨੂੰ ਸੀਲ ਕਰਕੇ ਨਾਕਾਬੰਦੀ ਕੀਤੀ ਗਈ। ਵਾਹਨਾਂ ਅਤੇ ਸ਼ੱਕੀ ਨੰਬਰ ਪਲੇਟਾਂ ਦੀ ਜਾਂਚ ਲਈ VAHAN ਐਪ ਅਤੇ ਸ਼ੱਕੀ ਵਿਅਕਤੀਆਂ ਦੀ ਤਸਦੀਕ ਲਈ PAIS ਐਪ ਦੀ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਭੀੜਭਾੜ ਵਾਲੀਆਂ ਥਾਵਾਂ ‘ਤੇ ਵਿਸ਼ੇਸ਼ ਟੀਮਾਂ ਤਾਇਨਾਤ ਕਰਕੇ ਯਾਤਰੀਆਂ ਅਤੇ ਆਵਾਜਾਈ ਸਾਧਨਾਂ ਦੀ ਚੈਕਿੰਗ ਕੀਤੀ ਗਈ।
ਇਸ ਮੌਕੇ ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਨਸ਼ਿਆਂ ਨਾਲ ਜੁੜੀ ਗੈਰਕਾਨੂੰਨੀ ਕਮਾਈ ਨਾਲ ਬਣੀ ਜਾਇਦਾਦ ਨੂੰ ਵੀ ਕਾਨੂੰਨ ਅਨੁਸਾਰ ਫ੍ਰੀਜ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਆਮ ਲੋਕਾਂ ਨੂੰ ਅੱਗੇ ਆ ਕੇ ਪੁਲਿਸ ਨਾਲ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਨਸ਼ਾ ਤਸਕਰਾਂ ‘ਤੇ ਆਧੁਨਿਕ ਤਕਨੀਕਾਂ ਰਾਹੀਂ ਲਗਾਤਾਰ ਨਿਗਰਾਨੀ ਜਾਰੀ ਹੈ।
Get all latest content delivered to your email a few times a month.