ਤਾਜਾ ਖਬਰਾਂ
ਅੰਮ੍ਰਿਤਸਰ ਦੀ ਬਾਬਾ ਦੀਪ ਸਿੰਘ ਕਾਲੋਨੀ ਵਿੱਚ ਇੱਕ ਦਰਦਨਾਕ ਘਟਨਾ ਨੇ ਸਾਰੇ ਇਲਾਕੇ ਨੂੰ ਸੋਗ ਵਿੱਚ ਡੁੱਬੋ ਦਿੱਤਾ। 18–19 ਸਾਲਾ ਨੌਜਵਾਨ ਸੱਤਿਮ ਕੁਮਾਰ ਵੱਲੋਂ ਖੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ‘ਤੇ ਉਸਦੇ ਮਾਲਕ ਵੱਲੋਂ ਚੋਰੀ ਦੇ ਝੂਠੇ ਦੋਸ਼ ਲਗਾਏ ਗਏ, ਜਿਸ ਕਾਰਨ ਉਹ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਗਿਆ।
ਮ੍ਰਿਤਕ ਦੇ ਪਰਿਵਾਰ ਮੁਤਾਬਕ ਸੱਤਿਮ ਕੁਮਾਰ ਪੜ੍ਹਾਈ ਦੇ ਨਾਲ-ਨਾਲ ਪਾਰਟ ਟਾਈਮ ਨੌਕਰੀ ਕਰਦਾ ਸੀ ਅਤੇ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਆਪਣੇ ਪਿਤਾ ਦੀ ਮਦਦ ਕਰਦਾ ਸੀ, ਜੋ ਠੇਕੇਦਾਰੀ ਦਾ ਕੰਮ ਕਰਦੇ ਹਨ। ਦੋਸ਼ ਹੈ ਕਿ ਜਿੱਥੇ ਸੱਤਿਮ ਕੰਮ ਕਰਦਾ ਸੀ, ਉਥੇ ਮਾਲਕ ਨੇ ਉਸ ‘ਤੇ ਨਕਦੀ ਅਤੇ ਗਹਿਣਿਆਂ ਦੀ ਚੋਰੀ ਦਾ ਇਲਜ਼ਾਮ ਲਗਾਇਆ ਅਤੇ ਇਸ ਸਬੰਧੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ।
ਪਰਿਵਾਰ ਦਾ ਦਾਅਵਾ ਹੈ ਕਿ ਪੁਲਿਸ ਵੱਲੋਂ ਥਾਣੇ ਬੁਲਾਉਣ ਅਤੇ ਲਗਾਤਾਰ ਬਣੇ ਦਬਾਅ ਕਾਰਨ ਨੌਜਵਾਨ ਡਰ ਅਤੇ ਘਬਰਾਹਟ ਵਿੱਚ ਆ ਗਿਆ ਸੀ। ਹਾਲਾਂਕਿ ਉਸ ਵੱਲੋਂ ਕੋਈ ਸੁਸਾਈਡ ਨੋਟ ਨਹੀਂ ਛੱਡਿਆ ਗਿਆ, ਪਰ ਪਰਿਵਾਰ ਦਾ ਕਹਿਣਾ ਹੈ ਕਿ ਮਾਨਸਿਕ ਤਸ਼ੱਦਦ ਨੇ ਉਸਨੂੰ ਅੰਤਿਮ ਕਦਮ ਚੁੱਕਣ ਲਈ ਮਜਬੂਰ ਕਰ ਦਿੱਤਾ।
ਘਟਨਾ ਤੋਂ ਬਾਅਦ ਪਰਿਵਾਰ ਅਤੇ ਸਥਾਨਕ ਲੋਕਾਂ ਨੇ ਪੁਲਿਸ ਤੋਂ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਮਿਹਨਤੀ ਅਤੇ ਗਰੀਬ ਵਰਗ ਦੇ ਨੌਜਵਾਨਾਂ ਵਿੱਚ ਡਰ ਪੈਦਾ ਕਰਦੀਆਂ ਹਨ।
ਉੱਥੇ ਹੀ ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਜਿਸ ਵਿਅਕਤੀ ਵੱਲੋਂ ਨੌਜਵਾਨ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ, ਉਸ ਦੀ ਭੂਮਿਕਾ ਦੀ ਵੀ ਤਫ਼ਤੀਸ਼ ਹੋਵੇਗੀ ਤਾਂ ਜੋ ਸੱਚ ਸਾਹਮਣੇ ਆ ਸਕੇ।
Get all latest content delivered to your email a few times a month.