ਤਾਜਾ ਖਬਰਾਂ
ਅੰਮ੍ਰਿਤਸਰ - ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਆਧੁਨਿਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 2 ਗਲੌਕ 9 ਐਮਐਮ ਪਿਸਤੌਲ ਅਤੇ 4 .30 ਬੋਰ ਪਿਸਤੌਲ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਆਰੋਪੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਆ ਰਹੇ ਹਥਿਆਰਾਂ ਨੂੰ ਸਰਹੱਦ ਨੇੜਲੇ ਇਲਾਕਿਆਂ ਵਿੱਚ ਰਿਸੀਵ ਕਰਕੇ ਅੱਗੇ ਪੰਜਾਬ ਦੇ ਗੈਂਗਸਟਰਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਹੇ ਸਨ।
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਸਾਰਾ ਆਪਰੇਸ਼ਨ ਸੀਆਈਏ ਸਟਾਫ ਦੀ ਟੀਮ ਵੱਲੋਂ ਇੰਟੈਲੀਜੈਂਸ ਬੇਸਡ ਜਾਣਕਾਰੀ ਦੇ ਆਧਾਰ ’ਤੇ ਅੰਜਾਮ ਦਿੱਤਾ ਗਿਆ। ਸਭ ਤੋਂ ਪਹਿਲਾਂ ਗੁਰਪ੍ਰੀਤ ਸਿੰਘ ਉਰਫ ਗੋਪੀ, ਵਾਸੀ ਪਿੰਡ ਰੱਤੋਕੇ, ਖੇਮਕਰਨ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ 4 ਪਿਸਤੌਲ ਬਰਾਮਦ ਹੋਏ। ਇਸ ਤੋਂ ਬਾਅਦ ਸੁਰਜੀਤ ਸਿੰਘ ਉਰਫ ਚੇਲਾ, ਵਾਸੀ ਭਿੱਖੀਵਿੰਡ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 2 ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਗੈਂਗਸਟਰ ਕ੍ਰਾਈਮ ਨੂੰ ਵਧਾਵਾ ਦੇਣ ਵਿੱਚ ਸਭ ਤੋਂ ਵੱਡਾ ਰੋਲ ਆਧੁਨਿਕ ਤੇ ਲੀਥਲ ਹਥਿਆਰਾਂ ਦਾ ਹੁੰਦਾ ਹੈ। ਜਦੋਂ ਅਜਿਹੇ ਹਥਿਆਰ ਅਪਰਾਧੀਆਂ ਤੱਕ ਪਹੁੰਚਦੇ ਹਨ ਤਾਂ ਉਨ੍ਹਾਂ ਦੀ ਸਟਰਾਈਕ ਪਾਵਰ ਕਈ ਗੁਣਾ ਵੱਧ ਜਾਂਦੀ ਹੈ। ਇਸ ਕਾਰਵਾਈ ਨਾਲ ਨਾ ਸਿਰਫ਼ ਹਥਿਆਰਾਂ ਦੀ ਸਪਲਾਈ ਚੇਨ ਟੁੱਟੀ ਹੈ, ਸਗੋਂ ਆਰਗਨਾਈਜ਼ਡ ਕ੍ਰਾਈਮ ਦੇ ਨੈਟਵਰਕ ਨੂੰ ਵੀ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਸਬੰਧੀ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿੱਚ ਅਸਲਾ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸਦੇ ਨਾਲ ਹੀ ਵਿੱਤੀ ਲਿੰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਤਸਕਰੀ ਤੋਂ ਆਉਣ ਵਾਲੀ ਰਕਮ ਕਿਹੜੇ ਰਾਹੀਂ ਪਾਕਿਸਤਾਨ ਤੱਕ ਭੇਜੀ ਜਾਂਦੀ ਸੀ।
Get all latest content delivered to your email a few times a month.