ਤਾਜਾ ਖਬਰਾਂ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਣਜੀਤ ਐਵਨੀਓ ਵਿਖੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਦਿਸ਼ਾ ਕਮੇਟੀ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਪੁਲਿਸ ਦੇ ਉੱਚ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਰਹੇ। ਮੀਟਿੰਗ ਦਾ ਮੁੱਖ ਮਕਸਦ ਕੇਂਦਰ ਅਤੇ ਰਾਜ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਦਾ ਰਿਵਿਊ ਕਰਨਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਲੱਭਣਾ ਸੀ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਮਪੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਸਭ ਤੋਂ ਵੱਡੀ ਸਮੱਸਿਆ ਕੂੜਾ ਪ੍ਰਬੰਧਨ ਅਤੇ ਸਫਾਈ ਦੀ ਹੈ। ਕਈ ਥਾਵਾਂ ‘ਤੇ ਸੀਵਰੇਜ, ਸਟ੍ਰੀਟ ਲਾਈਟਾਂ ਅਤੇ ਪੀਣ ਵਾਲੇ ਪਾਣੀ ਨਾਲ ਸੰਬੰਧਿਤ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੂੜੇ ਦੇ ਡੰਪਾਂ ਨੂੰ ਹਟਾਉਣ ਅਤੇ ਸੈਗਰੇਗੇਸ਼ਨ ਦੀ ਪ੍ਰਕਿਰਿਆ ਲਗਾਤਾਰ ਚੱਲ ਰਹੀ ਹੈ, ਜਿਸ ‘ਤੇ ਮਿਊਂਸਪਲ ਕਾਰਪੋਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਿਗਰਾਨੀ ਕਰ ਰਹੇ ਹਨ। ਔਜਲਾ ਨੇ ਹੜਾਂ ਨਾਲ ਪ੍ਰਭਾਵਿਤ ਇਲਾਕਿਆਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਜਿਹੜੇ ਪਰਿਵਾਰ ਅਜੇ ਤੱਕ ਮੁਆਵਜ਼ੇ ਤੋਂ ਵੰਜੇ ਰਹਿ ਗਏ ਹਨ, ਉਹਨਾਂ ਦੀਆਂ ਸ਼ਿਕਾਇਤਾਂ ਮੀਟਿੰਗ ਵਿੱਚ ਰੱਖੀਆਂ ਗਈਆਂ ਹਨ। ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਬਾਕੀ ਰਹਿੰਦੇ ਕੇਸਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ। ਸਿੱਖਿਆ ਦੇ ਮਸਲੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਹਾਲਤ ਚਿੰਤਾਜਨਕ ਹੈ। ਕਈ ਸਕੂਲਾਂ ਵਿੱਚ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀ ਘਾਟ ਹੈ। ਦਿਸ਼ਾ ਕਮੇਟੀ ਰਾਹੀਂ ਸਰਕਾਰ ਨੂੰ ਇਹ ਮੰਗ ਕੀਤੀ ਗਈ ਹੈ ਕਿ ਹਰ ਹਲਕੇ ਵਿੱਚ ਉੱਚ ਮਿਆਰ ਦੇ ਸਰਕਾਰੀ ਸਕੂਲ ਬਣਾਏ ਜਾਣ, ਤਾਂ ਜੋ ਆਮ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਿੱਖਿਆ ਦਿਵਾ ਸਕਣ। ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ‘ਤੇ ਗੱਲ ਕਰਦਿਆਂ ਔਜਲਾ ਨੇ ਕਿਹਾ ਕਿ ਇਹ ਮਸਲਾ ਇਕ-ਦੋ ਲਾਈਨਾਂ ਵਿੱਚ ਹੱਲ ਨਹੀਂ ਹੋ ਸਕਦਾ। ਇਸ ਲਈ ਸਾਰੀਆਂ ਪਾਰਟੀਆਂ, ਪੁਲਿਸ, ਪ੍ਰਸ਼ਾਸਨ ਅਤੇ ਸਮਾਜਿਕ ਵਰਗਾਂ ਨੂੰ ਇਕੱਠੇ ਬੈਠ ਕੇ ਗੰਭੀਰ ਵਿਚਾਰ ਕਰਨਾ ਪਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਹੀ ਗੈਂਗਸਟਰਵਾਦ, ਨਸ਼ਿਆਂ ਅਤੇ ਬੇਰੁਜ਼ਗਾਰੀ ਦਾ ਸਥਾਈ ਹੱਲ ਹੈ। ਮੁੱਖ ਮੰਤਰੀ ਦੇ ਬਿਆਨਾਂ ‘ਤੇ ਟਿੱਪਣੀ ਕਰਦਿਆਂ ਐਮਪੀ ਔਜਲਾ ਨੇ ਕਿਹਾ ਕਿ ਗਲਤ ਜਾਣਕਾਰੀ ਦੇ ਆਧਾਰ ‘ਤੇ ਬਿਆਨ ਦੇ ਕੇ ਜਨਤਾ ਨੂੰ ਭਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਵਾਲ ਪੁੱਛਣਾ ਹਰ ਕਿਸੇ ਦਾ ਹੱਕ ਹੈ ਅਤੇ ਮੀਡੀਆ ਜਾਂ ਵਿਰੋਧੀ ਧਿਰ ਨੂੰ ਟਾਰਗੇਟ ਕਰਨਾ ਠੀਕ ਨਹੀਂ। ਕਾਂਗਰਸ ਪਾਰਟੀ ਬਾਰੇ ਬੋਲਦਿਆਂ ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀ ਆਵਾਜ਼ ਹੋਰ ਮਜ਼ਬੂਤੀ ਨਾਲ ਉਠਾਈ ਜਾਵੇਗੀ।
Get all latest content delivered to your email a few times a month.