ਤਾਜਾ ਖਬਰਾਂ
ਲੁਧਿਆਣਾ ਵਿੱਚ ਟੈਕਸੀ ਚਾਲਕਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਲੁਧਿਆਣਾ ਟੈਕਸੀ ਯੂਨੀਅਨ ਦੇ ਸੈਂਕੜੇ ਮੈਂਬਰ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਵੱਖਰੇ ਢੰਗ ਨਾਲ ਰੋਸ ਜਤਾਉਂਦਿਆਂ ਆਪਣੀਆਂ ਗੱਡੀਆਂ ਦੀਆਂ ਚਾਬੀਆਂ ਗਲਾਂ ਵਿੱਚ ਪਾ ਕੇ ਪ੍ਰਦਰਸ਼ਨ ਕੀਤਾ।
ਟੈਕਸੀ ਚਾਲਕਾਂ ਨੇ ਕਿਹਾ ਕਿ ਉਹ ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪ ਚੁੱਕੇ ਹਨ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਦਾ ਦੋਸ਼ ਹੈ ਕਿ ‘ਬਲਾ ਬਲਾ’ ਸਮੇਤ ਕਈ ਐਪਾਂ ਰਾਹੀਂ ਬਿਨਾਂ ਪਰਮਿਟ ਵਾਲੀਆਂ ਪ੍ਰਾਈਵੇਟ ਗੱਡੀਆਂ ਧੜੱਲੇ ਨਾਲ ਚਲ ਰਹੀਆਂ ਹਨ, ਜਿਸ ਕਾਰਨ ਪਰਮਿਟਧਾਰੀ ਟੈਕਸੀ ਚਾਲਕਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।
ਟੈਕਸੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਇਸ ਅਨਿਆਏਂ ਮੁਕਾਬਲੇ ਕਾਰਨ ਉਨ੍ਹਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਗਈ ਹੈ ਅਤੇ ਕਈ ਚਾਲਕ ਆਪਣਾ ਕੰਮ ਛੱਡਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਐਪਾਂ ’ਤੇ ਚੱਲ ਰਹੀਆਂ ਗੈਰ-ਕਾਨੂੰਨੀ ਗੱਡੀਆਂ ’ਤੇ ਰੋਕ ਨਾ ਲਗਾਈ ਗਈ ਅਤੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਤਾਂ ਉਹ ਪਰਮਿਟ ਵਾਲੀਆਂ ਸਾਰੀਆਂ ਗੱਡੀਆਂ ਦੀਆਂ ਚਾਬੀਆਂ ਡਿਪਟੀ ਕਮਿਸ਼ਨਰ ਨੂੰ ਸੌਂਪ ਕੇ ਲੰਬੇ ਸਮੇਂ ਲਈ ਪੱਕਾ ਧਰਨਾ ਸ਼ੁਰੂ ਕਰਨਗੇ।
ਟੈਕਸੀ ਚਾਲਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ ਅਤੇ ਉਹ ਆਪਣਾ ਰੋਜ਼ਗਾਰ ਬਚਾ ਸਕਣ।
Get all latest content delivered to your email a few times a month.