ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇੱਕ ਟੀਵੀ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਨੂੰ ਆਧਾਰ ਬਣਾਉਂਦਿਆਂ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਰਹਿੰਦਿਆਂ ਲਏ ਗਏ ਕੁਝ ਅਹਿਮ ਫੈਸਲੇ ਗਲਤ ਸਨ ਅਤੇ ਉਹ ਰਾਜਨੀਤਿਕ ਦਬਾਅ ਹੇਠ ਲਏ ਗਏ, ਜਿਸ ਦੀ ਪੁਸ਼ਟੀ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਇੰਟਰਵਿਊ ਦੌਰਾਨ ਕੀਤੀ ਹੈ। ਡਾ. ਚੀਮਾ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਖਿਲਾਫ਼ ਹੋਏ ਫੈਸਲੇ ਧਾਰਮਿਕ ਨਹੀਂ ਸਗੋਂ ਰਾਜਨੀਤਿਕ ਮੰਨਸਾ ਨਾਲ ਪ੍ਰੇਰਿਤ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਦੱਸਿਆ ਕਿ ਇਹ ਮਸਲਾ ਪਹਿਲਾਂ ਵੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਭੋਗ ਸਮਾਗਮ ਦੌਰਾਨ ਸਟੇਜ ਤੋਂ ਉਠਾਇਆ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਢੀਂਡਸਾ ਸਾਹਿਬ ਦੇ ਨਿਵਾਸ ’ਤੇ ਬੁਲਾ ਕੇ ਇਨ੍ਹਾਂ ਮਸਲਿਆਂ ’ਤੇ ਵਿਚਾਰ ਕੀਤਾ ਗਿਆ ਅਤੇ ਬਾਅਦ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਯਾਦਾ ਅਤੇ ਫ਼ਸੀਲ ਦੀ ਵਰਤੋਂ ਕਰਕੇ ਉਹ ਫੈਸਲੇ ਲਾਗੂ ਕਰਵਾਏ ਗਏ।
ਡਾ. ਚੀਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ, ਵਧਦੀ ਬੇਰੋਜ਼ਗਾਰੀ, ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਚਿੰਤਾਜਨਕ ਹੈ। ਉਨ੍ਹਾਂ ਆਰੋਪ ਲਗਾਇਆ ਕਿ ਸਰਕਾਰ ਇਨ੍ਹਾਂ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਬੇਅਦਬੀ ਦੇ ਮਾਮਲਿਆਂ ’ਤੇ ਰਾਜਨੀਤੀ ਕਰ ਰਹੀ ਹੈ। ਨਾਲ ਹੀ, ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਨਾਲ ਟਕਰਾਅ ਵਾਲਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਸੰਗਤ ਹੁਣ ਸਚੇਤ ਹੋ ਚੁੱਕੀ ਹੈ।
ਬੰਗਾ ਦੇ ਨਾਭ ਕੰਵਲ ਸਾਹਿਬ ਗੁਰਦੁਆਰਾ ਤੋਂ 169 ਪਾਵਨ ਸਰੂਪਾਂ ਦੀ ਬਰਾਮਦਗੀ ਦੇ ਮਾਮਲੇ ’ਚ ਮੁੱਖ ਮੰਤਰੀ ਦੇ ਬਿਆਨ ’ਤੇ ਟਿੱਪਣੀ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸਰਕਾਰ ਦਾ ਦਾਅਵਾ ਝੂਠਾ ਸਾਬਤ ਹੋਇਆ ਅਤੇ ਸੰਗਤ ਦੇ ਵਿਰੋਧ ਤੋਂ ਬਾਅਦ ਸਰਕਾਰ ਨੂੰ ਮਾਫ਼ੀ ਮੰਗਣੀ ਪਈ।
ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਸਬੰਧੀ ਗੱਲ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਦੇਸ਼ ਵਿੱਚ ਕਾਨੂੰਨ ਸਭ ਲਈ ਇਕਸਾਰ ਹੈ। ਜੇ ਡੇਰਾ ਸਿਰਸਾ ਮੁਖੀ ਵਰਗੇ ਕੈਦੀਆਂ ਨੂੰ ਵਾਰ-ਵਾਰ ਪੈਰੋਲ ਮਿਲ ਸਕਦੀ ਹੈ ਤਾਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਨੂੰ ਵੀ ਪੈਰੋਲ ਮਿਲਣਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ।
ਇਸ ਤੋਂ ਇਲਾਵਾ, ਅਕਾਲੀ ਦਲ–ਭਾਜਪਾ ਚੋਣੀ ਸਮਝੌਤੇ ਬਾਰੇ ਬਿਆਨਬਾਜ਼ੀ ’ਤੇ ਟਿੱਪਣੀ ਕਰਦਿਆਂ ਡਾ. ਚੀਮਾ ਨੇ ਬਿੱਟੂ ਦੇ ਬਿਆਨਾਂ ਨੂੰ ਗੈਰ-ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਬਿੱਟੂ ਨਵੇਂ-ਨਵੇਂ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਉਹਨਾਂ ਬਿਆਨਾਂ ਰਾਹੀਂ ਭਾਜਪਾ ਦੇ ਉਹਨਾਂ ਸੀਨੀਅਰ ਆਗੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ ਜੋ ਅਕਾਲੀ ਦਲ–ਭਾਜਪਾ ਸਰਕਾਰ ਦੌਰਾਨ ਕੈਬਨਿਟ ਵਿੱਚ ਰਹੇ ਹਨ। ਡਾ. ਚੀਮਾ ਨੇ ਕਿਹਾ ਕਿ ਭਾਜਪਾ ਦੇ ਆਗੂਆਂ ਨੂੰ ਬਿੱਟੂ ਤੋਂ ਇਸ ਬਾਰੇ ਸਪਸ਼ਟੀਕਰਨ ਮੰਗਣਾ ਚਾਹੀਦਾ ਹੈ।
Get all latest content delivered to your email a few times a month.