ਤਾਜਾ ਖਬਰਾਂ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਗਣਤੰਤਰ ਦਿਵਸ ਦੇ ਮੌਕੇ ਬੰਬੀ ਹਮਲੇ ਦੀ ਗੰਭੀਰ ਧਮਕੀ ਮਿਲਣ ਨਾਲ ਸੂਬੇ ਦੇ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਇਹ ਧਮਕੀ ਸ਼ਿਮਲਾ ਦੇ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਨੂੰ ਇੱਕ ਈਮੇਲ ਰਾਹੀਂ ਭੇਜੀ ਗਈ, ਜਿਸ ਵਿੱਚ ਕਿਹਾ ਗਿਆ ਕਿ ਜੇ ਮੁੱਖ ਮੰਤਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਤਿਰੰਗਾ ਲਹਿਰਾਉਣ ਲਈ ਪਹੁੰਚੇ, ਤਾਂ ਉਨ੍ਹਾਂ ’ਤੇ ਆਤਮਘਾਤੀ ਬੰਬ ਨਾਲ ਹਮਲਾ ਕੀਤਾ ਜਾਵੇਗਾ।
ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵੱਲੋਂ ਸ਼ਿਮਲਾ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਇੱਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ ਧਮਕੀ ਭਰੀ ਇਹ ਈਮੇਲ ਡੀਸੀ ਦਫ਼ਤਰ ਦੀ ਅਧਿਕਾਰਤ ਮੇਲ ਆਈਡੀ ’ਤੇ ਪ੍ਰਾਪਤ ਹੋਈ ਸੀ, ਜਿਸਨੂੰ ਤੁਰੰਤ ਸਬੰਧਤ ਪੁਲਿਸ ਅਧਿਕਾਰੀਆਂ ਤੱਕ ਪਹੁੰਚਾਇਆ ਗਿਆ। ਇਸ ਸਬੰਧੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 351(3), 353(1)(ਬੀ) ਅਤੇ 152 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਧਮਕੀ ਭੇਜਣ ਵਾਲੇ ਦੀ ਪਛਾਣ ਲਈ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਕਿਉਂਕਿ ਈਮੇਲ ਇੱਕ ਗੁਮਨਾਮ ਆਈਡੀ ਤੋਂ ਭੇਜੀ ਗਈ ਸੀ, ਇਸ ਲਈ ਸਾਈਬਰ ਮਾਹਰਾਂ ਦੀ ਮਦਦ ਨਾਲ ਡਿਜੀਟਲ ਅਤੇ ਇਲੈਕਟ੍ਰਾਨਿਕ ਸਬੂਤਾਂ ਦੇ ਆਧਾਰ ’ਤੇ ਉਸਦੇ ਸਰੋਤ ਅਤੇ ਸਥਾਨ ਦਾ ਪਤਾ ਲਗਾਇਆ ਜਾ ਰਿਹਾ ਹੈ।
ਉਧਰ, ਪੁਲਿਸ ਅਤੇ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਗਣਤੰਤਰ ਦਿਵਸ ਦੇ ਮੌਕੇ ਸੁਰੱਖਿਆ ਪ੍ਰਬੰਧ ਪਹਿਲਾਂ ਹੀ ਕਾਫ਼ੀ ਮਜ਼ਬੂਤ ਹਨ ਅਤੇ ਹੁਣ ਇਸ ਧਮਕੀ ਤੋਂ ਬਾਅਦ ਹੋਰ ਵਧੀਕ ਚੌਕਸੀ ਅਪਣਾਈ ਜਾ ਰਹੀ ਹੈ। ਜਨਤਾ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਇਸ ਸਾਲ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਸ਼ਿਮਲਾ ਦੇ ਰਿਜ ਮੈਦਾਨ ’ਚ ਹੋਵੇਗਾ, ਜਿੱਥੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤਿਰੰਗਾ ਲਹਿਰਾਉਣਗੇ।
Get all latest content delivered to your email a few times a month.