ਤਾਜਾ ਖਬਰਾਂ
ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਆਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਲਾ ਅਨੰਦਗੜ੍ਹ ਸਾਹਿਬ ਦੀ ਕਾਰ ਸੇਵਾ ਦੇ ਸਹਿਯੋਗ ਨਾਲ ਇਹ ਵਿਆਹ ਰੂਪੀ ਨਗਰ ਕੀਰਤਨ ਗੁਰਦੁਆਰਾ ਭੋਰਾ ਸਾਹਿਬ (ਗੁਰੂ ਕੇ ਮਹਿਲ) ਤੋਂ ਰਵਾਨਾ ਹੋਇਆ।
ਜੈਕਾਰਿਆਂ ਦੀ ਗੂੰਜ 'ਚ ਹੋਈ ਆਰੰਭਤਾ
ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਹੋਈ। ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜੇ ਇਸ ਨਗਰ ਕੀਰਤਨ 'ਤੇ ਸੰਗਤਾਂ ਵੱਲੋਂ ਭਾਰੀ ਫੁੱਲਾਂ ਦੀ ਵਰਖਾ ਕੀਤੀ ਗਈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕਰਕੇ ਨਗਰ ਕੀਰਤਨ ਦੀ ਆਰੰਭਤਾ ਕਰਵਾਈ।
ਗੁਰਦੁਆਰਾ ਗੁਰੂ ਕਾ ਲਾਹੌਰ ਵਿਖੇ ਹੋਵੇਗੀ ਸਮਾਪਤੀ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਜ਼ਿਲ੍ਹਾ ਬਿਲਾਸਪੁਰ ਸਥਿਤ ਇਤਿਹਾਸਕ ਗੁਰਦੁਆਰਾ ਗੁਰੂ ਕਾ ਲਾਹੌਰ ਵਿਖੇ ਜਾ ਕੇ ਸੰਪੰਨ ਹੋਵੇਗਾ। ਬਸੰਤ ਪੰਚਮੀ ਵਾਲੇ ਦਿਨ ਉੱਥੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ, ਜਿੱਥੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣਗੀਆਂ।
ਦੇਸੀ ਘਿਓ ਦੀਆਂ ਮਠਿਆਈਆਂ ਦੇ ਲੰਗਰ
ਇਸ ਮੁਬਾਰਕ ਮੌਕੇ 'ਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਿਛਲੇ ਦੋ ਦਿਨਾਂ ਤੋਂ ਗੁਰਦੁਆਰਾ ਹੈਡ ਦਰਬਾਰ ਕੋਟ ਪੁਰਾਣ (ਰੂਪਨਗਰ) ਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਦੇਸੀ ਘਿਓ ਦੀਆਂ ਮਠਿਆਈਆਂ ਦੇ ਅਤੁੱਟ ਲੰਗਰ ਵਰਤਾਏ ਗਏ। ਨਗਰ ਕੀਰਤਨ ਦੇ ਪੂਰੇ ਰਸਤੇ ਵਿੱਚ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਸਵਾਗਤੀ ਗੇਟ ਲਗਾਏ ਗਏ ਅਤੇ ਛਬੀਲਾਂ ਤੇ ਪ੍ਰਸ਼ਾਦੇ ਦੇ ਲੰਗਰ ਲਗਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।
ਇਸ ਮੌਕੇ ਅੰਤਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਸਮੇਤ ਪੰਥਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।
Get all latest content delivered to your email a few times a month.