ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਅਕਾਲੀ ਮਾਰਕੀਟ ਸਥਿਤ ਉਸ ਥਾਂ ਦਾ ਦੌਰਾ ਕੀਤਾ, ਜਿੱਥੇ ਸੰਗਤਾਂ ਦੀ ਸਹੂਲਤ ਲਈ ਨਵੀਂ ਸਰਾਂ ਅਤੇ ਮਾਰਕੀਟ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਚੱਲ ਰਹੇ ਵਿਕਾਸ ਕਾਰਜਾਂ ਦਾ ਗਹਿਰਾਈ ਨਾਲ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਤੋਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਰਹਿਣ-ਸਹਿਣ ਸੰਬੰਧੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ SGPC ਵੱਲੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਥਾਨ ’ਤੇ ਤਿਆਰ ਕੀਤੀ ਜਾ ਰਹੀ ਵੱਡੀ ਸਰਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਸਥਾਪਤ ਹੋਵੇਗੀ।
ਐਡਵੋਕੇਟ ਧਾਮੀ ਨੇ ਇਹ ਵੀ ਸਪਸ਼ਟ ਕੀਤਾ ਕਿ ਸਰਾਂ ਵਿੱਚ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਵੱਖ-ਵੱਖ ਬਲਾਕ ਤਿਆਰ ਕੀਤੇ ਜਾਣਗੇ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਤਿਹਾਸਕ ਪ੍ਰੇਰਣਾ ਦਾ ਸਰੋਤ ਬਣਣਗੇ।
ਦੌਰੇ ਦੌਰਾਨ ਉਨ੍ਹਾਂ ਨਾਲ SGPC ਦੇ ਓਐਸਡੀ ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਐਕਸੀਅਨ ਸੁਖਜਿੰਦਰ ਸਿੰਘ, ਜੇਈ ਸ਼ਮਸ਼ੇਰ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।
Get all latest content delivered to your email a few times a month.