ਤਾਜਾ ਖਬਰਾਂ
ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਮਿਲ ਰਹੀਆਂ ਲਗਾਤਾਰ ਧਮਕੀਆਂ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਕੜੀ ਹੇਠ ਹੁਸ਼ਿਆਰਪੁਰ ਦੇ ਟਾਂਡਾ ਇਲਾਕੇ ਵਿੱਚ ਸਥਿਤ DIPS ਸਕੂਲ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ। ਈਮੇਲ ਵਿੱਚ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ 26 ਜਨਵਰੀ ਨੂੰ ਹੁਸ਼ਿਆਰਪੁਰ ਵਿੱਚ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਵਿੱਚ ਸਕੂਲ ਦੇ ਬੱਚਿਆਂ ਨੂੰ ਭੇਜਿਆ ਗਿਆ, ਤਾਂ ਉੱਥੇ ਵੱਡਾ ਬਲਾਸਟ ਕੀਤਾ ਜਾਵੇਗਾ।
ਧਮਕੀ ਦੇਣ ਵਾਲੇ ਨੇ ਸਕੂਲ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਬੱਚਿਆਂ ਨੂੰ ਸਕੂਲ ਅੰਦਰ ਹੀ ਰੱਖਿਆ ਜਾਵੇ। ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਿਟੀ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਕੂਲ ਪ੍ਰਸ਼ਾਸਨ ਵੱਲੋਂ ਇਸ ਸੰਬੰਧੀ ਐਫਆਈਆਰ ਦਰਜ ਕਰਵਾਈ ਗਈ ਹੈ। ਪੁਲਿਸ ਮੁਤਾਬਕ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਭੇਜਣ ਵਾਲੇ ਦੀ ਪਛਾਣ ਲਈ ਤਕਨੀਕੀ ਸਹਾਇਤਾ ਨਾਲ ਤਫਤੀਸ਼ ਜਾਰੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਵੀ ਗਣਤੰਤਰ ਦਿਵਸ ਮੌਕੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਹ ਧਮਕੀ ਸ਼ਿਮਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਈਮੇਲ ਰਾਹੀਂ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਮੁੱਖ ਮੰਤਰੀ ਝੰਡਾ ਲਹਿਰਾਉਣ ਲਈ ਪਹੁੰਚਦੇ ਹਨ ਤਾਂ ਉਨ੍ਹਾਂ 'ਤੇ ਆਤਮਘਾਤੀ ਹਮਲਾ ਕੀਤਾ ਜਾਵੇਗਾ। ਲਗਾਤਾਰ ਆ ਰਹੀਆਂ ਇਨ੍ਹਾਂ ਧਮਕੀਆਂ ਤੋਂ ਬਾਅਦ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ।
Get all latest content delivered to your email a few times a month.