ਤਾਜਾ ਖਬਰਾਂ
ਜਲੰਧਰ ਦਿਹਾਤੀ ਪੁਲਿਸ ਨੇ ਅੱਜ ਸਵੇਰੇ ਇੱਕ ਦਲੇਰਾਨਾ ਕਾਰਵਾਈ ਕਰਦਿਆਂ ਪੈਟਰੋਲ ਪੰਪ ਫਾਇਰਿੰਗ ਕਾਂਡ ਦੇ ਮੁੱਖ ਮੁਲਜ਼ਮ ਲਵਪ੍ਰੀਤ ਉਰਫ਼ ਲਵੀ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਅਲਾਵਲਪੁਰ ਰੋਡ 'ਤੇ ਹੋਏ ਇਸ ਮੁਕਾਬਲੇ ਦੌਰਾਨ ਮੁਲਜ਼ਮ ਨੇ ਪੁਲਿਸ 'ਤੇ ਗੋਲੀ ਚਲਾਈ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਕੀਤੀ ਫਾਇਰਿੰਗ 'ਚ ਬਦਮਾਸ਼ ਦੇ ਹੱਥ 'ਤੇ ਗੋਲੀ ਲੱਗੀ। ਜ਼ਖ਼ਮੀ ਹਾਲਤ ਵਿੱਚ ਮੁਲਜ਼ਮ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਕਾਲਜ ਪ੍ਰਧਾਨਗੀ ਦੇ ਵਿਵਾਦ 'ਚ ਚੱਲੀਆਂ ਸਨ ਗੋਲੀਆਂ
ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਾਰਾ ਵਿਵਾਦ 19 ਦਸੰਬਰ 2025 ਨੂੰ ਕਿਸ਼ਨਗੜ੍ਹ ਚੌਕ ਨੇੜੇ ਸੈਂਟ ਸੋਲਜਰ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਸ਼ੁਰੂ ਹੋਇਆ ਸੀ। ਬਰਿਸਟਾ ਕੈਫੇ ਦੇ ਕੋਲ ਇੱਕ ਪੈਟਰੋਲ ਪੰਪ 'ਤੇ ਤਿੰਨ ਕਾਰਾਂ ਵਿੱਚ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਅੰਨ੍ਹੇਵਾਹ 12 ਤੋਂ 15 ਰਾਊਂਡ ਫਾਇਰਿੰਗ ਕੀਤੀ ਸੀ, ਜਿਸ ਵਿੱਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਪਹਿਲਾਂ ਹੀ ਦੋ ਮੁਲਜ਼ਮਾਂ, ਜਤਿੰਦਰ ਅਤੇ ਰਕਸ਼ਿਤ ਨੂੰ ਕਾਬੂ ਕਰ ਲਿਆ ਸੀ, ਜਦਕਿ ਭੁਲੱਥ ਦਾ ਰਹਿਣ ਵਾਲਾ ਮੁੱਖ ਸ਼ੂਟਰ ਲਵੀ ਫ਼ਰਾਰ ਚੱਲ ਰਿਹਾ ਸੀ।
ਸਵੇਰੇ 9:15 ਵਜੇ ਹੋਇਆ ਆਹਮੋ-ਸਾਹਮਣਾ
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਵਪ੍ਰੀਤ ਅਲਾਵਲਪੁਰ ਇਲਾਕੇ ਵਿੱਚ ਘੁੰਮ ਰਿਹਾ ਹੈ। ਡੀ.ਐਸ.ਪੀ. ਆਦਮਪੁਰ ਦੀ ਅਗਵਾਈ ਹੇਠਲੀ ਟੀਮ ਨੇ ਜਦੋਂ ਅੱਜ ਸਵੇਰੇ ਸਵਾ ਨੌਂ ਵਜੇ ਉਸ ਨੂੰ ਘੇਰ ਕੇ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੇ ਪੁਲਿਸ ਪਾਰਟੀ 'ਤੇ ਗੋਲੀ ਚਲਾ ਦਿੱਤੀ। ਆਤਮ-ਰੱਖਿਆ ਵਿੱਚ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਮੌਕੇ 'ਤੇ ਹੀ ਦਬੋਚ ਲਿਆ ਗਿਆ।
ਪੁਰਾਣਾ ਅਪਰਾਧਿਕ ਪਿਛੋਕੜ
ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਲਵਪ੍ਰੀਤ ਉਰਫ਼ ਲਵੀ ਖ਼ਿਲਾਫ਼ ਪਹਿਲਾਂ ਵੀ ਲੜਾਈ-ਝਗੜੇ ਅਤੇ ਹਿੰਸਾ ਦੇ 3 ਮਾਮਲੇ ਦਰਜ ਹਨ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤਿਆ ਗਿਆ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਗ੍ਰਿਫ਼ਤਾਰੀ ਨਾਲ ਇਲਾਕੇ ਦੇ ਬਦਮਾਸ਼ਾਂ ਨੂੰ ਸਖ਼ਤ ਸੁਨੇਹਾ ਗਿਆ ਹੈ। ਫਿਲਹਾਲ ਮੁਲਜ਼ਮ ਹਸਪਤਾਲ ਵਿੱਚ ਜੇਰੇ ਇਲਾਜ ਹੈ ਅਤੇ ਠੀਕ ਹੋਣ ਉਪਰੰਤ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਸ ਗਰੋਹ ਨਾਲ ਜੁੜੇ ਹੋਰ ਤੱਥ ਸਾਹਮਣੇ ਆ ਸਕਣ।
Get all latest content delivered to your email a few times a month.