ਤਾਜਾ ਖਬਰਾਂ
ਕਾਦੀਆਂ/ਗੁਰਦਾਸਪੁਰ, 23 ਜਨਵਰੀ – ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਇੱਕ ਵੱਡਾ ਅਤੇ ਇਤਿਹਾਸਕ ਕਦਮ ਚੁੱਕਦੇ ਹੋਏ “ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਤਰ੍ਹਾਂ ਦੀ ਵਿਆਪਕ ਸਿਹਤ ਸੁਰੱਖਿਆ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਇਹ ਜਾਣਕਾਰੀ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 22 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਦਾ ਆਧਿਕਾਰਿਕ ਆਗਾਜ਼ ਕੀਤਾ ਗਿਆ, ਜਿਸਦਾ ਸ਼ੁਭਾਰੰਭ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਤੋਂ ਕੀਤਾ।
ਸੇਖਵਾਂ ਨੇ ਕਿਹਾ ਕਿ ਇਸ ਯੋਜਨਾ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਹੈ ਕਿ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਆਮਦਨ ਸੀਮਾ ਨਹੀਂ ਰੱਖੀ ਗਈ। ਅਮੀਰ-ਗਰੀਬ ਜਾਂ ਸਰਕਾਰੀ-ਗੈਰ ਸਰਕਾਰੀ ਕਰਮਚਾਰੀ – ਹਰ ਵਰਗ ਦਾ ਨਾਗਰਿਕ ਇਸ ਸਕੀਮ ਦਾ ਲਾਭ ਲੈ ਸਕੇਗਾ। ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਦਾ ਪੂਰਾ ਫਾਇਦਾ ਮਿਲੇਗਾ।
ਉਨ੍ਹਾਂ ਹੋਰ ਦੱਸਿਆ ਕਿ ਇਲਾਜ ਦੀ ਸੁਵਿਧਾ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਐਮਪੈਨਲ ਕੀਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਦੀ ਸਹੂਲਤ ਪ੍ਰਾਪਤ ਹੋਵੇਗੀ। ਇਸ ਨਾਲ ਲੋਕਾਂ ਨੂੰ ਮਹਿੰਗੇ ਇਲਾਜ ਦਾ ਖ਼ਰਚਾ ਭੁਗਤਣ ਤੋਂ ਵੱਡੀ ਰਾਹਤ ਮਿਲੇਗੀ ਅਤੇ ਸਮੇਂ ਸਿਰ ਵਧੀਆ ਇਲਾਜ ਉਪਲਬਧ ਹੋ ਸਕੇਗਾ।
ਸੇਖਵਾਂ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਸਿਹਤ ਖੇਤਰ ਵਿੱਚ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ। ਇਸ ਨਾਲ ਨਾ ਸਿਰਫ਼ ਹਰ ਪਰਿਵਾਰ ਨੂੰ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮਿਲਣਗੀਆਂ, ਸਗੋਂ ਲੋਕਾਂ ਦਾ ਸਰਕਾਰੀ ਸਿਹਤ ਪ੍ਰਣਾਲੀ ‘ਤੇ ਭਰੋਸਾ ਵੀ ਹੋਰ ਮਜ਼ਬੂਤ ਹੋਵੇਗਾ। ਪੰਜਾਬ ਸਰਕਾਰ ਦਾ ਇਹ ਕਦਮ ਆਮ ਲੋਕਾਂ ਦੀ ਭਲਾਈ ਅਤੇ ਸਮਾਜਕ ਸੁਰੱਖਿਆ ਵੱਲ ਇੱਕ ਵੱਡਾ ਉਪਰਾਲਾ ਮੰਨਿਆ ਜਾ ਰਿਹਾ ਹੈ।
Get all latest content delivered to your email a few times a month.