ਤਾਜਾ ਖਬਰਾਂ
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ ਅਤੇ ਡਾ. ਬਲਜੀਤ ਕੌਰ ਨੇ ਨਿਭਾਈ ਮੋਹਰੀ ਭੂਮਿਕਾ
ਚੰਡੀਗੜ੍ਹ, 24 ਜਨਵਰੀ 2026:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਪਟਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਲਗਾਤਰ ਦੂਜੇ ਦਿਨ ਜਾਰੀ ਰੱਖਦਿਆਂ ਅਮਨ ਵਿਹਾਰ ਕਲੋਨੀ, ਤ੍ਰਿਪੜੀ, ਸੁਖਰਾਮ ਕਲੋਨੀ, ਪਿੰਡ ਲੰਗ, ਮਾਤਾ ਕੌਸ਼ਲਿਆ ਹਸਪਤਾਲ ਅਤੇ ਰਾਜਿੰਦਰਾ ਹਸਪਤਾਲ ਵਿਖੇ ਸਿਹਤ ਕਾਰਡ ਜਾਰੀ ਕਰਨ ਵਾਲੇ ਕੇਂਦਰਾਂ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਇਹ ਯੋਜਨਾ ਸੂਬੇ ਦੇ ਹਰ ਮੂਲ ਨਿਵਾਸੀ ਨੂੰ ਯੂਨੀਵਰਸਲ ਹੈਲਥ ਕਵਰੇਜ ਪ੍ਰਦਾਨ ਕਰਦੀ ਹੈ।
ਇਸ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਣ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ 'ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼੍ਰੇਣੀਆਂ ਵਿੱਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਿੱਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ।।
ਯੋਜਨਾ ਪ੍ਰਤੀ ਵਿਆਪਕ ਜਾਗਰੂਕਤਾ ਅਤੇ ਇਸਦੇ ਜ਼ਮੀਨੀ ਪੱਧਰ ‘ਤੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਦੇ ਭੋਆ ਹਲਕੇ ਦੇ ਪਿੰਡਾਂ ਬਮਿਆਲ, ਨਰੋਟ ਜੈਮਲ ਸਿੰਘ ਅਤੇ ਅਨਿਆਲ ਦਾ ਵਿਸ਼ੇਸ਼ ਦੌਰਾ ਕੀਤਾ। ਉਨ੍ਹਾਂ ਨੇ ਘਰ-ਘਰ ਜਾ ਕੇ ਵਸਨੀਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਲਈ ਲੋਕਾਂ ਨੂੰ ਮੌਕੇ 'ਤੇ ਹੀ ਟੋਕਨ ਜਾਰੀ ਕੀਤੇ ਜਾਣ ਨੂੰ ਯਕੀਨੀ ਬਣਾਇਆ।
ਇਸੇ ਤਰ੍ਹਾਂ ਮਲੋਟ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵੀ ਘਰ-ਘਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਣੂੰ ਕਰਵਾਇਆ ਅਤੇ ਇਸਨੂੰ ਸਿਹਤ ਸੰਭਾਲ ਖੇਤਰ ਵਿੱਚ ਇੱਕ ਕ੍ਰਾਂਤੀਕਾਰੀ ਪਹਿਲ ਦੱਸਿਆ, ਜੋ ਸਮਾਜ ਦੇ ਸਾਰੇ ਵਰਗਾਂ ਲਈ ਮਿਆਰੀ ਡਾਕਟਰੀ ਸੇਵਾਵਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ।
ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਪੂਰੀ ਸਰਗਰਮੀ ਨਾਲ ਜਾਰੀ ਰਹੀ, ਜਿਸ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਵਿਖੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ, ਜਦੋਂ ਕਿ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਮਾਨਸਾ ਦੇ ਪਿੰਡ ਖੋਖਰ ਖੁਰਦ ਵਿੱਚ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਨਾਲ ਇਸ ਯੋਜਨਾ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਬਲ ਮਿਲਿਆ।
Get all latest content delivered to your email a few times a month.