ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਅਗਲੇ ਮਹੀਨੇ ਤੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਦੀ ਸ਼ੁਰੂਆਤ ਕਰੇਗੀ। ਇਨ੍ਹਾਂ ਰੈਲੀਆਂ ਰਾਹੀਂ ਪੰਜਾਬੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਅਕਾਲੀ ਦਲ ਵੱਲੋਂ ਨਿਭਾਈ ਗਈ ਇਤਿਹਾਸਕ ਭੂਮਿਕਾ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਾਲ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਦੀ ਦੂਰਅੰਦੇਸ਼ੀ ਸੋਚ ਵੀ ਲੋਕਾਂ ਸਾਹਮਣੇ ਰੱਖੀ ਜਾਵੇਗੀ।
ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਤੋਂ ਬਾਅਦ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀਆਂ ਸਰਕਾਰਾਂ ਵੱਲੋਂ ਕੀਤੇ ਗਏ ਵੱਡੇ ਵਿਕਾਸੀ ਕੰਮਾਂ ਨੂੰ ਯਾਦ ਕਰਵਾਉਂਦੇ ਹੋਏ ਕਿਹਾ ਕਿ ਪਾਰਟੀ ਦੇ ਸ਼ਾਸਨ ਦੌਰਾਨ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਗਿਆ, ਸ਼ਹਿਰਾਂ ਨੂੰ ਚਹੁੰ ਮਾਰਗੀ ਸੜਕਾਂ ਨਾਲ ਜੋੜਿਆ ਗਿਆ, ਨਵੇਂ ਥਰਮਲ ਪਲਾਂਟ ਅਤੇ ਹਵਾਈ ਅੱਡੇ ਬਣਾਏ ਗਏ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੱਤੀ ਗਈ।
ਡਾ. ਚੀਮਾ ਨੇ ਦੋਸ਼ ਲਗਾਇਆ ਕਿ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਸੂਬੇ ਵਿੱਚ ਇਕ ਵੀ ਨਵਾਂ ਬੁਨਿਆਦੀ ਢਾਂਚਾ ਖੜ੍ਹਾ ਨਹੀਂ ਕੀਤਾ, ਜਿਸ ਨਾਲ ਪੰਜਾਬ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਵਿੱਚ ਮੁੜ ਵਿਕਾਸ ਦਾ ਨਵਾਂ ਦੌਰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਪਾਰਟੀ ਦਾ ਜਥੇਬੰਦਕ ਢਾਂਚਾ 10 ਫਰਵਰੀ ਤੱਕ ਪੂਰਾ ਕਰ ਲਿਆ ਜਾਵੇਗਾ। ਬੂਥ ਪੱਧਰ ਦੀਆਂ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਯੂਥ ਅਕਾਲੀ ਦਲ, ਇਸਤਰੀ ਅਕਾਲੀ ਦਲ, ਅਨੁਸੂਚਿਤ ਜਾਤੀ, ਪਿੱਛੜੀਆਂ ਸ਼੍ਰੇਣੀਆਂ ਅਤੇ ਵਪਾਰ ਵਿੰਗ ਸਮੇਤ ਸਾਰੇ ਵਿੰਗਾਂ ਨੂੰ ਮਜ਼ਬੂਤ ਕੀਤਾ ਜਾਵੇਗਾ। ਹਾਲੀਆ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਸਰਗਰਮ ਰਹੇ ਆਗੂਆਂ ਨੂੰ ਜਥੇਬੰਦਕ ਢਾਂਚੇ ਵਿੱਚ ਅਹਿਮ ਜ਼ਿੰਮੇਵਾਰੀਆਂ ਦੇਣ ਦਾ ਵੀ ਫੈਸਲਾ ਕੀਤਾ ਗਿਆ।
ਡਾ. ਚੀਮਾ ਨੇ ਕਿਹਾ ਕਿ ਮੀਟਿੰਗ ਦੌਰਾਨ ਪੰਚਾਇਤਾਂ ਤੋਂ ਟਿਊਬਵੈਲ ਕਾਰਪੋਰੇਸ਼ਨ ਦੇ ਪੈਂਡਿੰਗ ਬਿੱਲਾਂ ਦੀ ਅਦਾਇਗੀ ਲਈ ਕੇਂਦਰੀ ਫੰਡ ਵਰਤਣ ਦੇ ਦਬਾਅ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਨ੍ਹਾਂ ਗੈਰਕਾਨੂੰਨੀ ਹੁਕਮਾਂ ਦਾ ਵਿਰੋਧ ਕਰਨ ਵਾਲੀਆਂ ਪੰਚਾਇਤਾਂ ਦੇ ਨਾਲ ਖੜ੍ਹੇਗਾ।
ਇਸ ਤੋਂ ਇਲਾਵਾ, ਆਪ ਸਰਕਾਰ ਦੀ ਸਿਹਤ ਬੀਮਾ ਯੋਜਨਾ ਨੂੰ ਵੀ ਮੀਟਿੰਗ ਵਿੱਚ ਆੜੇ ਹੱਥੀਂ ਲਿਆ ਗਿਆ। ਡਾ. ਚੀਮਾ ਨੇ ਦੋਸ਼ ਲਗਾਇਆ ਕਿ ਇਹ ਸਕੀਮ ਸਿਰਫ਼ ਪ੍ਰਚਾਰ ਤੱਕ ਸੀਮਿਤ ਹੈ ਅਤੇ ਅਸਲ ਵਿੱਚ ਸਰਕਾਰ ਕੋਲ ਇਸਨੂੰ ਲਾਗੂ ਕਰਨ ਲਈ ਫੰਡਾਂ ਦੀ ਘਾਟ ਹੈ। ਮੀਟਿੰਗ ਵਿੱਚ ਪਟਨਾ ਸਾਹਿਬ ਗੁਰਦੁਆਰਾ ਬੋਰਡ ਚੋਣਾਂ ਨਾਲ ਸਬੰਧਿਤ ਮਸਲੇ ਅਤੇ ਦਿੱਲੀ ਦੀ ਆਪ ਆਗੂ ਆਤਿਸ਼ੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦੀ ਨਿਰਪੱਖ ਜਾਂਚ ਦੀ ਮੰਗ ਵੀ ਕੀਤੀ ਗਈ।
Get all latest content delivered to your email a few times a month.