ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਵਿੱਚ ਉਸ ਵੇਲੇ ਨਵਾਂ ਮੋੜ ਆਇਆ, ਜਦੋਂ ਸੰਗਰੂਰ ਦੇ ਵਪਾਰ ਮੰਡਲ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਆਪਣੇ ਸਾਥੀਆਂ ਸਮੇਤ ਮੁੜ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਵਾਪਸੀ ਨੂੰ ਪੁਨਰ ਸੁਰਜੀਤ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਸਿਰੋਪਾ ਪਾ ਕੇ ਜਸਵਿੰਦਰ ਸਿੰਘ ਪ੍ਰਿੰਸ ਅਤੇ ਉਨ੍ਹਾਂ ਦੇ ਸਾਥੀਆਂ ਦਾ ਅਕਾਲੀ ਦਲ ਵਿੱਚ ਸਵਾਗਤ ਕੀਤਾ।
ਇਸ ਮੌਕੇ ਜਸਵਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਪੁਨਰ ਸੁਰਜੀਤ ਵੱਲੋਂ ਅਪਣਾਏ ਗਏ ਰਾਹ ਅਤੇ ਪਾਰਟੀ ਸਿਧਾਂਤਾਂ ਤੋਂ ਹੋਈ ਭਟਕਣਾ ਉਨ੍ਹਾਂ ਨੂੰ ਕਬੂਲ ਨਹੀਂ ਸੀ। ਉਨ੍ਹਾਂ ਦੱਸਿਆ ਕਿ ਜਦੋਂ ਸਾਰੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਜਾ ਕੇ ਮਾਫੀ ਮੰਗ ਚੁੱਕੇ ਸਨ ਅਤੇ ਖੁਦ ਗਿਆਨੀ ਹਰਪ੍ਰੀਤ ਸਿੰਘ ਨੇ ਵੱਖਰੇ ਚੁੱਲੇ ਨਾ ਚੱਲਣ ਦੀ ਗੱਲ ਕਹੀ ਸੀ, ਤਾਂ ਫਿਰ ਪ੍ਰਧਾਨਗੀ ਦੀ ਹੋੜ ਵਿੱਚ ਵੱਖਰੀ ਪਾਰਟੀ ਬਣਾਉਣਾ ਸਿਧਾਂਤਾਂ ਦੇ ਖ਼ਿਲਾਫ਼ ਸੀ।
ਜਸਵਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਅੱਜ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਹ ਪਰਿਵਾਰ ਅਤੇ ਸਾਥੀਆਂ ਸਮੇਤ ਆਪਣੀ ਮੂਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆਏ ਹਨ। ਉਨ੍ਹਾਂ ਵਿਸ਼ਵਾਸ ਜ਼ਾਹਿਰ ਕੀਤਾ ਕਿ ਹੁਣ ਉਹ ਪਹਿਲਾਂ ਨਾਲੋਂ ਵਧੇਰੇ ਜੋਸ਼ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਅਕਾਲੀ ਦਲ ਦੀਆਂ ਟੀਮਾਂ ਤਿਆਰ ਕਰਕੇ ਮੈਦਾਨੀ ਪੱਧਰ ‘ਤੇ ਕੰਮ ਕਰਨਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਾਕਤ ਨਾਲ ਯਤਨ ਕਰਨਗੇ।
Get all latest content delivered to your email a few times a month.