ਤਾਜਾ ਖਬਰਾਂ
ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਇੰਦਰਾ ਕਲੋਨੀ ਵਿੱਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ 67 ਸਾਲਾ ਬਜ਼ੁਰਗ ਮਹਿਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਿਨਾ ਰਾਣੀ ਵਜੋਂ ਹੋਈ ਹੈ, ਜੋ ਪੰਜਾਬ ਸਟੇਟ ਬਿਜਲੀ ਬੋਰਡ ਤੋਂ ਸੇਵਾਮੁਕਤ ਕਰਮਚਾਰੀ ਸੀ। ਦੋਸ਼ ਹੈ ਕਿ ਕਾਤਲਾਂ ਨੇ ਮਹਿਲਾ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਘਰ ਵਿੱਚ ਪਿਆ ਸੋਨਾ ਅਤੇ ਹੋਰ ਕੀਮਤੀ ਸਾਮਾਨ ਲੁੱਟ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਕਿਰਾਏਦਾਰਾਂ 'ਤੇ ਲੱਗੇ ਕਤਲ ਦੇ ਇਲਜ਼ਾਮ
ਵਾਰਦਾਤ ਦੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਰਿਸ਼ਤੇਦਾਰ ਨਵਲ ਚਰਨ ਨੇ ਦੱਸਿਆ ਕਿ ਘਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਰਹਿ ਰਹੇ ਕਿਰਾਏਦਾਰਾਂ ਨੇ ਹੀ ਇਸ ਘਿਨਾਉਣੀ ਘਟਨਾ ਨੂੰ ਅੰਜਾਮ ਦਿੱਤਾ ਹੈ। ਨਵਲ ਮੁਤਾਬਕ, ਰਾਤ ਸਮੇਂ ਕਿਰਾਏਦਾਰ ਦੀ ਪਤਨੀ ਨੇ ਉਨ੍ਹਾਂ ਨੂੰ ਜਗਾ ਕੇ ਲੁੱਟ ਹੋਣ ਦਾ ਡਰਾਮਾ ਰਚਿਆ, ਪਰ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਬਿਨਾ ਰਾਣੀ ਦੀ ਲਾਸ਼ ਪਈ ਸੀ ਅਤੇ ਸਾਰਾ ਸਾਮਾਨ ਖਿਲਰਿਆ ਹੋਇਆ ਸੀ।
ਸ਼ਰਾਬ ਦੀ ਪਾਰਟੀ ਤੋਂ ਬਾਅਦ ਹੋਇਆ ਝਗੜਾ!
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੀ ਏਡੀਸੀਪੀ (ADCP) ਸ੍ਰੀ ਵਨੇਲਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਆਪਸੀ ਤਕਰਾਰ ਦਾ ਜਾਪਦਾ ਹੈ। ਪੁਲਿਸ ਅਨੁਸਾਰ, ਬੀਤੀ ਰਾਤ ਮ੍ਰਿਤਕਾ ਦੇ ਪੁੱਤਰ ਅਤੇ ਦੋਵਾਂ ਕਿਰਾਏਦਾਰਾਂ ਵਿਚਕਾਰ ਸ਼ਰਾਬ ਦੀ ਪਾਰਟੀ ਚੱਲ ਰਹੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ ਵਿੱਚ ਹੋਈ ਬਹਿਸ ਤੋਂ ਬਾਅਦ ਇਸ ਕਤਲ ਨੂੰ ਅੰਜਾਮ ਦਿੱਤਾ ਗਿਆ।
ਪੁਲਿਸ ਵੱਲੋਂ ਛਾਪੇਮਾਰੀ ਜਾਰੀ
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਏਡੀਸੀਪੀ ਨੇ ਭਰੋਸਾ ਦਿੱਤਾ ਹੈ ਕਿ ਵਾਰਦਾਤ ਤੋਂ ਬਾਅਦ ਫ਼ਰਾਰ ਹੋਏ ਕਿਰਾਏਦਾਰਾਂ ਦੀ ਭਾਲ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਇਸ ਘਟਨਾ ਨੇ ਸ਼ਹਿਰ ਵਿੱਚ ਇਕੱਲੇ ਰਹਿਣ ਵਾਲੇ ਬਜ਼ੁਰਗਾਂ ਦੀ ਸੁਰੱਖਿਆ 'ਤੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।
Get all latest content delivered to your email a few times a month.