ਤਾਜਾ ਖਬਰਾਂ
ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੱਲੋਂ ਦਿੱਤੇ ਗਏ ਇੱਕ ਹੈਰਾਨੀਜਨਕ ਬਿਆਨ ਨੇ ਸੂਬੇ ਦੀ ਸਿਆਸਤ ਵਿੱਚ ਭੂਚਾਲ ਲਿਆ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਤਿੱਖੀ ਪ੍ਰੈੱਸ ਕਾਨਫਰੰਸ ਕਰਦਿਆਂ ਕਾਂਗਰਸ 'ਤੇ ਗੰਭੀਰ ਦੋਸ਼ ਲਗਾਏ ਹਨ। ਧਾਲੀਵਾਲ ਨੇ ਕਿਹਾ ਕਿ ਭੱਠਲ ਦਾ ਬਿਆਨ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਕਾਂਗਰਸ ਨੇ ਸੱਤਾ ਹਾਸਲ ਕਰਨ ਲਈ ਪੰਜਾਬ ਦੇ ਅਮਨ-ਚੈਨ ਨੂੰ ਵਾਰ-ਵਾਰ ਦਾਅ 'ਤੇ ਲਗਾਇਆ।
ਸੱਤਾ ਲਈ ਬੰਬ ਧਮਾਕਿਆਂ ਦੀ 'ਸਲਾਹ'?
ਕੁਲਦੀਪ ਧਾਲੀਵਾਲ ਨੇ ਬੀਬੀ ਭੱਠਲ ਦੇ ਉਸ ਹਵਾਲੇ 'ਤੇ ਇਤਰਾਜ਼ ਜਤਾਇਆ ਜਿਸ ਵਿੱਚ ਉਨ੍ਹਾਂ ਮੰਨਿਆ ਸੀ ਕਿ ਉਨ੍ਹਾਂ ਦੇ ਮੁੱਖ ਮੰਤਰੀ ਹੁੰਦਿਆਂ ਕੁਝ ਅਫ਼ਸਰਾਂ ਨੇ ਬੱਸਾਂ, ਰੇਲਾਂ ਅਤੇ ਜਨਤਕ ਥਾਵਾਂ 'ਤੇ ਧਮਾਕੇ ਕਰਵਾ ਕੇ ਮੁੜ ਸਰਕਾਰ ਬਣਾਉਣ ਦੀ 'ਸਲਾਹ' ਦਿੱਤੀ ਸੀ। ਧਾਲੀਵਾਲ ਨੇ ਸਵਾਲ ਉਠਾਇਆ:
"ਜੇ ਬੀਬੀ ਭੱਠਲ ਆਪਣੇ ਆਪ ਨੂੰ ਦੇਸ਼ ਭਗਤ ਮੰਨਦੇ ਹਨ, ਤਾਂ ਉਨ੍ਹਾਂ ਨੇ ਉਨ੍ਹਾਂ ਸਾਜ਼ਿਸ਼ੀ ਅਫ਼ਸਰਾਂ ਅਤੇ ਸਲਾਹਕਾਰਾਂ ਦੇ ਨਾਮ ਅੱਜ ਤੱਕ ਗੁਪਤ ਕਿਉਂ ਰੱਖੇ? ਪੰਜਾਬ ਦੇ ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਉਹ ਕਿਹੜੇ ਚਿਹਰੇ ਸਨ ਜੋ ਨੌਜਵਾਨਾਂ ਦੀਆਂ ਲਾਸ਼ਾਂ 'ਤੇ ਰਾਜਨੀਤੀ ਕਰਨਾ ਚਾਹੁੰਦੇ ਸਨ।"
ਕਾਲੇ ਦੌਰ ਦੀਆਂ ਜੜ੍ਹਾਂ ਕਾਂਗਰਸੀ ਸਾਜ਼ਿਸ਼ਾਂ 'ਚ!
80ਵੇਂ ਅਤੇ 90ਵੇਂ ਦਹਾਕੇ ਦੇ ਕਾਲੇ ਦੌਰ ਦਾ ਜ਼ਿਕਰ ਕਰਦਿਆਂ ਧਾਲੀਵਾਲ ਭਾਵੁਕ ਵੀ ਹੋਏ। ਉਨ੍ਹਾਂ ਕਿਹਾ ਕਿ ਉਹ ਖ਼ੁਦ ਉਸ ਦੌਰ ਦੇ ਪੀੜਤ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਭੱਠਲ ਦੇ ਬਿਆਨਾਂ ਤੋਂ ਸਪੱਸ਼ਟ ਹੈ ਕਿ ਹਜ਼ਾਰਾਂ ਬੇਗੁਨਾਹ ਨੌਜਵਾਨਾਂ ਦਾ ਕਤਲੇਆਮ ਮਹਿਜ਼ ਸਿਆਸੀ ਸਾਜ਼ਿਸ਼ਾਂ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ 35 ਸਾਲਾਂ ਬਾਅਦ ਇਨ੍ਹਾਂ ਸੱਚਾਈਆਂ ਦਾ ਬਾਹਰ ਆਉਣਾ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਣ ਵਾਂਗ ਹੈ।
ਮੌੜ ਬੰਬ ਧਮਾਕੇ 'ਤੇ ਉੱਠੇ ਸਵਾਲ
'ਆਪ' ਵਿਧਾਇਕ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਹੋਏ ਮੌੜ ਬੰਬ ਧਮਾਕੇ ਨੂੰ ਵੀ ਇਸੇ ਲੜੀ ਦਾ ਹਿੱਸਾ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਵੀ ਆਮ ਆਦਮੀ ਪਾਰਟੀ ਦੀ ਚੜ੍ਹਤ ਹੁੰਦੀ ਹੈ, ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਫਿਰ ਕਾਂਗਰਸ ਸੱਤਾ 'ਤੇ ਕਾਬਜ਼ ਹੋ ਜਾਂਦੀ ਹੈ। ਉਨ੍ਹਾਂ ਨੇ ਇਸ ਨੂੰ ਮਹਿਜ਼ ਇਤਫ਼ਾਕ ਮੰਨਣ ਤੋਂ ਇਨਕਾਰ ਕਰ ਦਿੱਤਾ।
ਮੁੱਖ ਮੰਤਰੀ ਮਾਨ ਤੋਂ ਉੱਚ ਪੱਧਰੀ ਜਾਂਚ ਦੀ ਮੰਗ
ਕੁਲਦੀਪ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਬੀਬੀ ਭੱਠਲ ਦੇ ਬਿਆਨ ਦੀ ਤੁਰੰਤ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਅਫ਼ਸਰਾਂ ਨੂੰ ਨੰਗਾ ਕੀਤਾ ਜਾਵੇ ਜਿਨ੍ਹਾਂ ਨੇ ਧਮਾਕੇ ਕਰਵਾਉਣ ਦੀ ਸਲਾਹ ਦਿੱਤੀ ਸੀ। ਧਾਲੀਵਾਲ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਕਾਂਗਰਸ ਦੇ ਇਸ 'ਅਸਲੀ ਚਿਹਰੇ' ਨੂੰ ਪਛਾਣਨ ਅਤੇ ਸੂਬੇ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ।
Get all latest content delivered to your email a few times a month.