ਤਾਜਾ ਖਬਰਾਂ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਾਕੀਪੁਰ ਵਿੱਚ ਰੰਜਿਸ਼ ਨੇ ਖੂਨੀ ਰੂਪ ਧਾਰ ਲਿਆ, ਜਿੱਥੇ ਭੂਆ ਨੂੰ ਮਿਲਣ ਆਏ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਣਾ ਸਿੰਘ, ਵਸਨੀਕ ਪਿੰਡ ਸੁਰਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਰਾਣਾ ਸਿੰਘ ਆਪਣੇ ਭਰਾ ਅਤੇ ਹੋਰ ਸਾਥੀਆਂ ਸਮੇਤ ਘਰੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਨਿਕਲਿਆ ਸੀ। ਰਸਤੇ ਵਿੱਚ ਉਹ ਆਪਣੀ ਭੂਆ ਨੂੰ ਮਿਲਣ ਲਈ ਪਿੰਡ ਬਾਕੀਪੁਰ ਚਲੇ ਗਏ। ਜਦੋਂ ਉਹ ਭੂਆ ਨੂੰ ਮਿਲ ਕੇ ਵਾਪਸ ਨਿਕਲੇ ਤਾਂ ਪਿੰਡ ਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ।
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਪਿੰਡ ਬਾਕੀਪੁਰ ਦੇ ਵੰਸ਼ ਅਤੇ ਉਸਦੇ ਸਾਥੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ 15 ਤੋਂ 20 ਨੌਜਵਾਨਾਂ ਨਾਲ ਮਿਲ ਕੇ ਉਨ੍ਹਾਂ ‘ਤੇ ਹਮਲਾ ਕੀਤਾ ਗਿਆ। ਪਹਿਲਾਂ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿੱਚ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਗੋਲੀ ਰਾਣਾ ਸਿੰਘ ਨੂੰ ਲੱਗੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪਰਿਵਾਰ ਨੇ ਦੱਸਿਆ ਕਿ ਕਰੀਬ ਇੱਕ ਸਾਲ ਪਹਿਲਾਂ ਵੰਸ਼ ਅਤੇ ਉਸਦੇ ਸਾਥੀਆਂ ਵੱਲੋਂ ਮ੍ਰਿਤਕ ਦੀ ਭੈਣ ਨਾਲ ਛੇੜਛਾੜ ਕੀਤੀ ਗਈ ਸੀ, ਜਿਸ ਮਾਮਲੇ ‘ਚ ਉਨ੍ਹਾਂ ਵੱਲੋਂ ਉਕਤ ਨੌਜਵਾਨਾਂ ਤੋਂ ਮੁਆਫ਼ੀ ਮੰਗਵਾਈ ਗਈ ਸੀ। ਇਸੇ ਗੱਲ ਦੀ ਰੰਜਿਸ਼ ਮਨ ਵਿੱਚ ਰੱਖ ਕੇ ਹੁਣ ਇਹ ਘਾਤਕ ਹਮਲਾ ਕੀਤਾ ਗਿਆ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ।
Get all latest content delivered to your email a few times a month.