ਤਾਜਾ ਖਬਰਾਂ
ਚੰਡੀਗੜ੍ਹ 29 ਜਨਵਰੀ 2026:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਚੰਡੀਗੜ੍ਹ ਨੂੰ ਪੰਜਾਬ ਦੇ ਨਿਵਾਸੀਆਂ ਲਈ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਅਸਲਾ ਐਕਟ ਤਹਿਤ ਕੁਝ ਸੋਧਾਂ ਦੀ ਲੋੜ 'ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਮੌਜੂਦਾ ਨਿਯਮਾਂ ਅਨੁਸਾਰ ਪੰਜਾਬ ਦੇ ਨਿਵਾਸੀਆਂ ਨੂੰ ਚੰਡੀਗੜ੍ਹ ਵਿੱਚ ਲਾਇਸੈਂਸਸ਼ੁਦਾ ਹਥਿਆਰ ਰੱਖਣ ਲਈ ਵੱਖਰੇ ਤੌਰ 'ਤੇ ਇਜਾਜ਼ਤ ਲਈ ਅਰਜ਼ੀ ਦੇਣੀ ਪੈਂਦੀ ਹੈ, ਜਿਸ ਕਰਕੇ ਉਨ੍ਹਾਂ ਨੂੰ ਬੇਲੋੜੀ ਦੇਰੀ ਅਤੇ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਲਿਖਿਆ ਕਿ ਜਦੋਂ ਪੰਜਾਬ ਦੇ ਨਿਵਾਸੀ ਹਥਿਆਰ ਦੇ ਲਾਇਸੈਂਸ ਲਈ ਅਰਜ਼ੀ ਦਿੰਦੇ ਹਨ ਤਾਂ ਇਸ ਵਿੱਚ ਅਧਿਕਾਰ ਖੇਤਰ ਸਿਰਫ਼ ਪੰਜਾਬ ਰਾਜ ਤੱਕ ਸੀਮਿਤ ਹੁੰਦਾ ਹੈ।
ਉਨ੍ਹਾਂ ਅੱਗੇ ਲਿਖਿਆ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਕਰਕੇ ਇਹ ਸੂਬੇ ਦਾ ਪ੍ਰਸ਼ਾਸਕੀ ਕੇਂਦਰ ਹੈ। ਪੰਜਾਬ ਦੇ ਬਹੁਤੇ ਨਿਵਾਸੀ ਚੰਡੀਗੜ੍ਹ ਵਿੱਚ ਰਹਿੰਦੇ ਹਨ ਅਤੇ ਅਕਸਰ ਸਰਕਾਰੀ ਅਤੇ ਨਿੱਜੀ ਕੰਮਾਂ ਦੇ ਸਬੰਧ ਵਿੱਚ ਚੰਡੀਗੜ੍ਹ ਆਉਂਦੇ-ਜਾਂਦੇ ਰਹਿੰਦੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਇਸ ਲਈ ਜਦੋਂ ਪੰਜਾਬ ਦੇ ਨਿਵਾਸੀਆਂ ਨੂੰ ਹਥਿਆਰ ਦਾ ਲਾਇਸੈਂਸ ਜਾਰੀ ਕੀਤਾ ਜਾਂਦਾ ਹੈ ਤਾਂ ਚੰਡੀਗੜ੍ਹ ਨੂੰ ਵੀ ਇਸਦੇ ਅਧਿਕਾਰ ਖੇਤਰ ਵਿੱਚ ਖੁਦ-ਬ-ਖੁਦ ਸ਼ਾਮਲ ਕਰਨਾ ਪੂਰੀ ਤਰ੍ਹਾਂ ਤਰਕਸੰਗਤ ਅਤੇ ਵਿਹਾਰਕ ਹੋਵੇਗਾ।
ਉਨ੍ਹਾਂ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਉਹ ਸਬੰਧਤ ਨਿਯਮਾਂ/ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਲਈ ਸਬੰਧਤ ਅਧਿਕਾਰੀਆਂ ਨੂੰ ਬਣਦੇ ਦਿਸ਼ਾ-ਨਿਰਦੇਸ਼ ਜਾਰੀ ਕਰਨਾ ਯਕੀਨੀ ਬਣਾਉਣ।
Get all latest content delivered to your email a few times a month.