ਤਾਜਾ ਖਬਰਾਂ
ਚੰਡੀਗੜ੍ਹ, 31 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 12ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ 727 ਛਾਪੇਮਾਰੀਆਂ ਕੀਤੀਆਂ।
ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੁਹਿੰਮ ਦੇ 12ਵੇਂ ਦਿਨ, ਪੁਲਿਸ ਟੀਮਾਂ ਨੇ 192 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਹਥਿਆਰ, 15 ਜ਼ਿੰਦਾ ਕਾਰਤੂਸ ਅਤੇ 6 ਮੈਗਜ਼ੀਨਾਂ ਬਰਾਮਦ ਕੀਤੀਆਂ। ਇਸ ਦੇ ਨਾਲ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 3913 ਹੋ ਗਈ ਹੈ।
ਇਸ ਤੋਂ ਇਲਾਵਾ, 178 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 324 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 336ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋਗ੍ਰਾਮ ਹੈਰੋਇਨ, 200 ਗ੍ਰਾਮ ਅਫੀਮ, 1253 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.01 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, 336 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,204 ਹੋ ਗਈ ਹੈ। 'ਡੀ-ਅਡਿਕਸ਼ਨ' ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।
Get all latest content delivered to your email a few times a month.