ਤਾਜਾ ਖਬਰਾਂ
ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਹੇਠ ਵਾਰਡ ਨੰਬਰ 19 (ਝੂਲਣਾ ਮਹਿਲ) ਵਿੱਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ ਅਤੇ ਉਨ੍ਹਾਂ ਦੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਵਾਲੇ ਸਿਹਤ ਕਾਰਡ ਬਣਾਏ ਗਏ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਲਕਸ਼ ਇਹ ਹੈ ਕਿ ਸੂਬੇ ਦਾ ਕੋਈ ਵੀ ਪਰਿਵਾਰ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵੰਝਾ ਨਾ ਰਹੇ। ਇਸੀ ਉਦੇਸ਼ ਨਾਲ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਿਹਤਰ ਇਲਾਜ ਮਿਲ ਸਕੇ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮੁਫ਼ਤ ਅਤੇ ਗੁਣਵੱਤਾ ਭਰਪੂਰ ਸਿਹਤ ਸੰਭਾਲ ਦਾ ਜੋ ਵਾਅਦਾ ਕੀਤਾ ਸੀ, ਉਸਨੂੰ ਪੂਰਾ ਕਰਦੇ ਹੋਏ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 22 ਜਨਵਰੀ ਨੂੰ ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਰਮਨ ਬਹਿਲ ਨੇ ਕਿਹਾ ਕਿ ਇਸ ਇਤਿਹਾਸਕ ਯੋਜਨਾ ਨਾਲ ਮਹਿੰਗੇ ਨਿੱਜੀ ਹਸਪਤਾਲ, ਜੋ ਪਹਿਲਾਂ ਸਿਰਫ਼ ਅਮੀਰ ਵਰਗ ਦੀ ਪਹੁੰਚ ਵਿੱਚ ਸਨ, ਹੁਣ ਗਰੀਬ ਅਤੇ ਮੱਧ ਵਰਗ ਲਈ ਵੀ ਉਪਲਬਧ ਹੋ ਗਏ ਹਨ। ਇਹ ਕਦਮ ਲੋਕ-ਹਿੱਤ ਵਿੱਚ ਇੱਕ ਫੈਸਲਾਕੁੰਨ ਬਦਲਾਅ ਸਾਬਤ ਹੋ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਅਧੀਨ ਵੱਡੀਆਂ ਤੇ ਛੋਟੀਆਂ ਸਾਰੀਆਂ ਬਿਮਾਰੀਆਂ ਲਈ ਦਵਾਈਆਂ, ਟੈਸਟ ਅਤੇ ਇਲਾਜ ਪੂਰੀ ਤਰ੍ਹਾਂ ਮੁਫ਼ਤ ਹੋਣਗੇ। ਮਰੀਜ਼ ਜਿਵੇਂ ਹੀ ਸੂਚੀਬੱਧ ਹਸਪਤਾਲ ਵਿੱਚ ਦਾਖਲ ਹੋਵੇਗਾ, ਉਸਨੂੰ ਕਿਸੇ ਵੀ ਤਰ੍ਹਾਂ ਦੀ ਰਕਮ ਅਦਾ ਨਹੀਂ ਕਰਨੀ ਪਵੇਗੀ। ਸਿਰਫ਼ ਆਪਣਾ ਸਿਹਤ ਕਾਰਡ ਨਾਲ ਲੈ ਕੇ ਜਾਣਾ ਲਾਜ਼ਮੀ ਹੋਵੇਗਾ।
ਰਮਨ ਬਹਿਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਬਿਨਾਂ ਕਿਸੇ ਆਮਦਨ ਸੀਮਾ ਦੇ ਸਾਰੇ ਪਰਿਵਾਰਾਂ ਲਈ ਹੈ। ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ, ਯਾਨੀ ਤਿੰਨ ਕਰੋੜ ਨਾਗਰਿਕਾਂ ਨੂੰ ਇਸ ਸਕੀਮ ਦਾ ਸਿੱਧਾ ਲਾਭ ਮਿਲੇਗਾ। ਇਹ ਪਹਿਲੀ ਵਾਰ ਹੈ ਕਿ ਸਿਹਤ ਬੀਮਾ ਯੋਜਨਾ ਵਿੱਚ ਕਿਸੇ ਨੂੰ ਵੀ ਬਾਹਰ ਨਹੀਂ ਰੱਖਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਤੱਕ 850 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲ ਇਸ ਯੋਜਨਾ ਨਾਲ ਜੋੜੇ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਹੋਰ ਹਸਪਤਾਲ ਵੀ ਸ਼ਾਮਲ ਕੀਤੇ ਜਾਣਗੇ। ਇਸ ਤੋਂ ਇਲਾਵਾ, ਸਕੀਮ ਵਿੱਚ ਇਲਾਜ ਪੈਕੇਜਾਂ ਦੀ ਗਿਣਤੀ ਵਧਾ ਕੇ 2356 ਕਰ ਦਿੱਤੀ ਗਈ ਹੈ, ਜੋ ਪਹਿਲਾਂ ਸਿਰਫ਼ 1600 ਸੀ।
ਇਸ ਯੋਜਨਾ ਤਹਿਤ ਆਰਥੋਪੀਡਿਕਸ, ਜਨਰਲ ਮੈਡੀਸਨ, ਦਿਲ ਦੇ ਰੋਗ, ਨਰਵਾਂ ਨਾਲ ਸੰਬੰਧਿਤ ਬਿਮਾਰੀਆਂ, ਗੁਰਦਿਆਂ, ਪਿਸ਼ਾਬ ਰੋਗ, ਕੈਂਸਰ ਸਮੇਤ ਕਈ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ।
Get all latest content delivered to your email a few times a month.