ਤਾਜਾ ਖਬਰਾਂ
ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਚੀਮਾ ਖੁਰਦ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪਿੰਡ ਦੇ ਸਾਬਕਾ ਸਰਪੰਚ ਅਤੇ ਉਸਦੇ ਸਾਥੀਆਂ ਵੱਲੋਂ ਇਕ ਸਾਬਕਾ ਫੌਜੀ ਦੀ ਤੇਜ਼ਧਾਰ ਹਥਿਆਰਾਂ ਨਾਲ ਨਿਰਦਯਤਾ ਨਾਲ ਹੱਤਿਆ ਕਰ ਦਿੱਤੀ ਗਈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਸਾਬਕਾ ਫੌਜੀ ਗੁਰਭੇਜ ਸਿੰਘ ਪੁੱਤਰ ਨਰਿੰਦਰ ਸਿੰਘ, ਵਾਸੀ ਪਿੰਡ ਚੀਮਾ ਖੁਰਦ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਗੁਰਚੇਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਰਹਿਣ ਵਾਲੇ ਸਾਬਕਾ ਸਰਪੰਚ ਸ਼ਰਨਜੀਤ ਸਿੰਘ, ਪ੍ਰਤਾਪ ਸਿੰਘ ਅਤੇ ਉਨ੍ਹਾਂ ਦੇ ਕੁਝ ਹੋਰ ਸਾਥੀਆਂ ਨਾਲ ਉਨ੍ਹਾਂ ਦੇ ਭਰਾ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ।
ਇਸੇ ਰੰਜਿਸ਼ ਦੇ ਚਲਦਿਆਂ ਦੋਸ਼ੀਆਂ ਨੇ ਗੁਰਭੇਜ ਸਿੰਘ ਨੂੰ ਪਹਿਲਾਂ ਫੜ ਕੇ ਰੱਖਿਆ ਅਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦੀ ਜਾਨ ਲੈ ਲਈ। ਗੁਰਚੇਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਮੌਕੇ ’ਤੇ ਪਹੁੰਚੇ, ਤਦ ਤੱਕ ਦੋਸ਼ੀ ਉਥੋਂ ਫਰਾਰ ਹੋ ਚੁੱਕੇ ਸਨ।
ਘਟਨਾ ਤੋਂ ਬਾਅਦ ਗੰਭੀਰ ਜ਼ਖ਼ਮੀ ਗੁਰਭੇਜ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਅਤੇ ਸੋਗ ਦੀ ਲਹਿਰ ਫੈਲ ਗਈ ਹੈ।
ਪੀੜਤ ਪਰਿਵਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਐਸਐਸਪੀ ਅਤੇ ਥਾਣਾ ਵਲਟੋਹਾ ਦੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਮ੍ਰਿਤਕ ਨੂੰ ਇਨਸਾਫ਼ ਮਿਲ ਸਕੇ।
Get all latest content delivered to your email a few times a month.