ਤਾਜਾ ਖਬਰਾਂ
ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਲਾਪਤਾ ਹੋ ਰਹੇ ਵਿਅਕਤੀਆਂ, ਖ਼ਾਸ ਕਰਕੇ ਔਰਤਾਂ ਅਤੇ ਬੱਚਿਆਂ ਦੇ ਵਧ ਰਹੇ ਮਾਮਲਿਆਂ ‘ਤੇ ਗਹਿਰੀ ਚਿੰਤਾ ਜ਼ਾਹਿਰ ਕਰਦਿਆਂ ਸੰਸਦ ਵਿੱਚ ਮਾਮਲਾ ਉਠਾਇਆ। ਉਨ੍ਹਾਂ ਨਾਲ ਇਸ ਮੁੱਦੇ ‘ਤੇ ਸੰਸਦ ਮੈਂਬਰ ਸੰਦੀਪ ਪਾਠਕ ਅਤੇ ਹਰੀਸ ਬੀਰਣ ਵੀ ਸ਼ਾਮਲ ਸਨ।
ਡਾ. ਸਾਹਨੀ ਨੇ ਦੱਸਿਆ ਕਿ ਸਾਲ ਦੇ ਪਹਿਲੇ ਕੇਵਲ 15 ਦਿਨਾਂ ਵਿੱਚ ਹੀ ਦਿੱਲੀ ਤੋਂ 807 ਲੋਕ ਲਾਪਤਾ ਹੋ ਚੁੱਕੇ ਹਨ, ਜੋ ਲਗਭਗ 54 ਲੋਕ ਪ੍ਰਤੀ ਦਿਨ ਦੀ ਔਸਤ ਬਣਦੀ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਸਿਰਫ਼ ਸੰਖਿਆਵਾਂ ਨਹੀਂ, ਸਗੋਂ ਸਮਾਜਿਕ ਸੁਰੱਖਿਆ ਪ੍ਰਣਾਲੀ ਲਈ ਵੱਡੀ ਚੇਤਾਵਨੀ ਹਨ।
ਉਨ੍ਹਾਂ ਮੁਤਾਬਕ, ਲਾਪਤਾ ਹੋਣ ਵਾਲਿਆਂ ਵਿੱਚੋਂ 509 ਔਰਤਾਂ ਅਤੇ 191 ਬੱਚੇ ਹਨ, ਜੋ ਇਸ ਸਥਿਤੀ ਨੂੰ ਹੋਰ ਵੀ ਗੰਭੀਰ ਬਣਾਉਂਦਾ ਹੈ। ਐਨਸੀਆਰਬੀ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਡਾ. ਸਾਹਨੀ ਨੇ ਕਿਹਾ ਕਿ ਇਹ ਸਮੱਸਿਆ ਨਵੀਂ ਨਹੀਂ ਹੈ। ਸਾਲ 2025 ਦੌਰਾਨ ਦਿੱਲੀ ਵਿੱਚ 23 ਹਜ਼ਾਰ ਤੋਂ ਵੱਧ ਲਾਪਤਾ ਵਿਅਕਤੀਆਂ ਦੇ ਮਾਮਲੇ ਦਰਜ ਹੋਏ ਸਨ, ਜਿਨ੍ਹਾਂ ਵਿੱਚੋਂ 60 ਫ਼ੀਸਦੀ ਤੋਂ ਵੱਧ ਔਰਤਾਂ ਅਤੇ ਲੜਕੀਆਂ ਸਨ। ਇਸ ਤੋਂ ਇੱਕ ਸਾਲ ਪਹਿਲਾਂ, 2024 ਵਿੱਚ ਲਗਭਗ 25 ਹਜ਼ਾਰ ਮਾਮਲੇ ਸਾਹਮਣੇ ਆਏ ਸਨ।
ਡਾ. ਸਾਹਨੀ ਨੇ ਕਿਹਾ ਕਿ ਦਿੱਲੀ ਵਿੱਚ ਕਰੀਬ 2.8 ਲੱਖ ਸਰਕਾਰੀ ਸੀਸੀਟੀਵੀ ਕੈਮਰੇ ਹੋਣ ਦੇ ਬਾਵਜੂਦ ਹਜ਼ਾਰਾਂ ਲਾਪਤਾ ਵਿਅਕਤੀਆਂ ਦਾ ਪਤਾ ਨਾ ਲਗਣਾ, ਪੁਲਿਸਿੰਗ ਅਤੇ ਨਿਗਰਾਨੀ ਪ੍ਰਣਾਲੀ ਦੀ ਨਾਕਾਮੀ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਗਿਣਤੀ ਨਿਊਯਾਰਕ ਅਤੇ ਲੰਡਨ ਵਰਗੇ ਮਹਾਂਨਗਰਾਂ ਨਾਲੋਂ ਵੀ ਵੱਧ ਹੈ।
ਇਸ ਸਥਿਤੀ ਨੂੰ ਦੇਖਦੇ ਹੋਏ ਡਾ. ਸਾਹਨੀ ਨੇ ਵਿਸ਼ੇਸ਼ ਜਾਂਚ ਟੀਮ (SIT) ਦੇ ਗਠਨ, ਮਨੁੱਖੀ ਤਸਕਰੀ ਵਿੱਚ ਸ਼ਾਮਲ ਗਿਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਔਰਤਾਂ ਦੀ ਸੁਰੱਖਿਆ ਲਈ ਇੱਕ ਸਮੱਗਰੀਕ ਰਣਨੀਤੀ ਤਿਆਰ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਲਾਪਤਾ ਮਾਮਲਿਆਂ ਦਾ ਪੈਟਰਨ, ਖ਼ਾਸ ਕਰਕੇ ਔਰਤਾਂ ਅਤੇ ਬੱਚਿਆਂ ਨਾਲ ਸੰਬੰਧਿਤ, ਸੰਗਠਿਤ ਮਨੁੱਖੀ ਤਸਕਰੀ ਦੇ ਸ਼ੱਕ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਇਸਨੂੰ ਨਜ਼ਰਅੰਦਾਜ਼ ਕਰਨਾ ਖ਼ਤਰਨਾਕ ਸਾਬਤ ਹੋ ਸਕਦਾ ਹੈ।
Get all latest content delivered to your email a few times a month.