ਤਾਜਾ ਖਬਰਾਂ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੂਸਲੇਵਾੜ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਥਾਰ ਗੱਡੀ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਬ੍ਰਹਮਪੁਰਾ ਦੇ ਰਹਿਣ ਵਾਲੇ ਦੋ ਵਿਅਕਤੀਆਂ ਵਜੋਂ ਹੋਈ ਹੈ, ਜੋ ਪੇਸ਼ੇ ਵਜੋਂ ਹਲਵਾਈ ਦਾ ਕੰਮ ਕਰਦੇ ਸਨ।
ਮ੍ਰਿਤਕ ਦੇ ਭਰਾ ਸੁਖਚੈਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵੇਂ ਵਿਅਕਤੀ ਮੋਟਰਸਾਈਕਲ ‘ਤੇ ਪਿੰਡ ਸਿਧਵਾਂ ਵੱਲ ਜਾ ਰਹੇ ਸਨ, ਜਦੋਂ ਰਸਤੇ ਵਿੱਚ ਥਾਰ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦੇ ਹੀ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ।
ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਸਦਰ ਦੇ ਮੁਖੀ ਵਿਪਨ ਕੁਮਾਰ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਹਾਦਸੇ ‘ਚ ਸ਼ਾਮਲ ਥਾਰ ਗੱਡੀ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਭੇਜਿਆ ਗਿਆ ਹੈ। ਸੁਖਚੈਨ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।
Get all latest content delivered to your email a few times a month.