ਤਾਜਾ ਖਬਰਾਂ
ਹਰਿਆਣਾ ਦੇ ਅੰਬਾਲਾ ਸ਼ਹਿਰ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸਥਾਨਕ ਅਦਾਲਤ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਐਕਸ਼ਨ ਮੋਡ ਵਿੱਚ ਆ ਗਿਆ ਅਤੇ ਬੰਬ ਨਿਰੋਧਕ ਦਸਤਾ (Bomb Squad) ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਅਦਾਲਤ ਪਰਿਸਰ ਵਿੱਚ ਤਾਇਨਾਤ ਕਰ ਦਿੱਤੀ ਗਈ।
ਸੁਰੱਖਿਆ ਕਾਰਨਾਂ ਕਰਕੇ ਅਦਾਲਤ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਸਖ਼ਤੀ ਨਾਲ ਜਾਂਚ ਕੀਤੀ ਗਈ। ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਅਦਾਲਤ ਵਿੱਚ ਮੌਜੂਦ ਵਕੀਲਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਕੁਝ ਸਮੇਂ ਲਈ ਹਫੜਾ-ਦਫੜੀ ਵੀ ਦੇਖਣ ਨੂੰ ਮਿਲੀ।
ਅੰਬਾਲਾ ਸਿਟੀ ਪੁਲਿਸ ਸਟੇਸ਼ਨ ਦੇ ਇੰਚਾਰਜ ਐਸਐਚਓ ਸੁਰੇਸ਼ ਕੁਮਾਰ ਨੇ ਦੱਸਿਆ ਕਿ ਅਦਾਲਤ ਨੂੰ ਈਮੇਲ ਰਾਹੀਂ ਬੰਬ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਬੰਬ ਸਕੁਐਡ ਵੱਲੋਂ ਪੂਰੇ ਅਦਾਲਤੀ ਪਰਿਸਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਹੈ, ਹਾਲਾਂਕਿ ਹੁਣ ਤੱਕ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।
ਗੌਰਤਲਬ ਹੈ ਕਿ ਇਹ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅੰਬਾਲਾ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਕਾਰਨ ਪ੍ਰਸ਼ਾਸਨ ਪਹਿਲਾਂ ਤੋਂ ਹੀ ਚੌਕੰਨਾ ਹੈ। ਤਾਜ਼ਾ ਧਮਕੀ ਤੋਂ ਬਾਅਦ ਇੱਕ ਵਾਰ ਫਿਰ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜੇ ਹੋ ਰਹੇ ਹਨ।
ਅਦਾਲਤ ਵਿੱਚ ਮੌਜੂਦ ਵਕੀਲਾਂ ਨੇ ਪ੍ਰਸ਼ਾਸਨ ਤੋਂ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਅਜਿਹੀ ਧਮਕੀ ਮਿਲਦੀ ਹੈ ਤਾਂ ਪੂਰੇ ਅਦਾਲਤੀ ਪਰਿਸਰ ਨੂੰ ਤੁਰੰਤ ਖਾਲੀ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਅਣਹੋਣੀ ਤੋਂ ਬਚਿਆ ਜਾ ਸਕੇ। ਵਕੀਲਾਂ ਨੇ ਇਹ ਵੀ ਚਿੰਤਾ ਜਤਾਈ ਕਿ ਬੰਬ ਧਮਕੀਆਂ ਦਾ ਇਹ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ, ਜੋ ਸੁਰੱਖਿਆ ਲਈ ਵੱਡੀ ਚੁਣੌਤੀ ਬਣਦਾ ਜਾ ਰਿਹਾ ਹੈ।
ਫਿਲਹਾਲ ਪੁਲਿਸ ਵੱਲੋਂ ਈਮੇਲ ਭੇਜਣ ਵਾਲੇ ਦੀ ਪਛਾਣ ਅਤੇ ਧਮਕੀ ਦੇ ਸਰੋਤ ਬਾਰੇ ਜਾਂਚ ਜਾਰੀ ਹੈ ਅਤੇ ਪ੍ਰਸ਼ਾਸਨ ਸਥਿਤੀ ’ਤੇ ਨਜ਼ਰ ਬਣਾਈ ਹੋਈ ਹੈ।
Get all latest content delivered to your email a few times a month.