ਤਾਜਾ ਖਬਰਾਂ
ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਸੋਮਵਾਰ ਸਵੇਰੇ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਲੱਕੀ ਓਬਰਾਏ ਦੀ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਸਵੇਰੇ ਕਰੀਬ 8 ਵਜੇ ਦੀ ਦੱਸੀ ਜਾ ਰਹੀ ਹੈ, ਜਦੋਂ ਲੱਕੀ ਓਬਰਾਏ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਉਪਰੰਤ ਬਾਹਰ ਨਿਕਲੇ ਸਨ।
ਪ੍ਰਾਪਤ ਜਾਣਕਾਰੀ ਮੁਤਾਬਕ, ਜਿਵੇਂ ਹੀ ਲੱਕੀ ਓਬਰਾਏ ਆਪਣੀ ਥਾਰ ਗੱਡੀ ਵਿੱਚ ਬੈਠਣ ਲੱਗੇ, ਉਸੇ ਸਮੇਂ ਐਕਟਿਵਾ ‘ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀ ਹਾਲਤ ‘ਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
ਇਸ ਕਤਲ ਕਾਂਡ ਤੋਂ ਬਾਅਦ ਗੈਂਗਸਟਰ ਜੋਗਾ ਫੋਲੜੀਵਾਲ ਵੱਲੋਂ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕਰਕੇ ਇਸ ਹੱਤਿਆ ਦੀ ਜ਼ਿੰਮੇਵਾਰੀ ਲੈ ਲਈ ਗਈ ਹੈ। ਆਪਣੀ ਪੋਸਟ ਵਿੱਚ ਜੋਗਾ ਫੋਲੜੀਵਾਲ ਨੇ ਦਾਅਵਾ ਕੀਤਾ ਹੈ ਕਿ ਲੱਕੀ ਓਬਰਾਏ ਦਾ ਕਤਲ ਕਿਸੇ ਸਿਆਸੀ ਕਾਰਨ ਨਹੀਂ, ਸਗੋਂ ਨਿੱਜੀ ਰੰਜਿਸ਼ ਦੇ ਚਲਦੇ ਕਰਵਾਇਆ ਗਿਆ ਹੈ। ਉਸ ਨੇ ਇਹ ਵੀ ਕਿਹਾ ਕਿ ਲੱਕੀ ਓਬਰਾਏ ਨੂੰ ‘ਆਪ’ ਦਾ ਆਗੂ ਦੱਸ ਕੇ ਜੋ ਪ੍ਰਚਾਰ ਕੀਤਾ ਜਾ ਰਿਹਾ ਹੈ, ਉਹ ਗਲਤ ਹੈ।
ਪੋਸਟ ਵਿੱਚ ਗੈਂਗਸਟਰ ਨੇ ਲੱਕੀ ਓਬਰਾਏ ‘ਤੇ ਨਸ਼ਾ ਤਸਕਰੀ ਅਤੇ ਹੋਰ ਗੈਰਕਾਨੂੰਨੀ ਧੰਧਿਆਂ ਨਾਲ ਜੁੜੇ ਹੋਣ ਦੇ ਗੰਭੀਰ ਦੋਸ਼ ਲਗਾਏ ਹਨ ਅਤੇ ਦਾਅਵਾ ਕੀਤਾ ਹੈ ਕਿ ਇਸ ਸਬੰਧੀ ਸਬੂਤ ਉਨ੍ਹਾਂ ਕੋਲ ਮੌਜੂਦ ਹਨ। ਉਸ ਨੇ ਇਹ ਵੀ ਦੱਸਿਆ ਕਿ ਕਤਲ ਦੀ ਵਜ੍ਹਾ ਖਾਲਸਾ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਸੀ। ਨਾਲ ਹੀ ਦਾਅਵਾ ਕੀਤਾ ਗਿਆ ਕਿ ਲੱਕੀ ਓਬਰਾਏ ਆਪਣੇ ਕਾਲੇ ਕੰਮਾਂ ਨੂੰ ਢੱਕਣ ਲਈ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਸੀ।
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਸਾਬਕਾ ਕੌਂਸਲਰ ਕੁਲਦੀਪ ਓਬਰਾਏ ਨੇ ਦੱਸਿਆ ਕਿ ਲੱਕੀ ਓਬਰਾਏ ਉਨ੍ਹਾਂ ਦੇ ਭਤੀਜੇ ਸਨ ਅਤੇ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਏ ਸਨ, ਪਰ ਉਨ੍ਹਾਂ ਨੂੰ ਅੰਦਾਜ਼ਾ ਵੀ ਨਹੀਂ ਸੀ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਆਖ਼ਰੀ ਸਫ਼ਰ ਹੋਵੇਗਾ।
ਵਾਰਦਾਤ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਨਾਕਾਬੰਦੀ ਵੀ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ‘ਤੇ ਆਈ ਜ਼ਿੰਮੇਵਾਰੀ ਵਾਲੀ ਪੋਸਟ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.