IMG-LOGO
ਹੋਮ ਪੰਜਾਬ: ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਜਨਤਕ ਜਥੇਬੰਦੀਆਂ ਨੇ ਪ੍ਰਸ਼ਾਸਨ ਅੱਗੇ...

ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਜਨਤਕ ਜਥੇਬੰਦੀਆਂ ਨੇ ਪ੍ਰਸ਼ਾਸਨ ਅੱਗੇ ਰੱਖੀਆਂ ਮੰਗਾਂ, ਡਿਪਟੀ ਕਮਿਸ਼ਨਰ ਬਠਿੰਡਾ ਨਾਲ ਮੁਲਾਕਾਤ

Admin User - Feb 06, 2026 08:19 PM
IMG

ਬਠਿੰਡਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਅਤੇ ਵਰਕਰਾਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਜਨਤਕ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਇੱਕ ਸਾਂਝਾ ਵਫ਼ਦ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਿਲਿਆ। ਵਫ਼ਦ ਨੇ ਪੁਲਿਸ ਵੱਲੋਂ ਥਾਂ-ਥਾਂ ਨਾਕਾਬੰਦੀਆਂ ਲਗਾ ਕੇ ਮੁੱਖ ਸੜਕਾਂ ‘ਤੇ ਆਵਾਜਾਈ ਰੋਕਣ ਨੂੰ ਲੋਕਾਂ ਦੇ ਜਮਹੂਰੀ ਹੱਕਾਂ ‘ਤੇ ਸਿੱਧਾ ਹਮਲਾ ਕਰਾਰ ਦਿੱਤਾ।

ਜਥੇਬੰਦੀਆਂ ਦੇ ਆਗੂਆਂ ਨੇ ਪ੍ਰਸ਼ਾਸਨ ਅੱਗੇ ਤਿੱਖਾ ਰੋਸ ਦਰਜ ਕਰਵਾਉਂਦੇ ਹੋਏ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੂੰ ਤੁਰੰਤ ਅਤੇ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਟਕਰਾਅ ਦੀ ਨੀਤੀ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਰਸਤਾ ਅਪਣਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੌਂ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਉਂਦ ਦੀ ਰਿਹਾਈ ਦੀ ਮੰਗ ਵੀ ਦੁਹਰਾਈ।

ਇਸ ਵਫ਼ਦ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਕਿਰਤੀ ਕਿਸਾਨ ਯੂਨੀਅਨ ਦੇ ਸਰਵਨ ਸਿੰਘ ਪੂਹਲੀ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਕਾਸ਼ ਸਿੰਘ ਨੰਦਗੜ੍ਹ, ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਚੰਦ ਸਿੰਘ ਭੁੱਚੋ ਖੁਰਦ, ਨੌਜਵਾਨ ਭਾਰਤ ਸਭਾ ਦੇ ਸੰਦੀਪ ਘੁੱਦਾ, ਪੀਐਸਯੂ ਸ਼ਹੀਦ ਰੰਧਾਵਾ ਦੇ ਨਵਜੋਤ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਬਲਦੇਵ ਸਿੰਘ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਗੁਰਵਿੰਦਰ ਸਿੰਘ ਪੰਨੂ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਚੰਦਰ ਸ਼ਰਮਾ, ਪੈਨਸ਼ਨਰ ਐਸੋਸੀਏਸ਼ਨ ਦੇ ਰੂਪ ਸਿੰਘ ਗਿੱਲਪੱਤੀ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਬਿਕਰਮਜੀਤ ਸਿੰਘ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਜੋਨੀ ਸਿੰਗਲਾ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਅਮਿਤ੍ਰਪਾਲ ਸਿੰਘ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜਗਪਾਲ ਸਿੰਘ ਬੰਗੀ ਸਮੇਤ ਹੋਰ ਕਈ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ।

ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਮੋਰਚੇ ‘ਤੇ ਨਾਕਾਮ ਰਹੀ ਹੈ ਅਤੇ ਲੋਕਾਂ ਦੀ ਆਵਾਜ਼ ਦਬਾਉਣ ਲਈ ਗ੍ਰਿਫ਼ਤਾਰੀਆਂ ਅਤੇ ਪੁਲਿਸੀ ਦਬਾਅ ਵਰਗੇ ਹਥਕੰਡੇ ਵਰਤ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.