IMG-LOGO
ਹੋਮ ਪੰਜਾਬ: ਕਾਂਗਰਸ ਵੱਲੋਂ ਨਾਭਾ 'ਚ ਮਨਰੇਗਾ ਬਚਾਓ ਰੈਲੀ - 2027 'ਚ...

ਕਾਂਗਰਸ ਵੱਲੋਂ ਨਾਭਾ 'ਚ ਮਨਰੇਗਾ ਬਚਾਓ ਰੈਲੀ - 2027 'ਚ ਮਨਰੇਗਾ ਨੂੰ ਮੂਡ ਬਹਾਲ ਕਰਨ ਦਾ ਕੀਤਾ ਵਾਅਦਾ

Admin User - Feb 11, 2026 07:15 PM
IMG

ਪਟਿਆਲਾ, 11 ਫ਼ਰਵਰੀ: ਕਾਂਗਰਸ ਪਾਰਟੀ ਨੇ ਅੱਜ ਨਾਭਾ ਵਿੱਚ ‘ਮਨਰੇਗਾ ਬਚਾਓ ਸੰਗ੍ਰਾਮ’ ਦੇ ਤਹਿਤ ਵੱਡੀ ਰੈਲੀ ਕੀਤੀ ਗਈ। ਇਸਦੇ ਨਾਲ ਹੀ ਪਾਰਟੀ ਵੱਲੋਂ ਪਟਿਆਲਾ ਵਿੱਚ ਸੂਬੇ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਖ਼ਿਲਾਫ਼ ਵੱਖਰਾ ਪ੍ਰਦਰਸ਼ਨ ਵੀ ਕੀਤਾ ਗਿਆ।


ਰੈਲੀ ਨੂੰ ਸੰਬੋਧਨ ਕਰਦਿਆਂ, ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ, ਗਰੀਬਾਂ ਅਤੇ ਮਜ਼ਦੂਰਾਂ ਦੀ ਸਭ ਤੋਂ ਵੱਡੀ ਦੁਸ਼ਮਣ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਕਾਨੂੰਨ ਵਿੱਚ ਕੀਤੀਆਂ ਤਬਦੀਲੀਆਂ ਇਸਦਾ ਸਾਫ ਸਬੂਤ ਹਨ।


ਸੂਬੇ ਵਿੱਚ ਵਿਗੜਦੀ ਕਾਨੂੰਨ-ਵਿਵਸਥਾ ਦੀ ਸਥਿਤੀ ਦੇ ਮਾਮਲੇ ‘ਤੇ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਨੇ ਅਪਰਾਧੀਆਂ ਅਤੇ ਗੈਂਗਸਟਰਾਂ ਵੱਲੋਂ ਹੱਤਿਆਵਾਂ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ, ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਬੇਖ਼ਬਰ ਦਿਖਾਈ ਦੇ ਰਹੀ ਹੈ।


ਭੂਪੇਸ਼ ਬਘੇਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ, ਮਨਰੇਗਾ ਵਿੱਚ ਤਬਦੀਲੀਆਂ ਦੇ ਖ਼ਿਲਾਫ਼ ਅੰਦੋਲਨ ਦੀ ਅਗਵਾਈ ਕਰਨ ਲਈ ਪੰਜਾਬ ਕਾਂਗਰਸ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਲੜਾਈ ਮਜ਼ਦੂਰਾਂ ਦੇ ਹੱਕਾਂ ਅਤੇ ਸੰਵਿਧਾਨ ਦੀ ਰਾਖੀ ਲਈ ਹੈ। 


ਉਨ੍ਹਾਂ ਨੇ ਭਾਜਪਾ ‘ਤੇ ਸੰਵਿਧਾਨ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਉਂਦਿਆਂ, ਕਿਹਾ ਕਿ ਲੋਕ ਸਭਾ ਚੋਣਾਂ ਵਿੱਚ 400 ਤੋਂ ਵੱਧ ਸੀਟਾਂ ਦਾ ਟੀਚਾ ਹਾਸਿਲ ਕਰਨ ਤੋਂ ਬਾਅਦ ਭਾਜਪਾ ਸੰਵਿਧਾਨ ਨੂੰ ਬਦਲਣਾ ਅਤੇ ਲੋਕ ਭਲਾਈ ਸਕੀਮਾਂ ਨੂੰ ਕਮਜ਼ੋਰ ਕਰਨਾ ਚਾਹੁੰਦੀ ਸੀ।


ਬਘੇਲ ਨੇ ਦੋਸ਼ ਲਾਇਆ ਕਿ ਭਾਜਪਾ ਸੀਬੀਆਈ, ਈਡੀ ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਰਾਹੀਂ ਵਿਰੋਧੀ ਆਗੂਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਲੇਕਿਨ ਕਾਂਗਰਸ ਦੇ ਆਗੂ ਪਿੱਛੇ ਨਹੀਂ ਹਟਣਗੇ। 


ਇਸੇ ਤਰ੍ਹਾਂ, ਉਨ੍ਹਾਂ ਨੇ ਮੋਦੀ ਉੱਪਰ ਅੰਤਰ ਰਾਸ਼ਟਰੀ ਸਮਝੌਤਿਆਂ ਰਾਹੀਂ ਖੇਤੀਬਾੜੀ ਅਤੇ ਡੇਅਰੀ ਉਤਪਾਦਾਂ ਦੀ ਆਮਦ ਦੀ ਇਜਾਜ਼ਤ ਦੇ ਕੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਕਰਨ ਦਾ ਦੋਸ਼ ਲਗਾਇਆ, ਜਿਸ ਨਾਲ ਦੇਸ਼ ਦੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ। ਉਹਨਾਂ ਨੇ ਕਿਹਾ ਕਿ ਮੋਦੀ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨਾਂ ਨੇ ਡੇਅਰੀ ਅਤੇ ਖੇਤੀ ਉਤਪਾਦਾਂ ਦੀ ਆਮਦ ਨੂੰ ਮਨਜ਼ੂਰੀ ਦਿੱਤੀ ਹੈ, ਜਿਹੜੀ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗੀ।


ਉਨ੍ਹਾਂ ਦੁਹਰਾਇਆ ਕਿ ਜੇਕਰ 2027 ਵਿੱਚ ਪੰਜਾਬ ਅਤੇ 2029 ਵਿੱਚ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ, ਤਾਂ ਮਨਰੇਗਾ ਨੂੰ ਮੁੜ ਬਹਾਲ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਮੌਜੂਦਾ ਸੰਘਰਸ਼ ਕਿਸਾਨਾਂ ਅਤੇ ਮਜ਼ਦੂਰਾਂ ਲਈ ਕੀਤਾ ਜਾ ਰਿਹਾ ਹੈ, ਜਦਕਿ ਭਾਜਪਾ ਕਾਰਪੋਰੇਟਾਂ ਦੇ ਹਿੱਤਾਂ ਦੀ ਕੰਮ ਕਰ ਰਹੀ ਹੈ।


ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭਾਜਪਾ ਦੀ ‘ਬੀ ਟੀਮ’ ਕਰਾਰ ਦਿੰਦਿਆਂ, ਪੁੱਛਿਆ ਕਿ ਮਨਰੇਗਾ ਵਿੱਚ ਤਬਦੀਲੀਆਂ ‘ਤੇ ਉਹ ਚੁੱਪ ਕਿਉਂ ਹਨ।


ਇਸ ਮੌਕੇ ਬੋਲਦਿਆਂ, ਰਾਜਾ ਵੜਿੰਗ ਨੇ ਮਨਰੇਗਾ ਨੂੰ “ਕੰਮ ਦਾ ਹੱਕ ਦੇਣ ਵਾਲਾ ਪਹਿਲਾ ਕਾਨੂੰਨ” ਕਰਾਰ ਦਿੱਤਾ ਅਤੇ ਕਿਹਾ ਕਿ ਇਸਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਾਂਗਰਸ ਆਗੂ ਸੋਨੀਆ ਗਾਂਧੀ ਨੇ ਭੁੱਖ ਤੇ ਬੇਰੁਜ਼ਗਾਰੀ ਕਾਰਨ ਪੈਦਾ ਹੋਣ ਵਾਲੀ ਅਵਿਵਸਥਾ ਨੂੰ ਰੋਕਣ ਲਈ ਲਿਆਂਦਾ ਸੀ।


ਉਨ੍ਹਾਂ ਨੇ ਭਾਜਪਾ ‘ਤੇ ਸਰਕਾਰੀ ਜਾਇਦਾਦਾਂ ਨੂੰ ਵੇਚਣ ਅਤੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਦੇ ਦੋਸ਼ ਲਗਾਉਂਦਿਆਂ, ਕਿਹਾ ਕਿ ਦੇਸ਼ ਦੀ 80 ਫ਼ੀਸਦੀ ਦੌਲਤ ਸਿਰਫ ਦੋ ਵਿਅਕਤੀਆਂ ਦੇ ਹੱਥਾਂ ਵਿੱਚ ਕੇਂਦਰਿਤ ਹੋ ਗਈ ਹੈ, ਜਦਕਿ ਗਰੀਬ ਵਰਗ ਨੂੰ ਰੁਜ਼ਗਾਰ ਦੇ ਮੌਕੇ ਨਹੀਂ ਮਿਲ ਰਹੇ।


ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੁਜ਼ਗਾਰ ਦੀ ਗਾਰੰਟੀ ਵਧਾਉਣ ਅਤੇ ਕਿਸਾਨਾਂ ਦੀ ਆਮਦਨ ਦੋਗੁਣੀ ਕਰਨ ਦੇ ਦਾਅਵਿਆਂ ‘ਤੇ ਸਵਾਲ ਉਠਾਉਂਦਿਆਂ, ਪੁੱਛਿਆ ਕਿ ਕੀ ਮਜ਼ਦੂਰਾਂ ਨੂੰ ਮਨਰੇਗਾ ਤਹਿਤ 100 ਦਿਨਾਂ ਦਾ ਰੁਜ਼ਗਾਰ ਮਿਲਿਆ ਵੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇਕਰ 50 ਦਿਨ ਵੀ ਰੁਜ਼ਗਾਰ ਨਹੀਂ ਮਿਲਿਆ, ਤਾਂ ਫਿਰ 125 ਦਿਨ ਕਿਵੇਂ ਮਿਲੇਗਾ। ਇਹ ਸੱਭ “ਖੋਖਲੇ ਐਲਾਨ” ਹਨ।


ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਦੀ ਨੀਅਤ ਸਾਫ਼ ਹੁੰਦੀ, ਤਾਂ ਦਿਹਾੜੀ 700 ਰੁਪਏ ਤੱਕ ਵਧਾਈ ਜਾ ਸਕਦੀ ਸੀ। ਲੇਕਿਨ ਕਾਂਗਰਸ ਮਨਰੇਗਾ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਤੱਕ ਆਪਣਾ ਅੰਦੋਲਨ ਜਾਰੀ ਰੱਖੇਗੀ।


ਉੱਥੇ ਹੀ, ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ, ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ 60,000 ਰੁਪਏ ਦੇ ਬਕਾਏ ਜਾਰੀ ਕਰਨ ਲਈ ਕਿਹਾ। ਉਨ੍ਹਾਂ ਨੇ ਆਪ ‘ਤੇ ਝੂਠੇ ਵਾਅਦੇ ਕਰਨ ਦਾ ਦੋਸ਼ ਲਗਾਉਂਦਿਆਂ, ਲੋਕਾਂ ਨੂੰ ਅਪੀਲ ਕੀਤੀ ਕਿ “ਪੈਸੇ ਲੈ ਲਓ, ਪਰ ਵੋਟ ਨਾ ਦਿਓ”।


ਜਦਕਿ ਨਸ਼ੇ ਦੇ ਮੁੱਦੇ ‘ਤੇ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਨਸ਼ਾ ਵਿਰੋਧੀ ਮਾਰਚ ਸਵਾਗਤ ਯੋਗ ਹੈ, ਲੇਕਿਨ ਸਰਹੱਦ ਪਾਰੋਂ ਆ ਰਹੇ ਨਸ਼ੇ ਕੇਂਦਰ ਦੀ ਭੂਮਿਕਾ ‘ਤੇ ਸਵਾਲ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਸੁਰੱਖਿਆ ਬੀਐਸਐਫ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦੀ ਹੈ, ਇਸ ਲਈ ਸੂਬਾ ਅਤੇ ਕੇਂਦਰ ਦੋਵੇਂ ਸਰਕਾਰਾਂ ਨਸ਼ੇ ਨੂੰ ਰੋਕਣ ਵਿੱਚ ਨਾਕਾਮ ਰਹੀਆਂ ਹਨ।


ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਭਾਜਪਾ ਅਤੇ ਅਕਾਲੀ ਦਲ ਨੂੰ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੇਕਿਨ ਇਸ ਨਾਲ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪਵੇਗਾ ਅਤੇ ਪਾਰਟੀ ਸਾਰੇ ਵਿਰੋਧੀਆਂ ਨੂੰ ਹਰਾਉਣ ਲਈ ਤਿਆਰ ਹੈ, ਫਿਰ ਭਾਵੇਂ ਉਹ ਅਕਾਲੀ-ਭਾਜਪਾ ਗਠਜੋੜ ਹੋਵੇ ਜਾਂ ਫਿਰ ਆਪ।


ਇਸ ਮੌਕੇ ਹੋਰਨਾਂ ਤੋਂ ਇਲਾਵਾ, ਲੋਕ ਸਭਾ ਮੈਂਬਰ ਧਰਮਵੀਰ ਗਾਂਧੀ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਰਣਦੀਪ ਨਾਭਾ, ਗੁਰਕੀਰਤ ਕੋਟਲੀ, ਅਰੁਣਾ ਚੌਧਰੀ, ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ, ਕੈਪਟਨ ਸੰਦੀਪ ਸੰਧੂ ਸਮੇਤ ਕਈ ਆਗੂ ਹਾਜ਼ਰ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.