IMG-LOGO
ਹੋਮ ਪੰਜਾਬ, ਰਾਸ਼ਟਰੀ, ਆਮ ਆਦਮੀ ਪਾਰਟੀ ਵੱਲੋਂ ਅੱਜ 12 ਫਰਵਰੀ ਦੇ ਭਾਰਤ ਬੰਦ...

ਆਮ ਆਦਮੀ ਪਾਰਟੀ ਵੱਲੋਂ ਅੱਜ 12 ਫਰਵਰੀ ਦੇ ਭਾਰਤ ਬੰਦ ਨੂੰ ਭਰਪੂਰ ਹਮਾਇਤ ਦਾ ਐਲਾਨ; ਕਿਹਾ, ਮਜ਼ਦੂਰਾਂ ਤੇ ਕਿਸਾਨਾਂ ਦੀ ਲੜਾਈ ਸਾਡੀ ਲੜਾਈ

Admin User - Feb 12, 2026 08:51 AM
IMG

ਚੰਡੀਗੜ੍ਹ, 12 ਫਰਵਰੀ - ਆਮ ਆਦਮੀ ਪਾਰਟੀ ਨੇ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ 12 ਫਰਵਰੀ 2026 ਨੂੰ ਸੱਦੇ ਗਏ ਦੇਸ਼ ਵਿਆਪੀ ਭਾਰਤ ਬੰਦ ਨੂੰ ਆਪਣੀ ਮੁਕੰਮਲ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਮਜ਼ਦੂਰ-ਵਿਰੋਧੀ ਲੇਬਰ ਨੀਤੀਆਂ ਅਤੇ ਕਿਸਾਨ-ਮਾਰੂ ਆਰਥਿਕ ਫ਼ੈਸਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 'ਆਪ' ਦੇ ਵਰਕਰ ਮਜ਼ਦੂਰਾਂ ਅਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਇਸ ਬੰਦ ਵਿੱਚ ਸ਼ਾਮਲ ਹੋਣਗੇ।

ਪਾਰਟੀ ਬੁਲਾਰਿਆਂ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਨਵੇਂ ਲੇਬਰ ਕੋਡ ਲਾਗੂ ਕਰਕੇ ਮਜ਼ਦੂਰਾਂ ਦੇ ਹੱਕਾਂ 'ਤੇ ਸਿੱਧਾ ਹਮਲਾ ਕੀਤਾ ਹੈ। ਇਨ੍ਹਾਂ ਨਵੇਂ ਕੋਡਾਂ ਨਾਲ ਨੌਕਰੀ ਦੀ ਸੁਰੱਖਿਆ ਘਟਾਈ ਗਈ ਹੈ, ਕਾਨੂੰਨੀ ਸੁਰੱਖਿਆ ਦੀਆਂ ਧਾਰਾਵਾਂ ਕਮਜ਼ੋਰ ਕੀਤੀਆਂ ਗਈਆਂ ਹਨ ਅਤੇ ਮਾਲਕਾਂ ਨੂੰ ਭਰਤੀ ਤੇ ਛਾਂਟੀ ਵਿੱਚ ਬੇਲਗਾਮ ਛੋਟ ਦਿੱਤੀ ਗਈ ਹੈ, ਜਿਸ ਨਾਲ ਕਰੋੜਾਂ ਮਿਹਨਤਕਸ਼ ਲੋਕਾਂ ਦੇ ਹੱਕ ਅਤੇ ਹਿੱਤ ਖ਼ਤਰੇ ਵਿੱਚ ਪੈ ਗਏ ਹਨ। ਕਿਸਾਨ ਜਥੇਬੰਦੀਆਂ ਦਾ ਇਸ ਬੰਦ ਨੂੰ ਸਮਰਥਨ ਦੇਣਾ ਸਾਬਤ ਕਰਦਾ ਹੈ ਕਿ ਭਾਜਪਾ ਦੀਆਂ ਆਰਥਿਕ ਨੀਤੀਆਂ ਨੇ ਸਿਰਫ਼ ਮਜ਼ਦੂਰਾਂ ਨੂੰ ਹੀ ਨਹੀਂ ਸਗੋਂ ਕਿਸਾਨਾਂ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪਾਰਟੀ ਹਮੇਸ਼ਾ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਸੜਕਾਂ 'ਤੇ ਉਤਰ ਕੇ ਲੜਦੀ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਜ਼ਦੂਰਾਂ ਦੀ ਘੱਟੋ-ਘੱਟ ਤਨਖ਼ਾਹ ਵਧਾਉਣ, ਕਿਸਾਨਾਂ ਦੀ ਕਣਕ-ਝੋਨੇ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਅਤੇ ਆਮ ਲੋਕਾਂ ਨੂੰ ਮੁਫ਼ਤ ਬਿਜਲੀ, ਸਿਹਤ ਸੇਵਾਵਾਂ ਤੇ ਸਿੱਖਿਆ ਵਰਗੀਆਂ ਸਹੂਲਤਾਂ ਦੇ ਕੇ ਸਾਬਤ ਕੀਤਾ ਹੈ ਕਿ ਅਸਲ ਵਿੱਚ ਲੋਕਾਂ ਦੀ ਗੱਲ ਕਰਨ ਵਾਲੀ ਪਾਰਟੀ ਕਿਹੜੀ ਹੈ।

ਪਾਰਟੀ ਨੇ ਕੇਂਦਰ ਸਰਕਾਰ 'ਤੇ ਸਖ਼ਤ ਹਮਲਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਅਡਾਨੀ-ਅੰਬਾਨੀ ਵਰਗੇ ਚਹੇਤੇ ਕਾਰਪੋਰੇਟਾਂ ਦੇ ਮੁਨਾਫ਼ੇ ਲਈ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ। ਨਵੇਂ ਲੇਬਰ ਕੋਡ ਤਹਿਤ ਮਾਲਕਾਂ ਨੂੰ ਬਿਨਾਂ ਕਿਸੇ ਜਵਾਬਦੇਹੀ ਮਜ਼ਦੂਰਾਂ ਨੂੰ ਕੱਢਣ ਦੀ ਖੁੱਲ੍ਹ ਦੇ ਦਿੱਤੀ ਗਈ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਸਹੀ ਮੁੱਲ ਨਹੀਂ ਦਿੱਤਾ ਜਾ ਰਿਹਾ। ਇਸੇ ਕਰਕੇ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਭਾਰਤ ਬੰਦ ਦਾ ਸੱਦਾ ਦੇਣਾ ਪਿਆ ਹੈ।

ਆਮ ਆਦਮੀ ਪਾਰਟੀ ਨੇ ਪੰਜਾਬ ਅਤੇ ਦੇਸ਼ ਭਰ ਦੇ ਸਾਰੇ ਮਜ਼ਦੂਰਾਂ, ਕਿਸਾਨਾਂ, ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 12 ਫਰਵਰੀ ਦੇ ਭਾਰਤ ਬੰਦ ਨੂੰ ਸ਼ਾਂਤੀਪੂਰਨ ਢੰਗ ਨਾਲ ਸਫ਼ਲ ਬਣਾਉਣ। ਪਾਰਟੀ ਨੇ ਕਿਹਾ ਕਿ ਇਹ ਬੰਦ ਕਿਸੇ ਇੱਕ ਪਾਰਟੀ ਦਾ ਨਹੀਂ ਸਗੋਂ ਕਰੋੜਾਂ ਮਿਹਨਤਕਸ਼ ਲੋਕਾਂ ਦੇ ਸਵੈਮਾਣ, ਇਨਸਾਫ਼ ਅਤੇ ਹੱਕਾਂ ਦੀ ਲੜਾਈ ਹੈ ਅਤੇ ਆਮ ਆਦਮੀ ਪਾਰਟੀ ਇਸ ਲੜਾਈ ਵਿੱਚ ਮੂਹਰਲੀ ਕਤਾਰ ਵਿੱਚ ਖੜ੍ਹੀ ਹੈ।

ਪਾਰਟੀ ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਭਾਜਪਾ ਸਰਕਾਰ ਨੇ ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਆਮ ਆਦਮੀ ਪਾਰਟੀ ਅਗਲੇ ਪੜਾਅ ਦੇ ਸੰਘਰਸ਼ ਵਿੱਚ ਵੀ ਮਿਹਨਤਕਸ਼ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.