ਤਾਜਾ ਖਬਰਾਂ
ਅੰਮ੍ਰਿਤਸਰ ਦੇ ਭੰਡਾਰੀ ਪੁੱਲ ‘ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ ਅਤੇ ਮਜ਼ਦੂਰ ਸੰਘਠਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਸਾਂਝਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਬੈਂਕ ਮੁਲਾਜ਼ਮ, ਬਿਜਲੀ ਕਰਮਚਾਰੀ ਅਤੇ ਹੋਰ ਸੰਸਥਾਵਾਂ ਨਾਲ ਜੁੜੇ ਲੋਕਾਂ ਨੇ ਹਿਸਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਗ੍ਰਾਹਾ ਦੇ ਜ਼ਿਲ੍ਹਾ ਅੰਮ੍ਰਿਤਸਰ ਆਗੂ ਪਰਮਿੰਦਰ ਸਿੰਘ ਨੇ ਕਿਹਾ ਕਿ ਇਹ ਪ੍ਰਦਰਸ਼ਨ ਪੂਰੇ ਦੇਸ਼ ਵਿੱਚ ਸਾਂਝੇ ਤੌਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲਗਭਗ 35 ਕਰੋੜ ਲੋਕ ਇਸ ਹੜਤਾਲ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਪਬਲਿਕ ਸੈਕਟਰ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਰ ਲੇਬਰ ਕੋਡਾਂ ਦੀ ਲਾਗੂਅੰਦਾਜ਼ੀ, ਮਨਰੇਗਾ ਦੇ ਸਰੂਪ ਵਿੱਚ ਤਬਦੀਲੀ, ਬਿਜਲੀ ਸੋਧ ਕਾਨੂੰਨ ਰਾਹੀਂ ਬਿਜਲੀ ਖੇਤਰ ਨੂੰ ਪ੍ਰਾਈਵੇਟ ਕਰਨ ਦੀ ਕੋਸ਼ਿਸ਼ ਅਤੇ ਭਾਰਤ-ਅਮਰੀਕਾ ਵਿਚਾਲੇ ਹੋ ਰਹੇ ਵਪਾਰਿਕ ਸਮਝੌਤੇ ਦੇ ਖ਼ਿਲਾਫ਼ ਲੋਕਾਂ ਵਿੱਚ ਗੁੱਸਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨੀਤੀਆਂ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਲਈ ਹਾਨੀਕਾਰਕ ਸਾਬਤ ਹੋਣਗੀਆਂ। ਪਰਮਿੰਦਰ ਸਿੰਘ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣੇ ਫ਼ੈਸਲੇ ਵਾਪਸ ਨਾ ਲਏ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਵੱਡੇ ਪੱਧਰ ‘ਤੇ ਸੰਘਰਸ਼ ਕੀਤੇ ਜਾਣਗੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਕਰਨ ਸਿੰਘ ਛੀਨਾ ਨੇ ਕਿਹਾ ਕਿ ਅੱਜ ਦੀ ਹੜਤਾਲ ਇਤਿਹਾਸਕ ਹੈ ਅਤੇ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਵੀ ਵੱਡੀ ਗਿਣਤੀ ਵਿੱਚ ਮਜ਼ਦੂਰ ਅਤੇ ਕਿਸਾਨ ਇਕੱਠੇ ਹੋਏ ਹਨ। ਬਿਜਲੀ ਕਰਮਚਾਰੀਆਂ ਅਤੇ ਉਦਯੋਗਿਕ ਮਜ਼ਦੂਰਾਂ ਨੇ ਵੀ ਹੜਤਾਲ ਵਿੱਚ ਭਾਗ ਲਿਆ। ਉਨ੍ਹਾਂ ਕੇਂਦਰ ਸਰਕਾਰ ‘ਤੇ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਨ ਦੇ ਦੋਸ਼ ਲਗਾਏ ਅਤੇ ਕਿਹਾ ਕਿ ਦੇਸ਼ ਵਿੱਚ ਜਮਹੂਰੀ ਅਧਿਕਾਰਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਵੱਡੇ ਸੰਘਰਸ਼ਾਂ ਦਾ ਹੋ ਸਕਦਾ ਹੈ ਜੇਕਰ ਸਰਕਾਰ ਨੇ ਆਪਣੀਆਂ ਨੀਤੀਆਂ ਵਿੱਚ ਬਦਲਾਅ ਨਾ ਕੀਤਾ। ਪ੍ਰਦਰਸ਼ਨ ਦੌਰਾਨ ਨਿੱਜੀਕਰਨ ਦੇ ਵਿਰੋਧ, ਕਿਸਾਨ-ਮਜ਼ਦੂਰ ਏਕਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਕੀਤਾ ਗਿਆ ਅਤੇ ਆਗੂਆਂ ਨੇ ਆਪਣੀਆਂ ਮੰਗਾਂ ਮੰਨਵਾਉਣ ਲਈ ਲੜਾਈ ਜਾਰੀ ਰੱਖਣ ਦਾ ਐਲਾਨ ਕੀਤਾ।
Get all latest content delivered to your email a few times a month.