ਤਾਜਾ ਖਬਰਾਂ
ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਕਥਿਤ ਜਾਤੀਸੂਚਕ ਬਿਆਨ ਦੇਣ ਦੇ ਦੋਸ਼ਾਂ ਕਾਰਨ ਘਿਰੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਬਾਜਵਾ ਨੇ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਕੋਈ ਵੀ ਜਾਤੀ ਆਧਾਰਿਤ ਜਾਂ ਅਨੁਸੂਚਿਤ ਜਾਤੀ ਵਿਰੋਧੀ ਟਿੱਪਣੀ ਨਹੀਂ ਕੀਤੀ ਗਈ ਅਤੇ ਉਨ੍ਹਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਬੇਬੁਨਿਆਦ ਹੈ।
ਬਾਜਵਾ ਨੇ ਆਪਣੀ ਪਟੀਸ਼ਨ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ 9 ਫ਼ਰਵਰੀ ਨੂੰ ਜਾਰੀ ਨੋਟਿਸ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਮਿਸ਼ਨ ਵੱਲੋਂ ਉਨ੍ਹਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਕਾਨੂੰਨੀ ਤੌਰ ‘ਤੇ ਠੀਕ ਨਹੀਂ ਅਤੇ ਇਹ ਨਿਆਂਸੰਗਤ ਪ੍ਰਕਿਰਿਆ ਦੇ ਉਲਟ ਹੈ। ਇਸ ਲਈ ਉਨ੍ਹਾਂ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਨੋਟਿਸ ਅਤੇ ਅਗਲੀ ਕਾਰਵਾਈ ਨੂੰ ਰੱਦ ਕੀਤਾ ਜਾਵੇ।
ਇਸ ਤੋਂ ਇਲਾਵਾ, ਬਾਜਵਾ ਨੇ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਿਰੁੱਧ ਵੀ ਗੰਭੀਰ ਐਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਚੇਅਰਮੈਨ ਨੇ ਅਦਾਲਤਾਂ ਸਬੰਧੀ ਅਣਉਚਿਤ ਭਾਸ਼ਾ ਵਰਤੀ ਹੈ, ਜੋ ਹਾਈਕੋਰਟ ਅਤੇ ਸੁਪਰੀਮ ਕੋਰਟ ਦਾ ਅਪਮਾਨ ਮੰਨੀ ਜਾ ਸਕਦੀ ਹੈ। ਬਾਜਵਾ ਨੇ ਅਦਾਲਤ ਤੋਂ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਵੀ ਉਚਿਤ ਕਾਰਵਾਈ ਕੀਤੀ ਜਾਵੇ।
ਪਟੀਸ਼ਨ ਵਿੱਚ ਇਹ ਵੀ ਦਰਜ ਹੈ ਕਿ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਰੀਬੀ ਮਿੱਤਰ ਹਨ, ਜਿਸ ਕਾਰਨ ਨਿਰਪੱਖ ਸੁਣਵਾਈ ਸੰਭਵ ਨਹੀਂ। ਇਸ ਆਧਾਰ ‘ਤੇ ਬਾਜਵਾ ਨੇ ਪੂਰੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਹਾਈਕੋਰਟ ਵੱਲੋਂ ਇਸ ਪਟੀਸ਼ਨ ਨੂੰ ਸੁਣਵਾਈ ਲਈ ਮਨਜ਼ੂਰ ਕਰ ਲਿਆ ਗਿਆ ਹੈ ਅਤੇ ਸੋਮਵਾਰ ਨੂੰ ਇਸ ਮਾਮਲੇ ‘ਤੇ ਵਿਚਾਰ ਕੀਤਾ ਜਾਵੇਗਾ। ਹੁਣ ਸਭ ਦੀਆਂ ਨਿਗਾਹਾਂ ਅਦਾਲਤੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ।
Get all latest content delivered to your email a few times a month.