ਤਾਜਾ ਖਬਰਾਂ
ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬਜੀਦਪੁਰ ਵਿੱਚ ਇੱਕ ਬਹੁਤ ਹੀ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਕਬੱਡੀ ਖਿਡਾਰੀ ਜਗਸੀਰ ਸਿੰਘ ਨੇ ਪਹਿਲਾਂ ਆਪਣੀ ਪਤਨੀ ਨਵਨੀਤ ਕੌਰ ਅਤੇ ਚਾਰ ਸਾਲਾ ਪੁੱਤਰ ਨੂੰ ਗੋਲੀ ਮਾਰੀ ਅਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਕੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ।
ਮਿਲੀ ਜਾਣਕਾਰੀ ਮੁਤਾਬਕ, ਘਟਨਾ ਉਸ ਵੇਲੇ ਸਾਹਮਣੇ ਆਈ ਜਦੋਂ ਘਰ ਵਿੱਚ ਮੌਜੂਦ ਨੌਕਰ ਨੇ ਗੋਲੀ ਚੱਲਣ ਦੀ ਆਵਾਜ਼ ਸੁਣੀ। ਉਹ ਤੁਰੰਤ ਅੰਦਰ ਗਿਆ ਤਾਂ ਤਿੰਨੇ ਜਖ਼ਮੀ ਹਾਲਤ ਵਿੱਚ ਜ਼ਮੀਨ ‘ਤੇ ਡਿੱਗੇ ਪਏ ਸਨ ਅਤੇ ਨੇੜੇ ਹੀ ਪਿਸਤੌਲ ਪਈ ਹੋਈ ਸੀ। ਨੌਕਰ ਨੇ ਫੌਰੀ ਤੌਰ ‘ਤੇ ਪਿੰਡ ਵਾਸੀਆਂ ਦੀ ਮਦਦ ਨਾਲ ਤਿੰਨਾਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਦੇ ਚਲਦਿਆਂ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ।
ਪੁਲਿਸ ਦੀ ਸ਼ੁਰੂਆਤੀ ਜਾਂਚ ਅਨੁਸਾਰ, ਜਗਸੀਰ ਸਿੰਘ ਅਤੇ ਉਸ ਦੀ ਪਤਨੀ ਦੇ ਸਿਰ ਵਿੱਚ ਗੋਲੀ ਲੱਗੀ ਹੈ, ਜਦਕਿ ਬੱਚੇ ਦੇ ਲੀਵਰ ਵਿੱਚ ਗੋਲੀ ਲੱਗਣ ਦੀ ਪੁਸ਼ਟੀ ਹੋਈ ਹੈ। ਤਿੰਨਾਂ ਦਾ ਇਲਾਜ ਜਾਰੀ ਹੈ ਅਤੇ ਡਾਕਟਰਾਂ ਵੱਲੋਂ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪਿੰਡ ਵਾਸੀਆਂ ਦੇ ਮੁਤਾਬਕ, ਜਗਸੀਰ ਸਿੰਘ ਕਬੱਡੀ ਖਿਡਾਰੀ ਹੋਣ ਦੇ ਨਾਲ-ਨਾਲ ਆਲੂ ਦੀ ਖੇਤੀ ਵੀ ਕਰਦਾ ਸੀ। ਇਹ ਵੀ ਦੱਸਿਆ ਗਿਆ ਕਿ ਉਸ ਦੇ ਭਰਾ ਦੀ ਲਗਭਗ ਦੋ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਘਰ ਦੀ ਸਾਰੀ ਜ਼ਿੰਮੇਵਾਰੀ ਉਸ ‘ਤੇ ਹੀ ਸੀ। ਹਾਲਾਂਕਿ, ਇਸ ਭਿਆਨਕ ਕਦਮ ਦੇ ਪਿੱਛੇ ਅਸਲ ਕਾਰਨ ਹਾਲੇ ਸਾਹਮਣੇ ਨਹੀਂ ਆਇਆ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਬੂਤ ਇਕੱਠੇ ਕਰ ਲਏ ਹਨ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.