ਤਾਜਾ ਖਬਰਾਂ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦਰਸ਼ਨ ਉਪਰੰਤ ਉਨ੍ਹਾਂ ਨੇ ਕਿਹਾ ਕਿ ਇਹ ਪਾਵਨ ਅਸਥਾਨ ਮਨੁੱਖਤਾ, ਸਮਾਨਤਾ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ ਅਤੇ ਇਥੇ ਆ ਕੇ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ।
ਦਰਬਾਰ ਸਾਹਿਬ ਵਿਖੇ ਮੌਜੂਦ ਅਹੁਦੇਦਾਰਾਂ ਵੱਲੋਂ ਉਨ੍ਹਾਂ ਨੂੰ ਸੂਚਨਾ ਕੇਂਦਰ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਤੀਨਿਧੀਆਂ ਸਮੇਤ ਐੱਸ.ਡੀ.ਐੱਮ. ਲੋਪੋਕੇ ਖੁਸ਼ਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਦੇਸ਼ ਸਮਾਜ ਵਿੱਚ ਬਰਾਬਰੀ ਅਤੇ ਭਾਈਚਾਰੇ ਦੀ ਸੋਚ ਨੂੰ ਮਜ਼ਬੂਤ ਕਰਦੇ ਹਨ, ਪਰ ਅਫ਼ਸੋਸ ਹੈ ਕਿ ਅੱਜ ਵੀ ਕਈ ਥਾਵਾਂ ‘ਤੇ ਜਾਤੀਵਾਦ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਕਮਿਸ਼ਨ ਦੇ ਦਫ਼ਤਰ ਨੂੰ ਲਗਭਗ 3750 ਸ਼ਿਕਾਇਤਾਂ ਜਾਤੀ ਭੇਦਭਾਵ ਨਾਲ ਸੰਬੰਧਿਤ ਮਿਲੀਆਂ ਹਨ, ਜਿਸ ਨਾਲ ਸਮੱਸਿਆ ਦੀ ਗੰਭੀਰਤਾ ਸਪੱਸ਼ਟ ਹੁੰਦੀ ਹੈ।
ਉਨ੍ਹਾਂ ਜ਼ੋਰ ਦਿੱਤਾ ਕਿ ਕਮਿਸ਼ਨ “ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ” ਦੇ ਸਿਧਾਂਤ ਅਨੁਸਾਰ ਜਾਤੀਵਾਦ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਆਪਣੇ ਫਰਜ਼ਾਂ ਦੀ ਨਿਭਾਈ ਵਿੱਚ ਕੋਈ ਕਸਰ ਨਹੀਂ ਛੱਡੇਗਾ।
ਇੱਕ ਸਵਾਲ ਦੇ ਜਵਾਬ ਵਿੱਚ ਗੜ੍ਹੀ ਨੇ ਕਿਹਾ ਕਿ ਕੁਝ ਰਾਜਨੀਤਿਕ ਆਗੂ ਅਜੇ ਵੀ ਜਾਤੀਵਾਦੀ ਸੋਚ ਤੋਂ ਪ੍ਰਭਾਵਿਤ ਹਨ, ਜਿਸ ਕਾਰਨ ਅਕਸਰ ਗਲਤ ਬਿਆਨਬਾਜ਼ੀ ਹੁੰਦੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਅਰਦਾਸ ਕੀਤੀ ਹੈ ਕਿ ਵਾਹਿਗੁਰੂ ਸਮਾਜ ਨੂੰ ਵੰਡਣ ਵਾਲੀ ਸੋਚ ਰੱਖਣ ਵਾਲਿਆਂ ਨੂੰ ਸਹੀ ਰਸਤਾ ਵਿਖਾਏ।
Get all latest content delivered to your email a few times a month.