ਤਾਜਾ ਖਬਰਾਂ
ਚੰਡੀਗੜ੍ਹ, 23 ਫਰਵਰੀ:
ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਰਜਿਸਟਰਡ ਲਾਭਪਾਤਰੀਆਂ ਲਈ ਸਹੂਲਤਾਂ ਦੇ ਵਿਸਥਾਰ ਦੇ ਉਦੇਸ਼ ਨਾਲ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ 'ਮੇਰੀ ਰਸੋਈ' ਯੋਜਨਾ ਸ਼ੁਰੂ ਕਰਨ ਦੇ ਐਲਾਨ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋਕ ਭਲਾਈ ਲਈ ਇਹ ਵੱਡਾ ਕਦਮ ਚੁੱਕਣ ਵਾਸਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਲਾਭਪਾਤਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਉਸਾਰੂ ਪਹਿਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਐਨ.ਐਫ.ਐਸ.ਏ. ਅਧੀਨ 40 ਲੱਖ ਲਾਭਪਾਤਰੀ ਹਨ ਅਤੇ ਹੁਣ ਤੱਕ ਨੀਲੇ ਕਾਰਡ ਧਾਰਕ ਲਾਭਪਾਤਰੀਆਂ ਨੂੰ ਕਣਕ ਹੀ ਦਿੱਤੀ ਜਾਂਦੀ ਰਹੀ ਹੈ, ਪਰ ਮੰਤਰੀ ਮੰਡਲ ਵੱਲੋਂ ਮਨਜ਼ੂਰ ਕੀਤੀ ਗਈ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਇਸ ਯੋਜਨਾ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਹਰ ਤਿੰਨ ਮਹੀਨਿਆਂ ਬਾਅਦ ਲਾਭਪਾਤਰੀਆਂ ਨੂੰ ਵਿਸ਼ੇਸ਼ ਰਾਸ਼ਨ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਸ ਰਾਸ਼ਨ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਯੁਕਤ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਿਲ ਹੋਵੇਗਾ।
Get all latest content delivered to your email a few times a month.